ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਸਰਕਾਰ ਦਾ ਅਹਿਮ ਫ਼ੈਸਲਾ, ਇਸ ਕਿੱਤੇ ਦੀ ਦਿੱਤੀ ਜਾਵੇਗੀ ਸਿਖਲਾਈ

Friday, Jun 16, 2023 - 06:32 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ- ਸਾਰੀ ਰਾਤ ਕੂੜਾ ਫਰੋਲਣ ਮਗਰੋਂ ਹੱਥ ਲੱਗਾ ਇਕ ਕਰੋੜ, ਪਲਾਂ 'ਚ ਬਦਲੀ ਮਾਨਸਾ ਦੇ ਇਸ ਸ਼ਖ਼ਸ ਦੀ ਕਿਸਮਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖ਼ਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ 'ਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਮੰਤਰੀ ਖੁੱਡੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਜਿਵੇਂ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ- ਰਾਹ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ, ਧਾਹਾਂ ਮਾਰ ਰੋਂਦਿਆਂ ਨਹੀਂ ਵੇਖਿਆ ਜਾਂਦਾ ਪਰਿਵਾਰ

ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾ ਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18-45 ਸਾਲ ਅਤੇ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ਉਤੇ 28 ਜੂਨ, 2023 ਨੂੰ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ ‘ਤੇ ਕੀਤੀ ਜਾਵੇਗੀ। ਮੰਤਰੀ ਖੁੱਡੀਆਂ ਨੇ ਅੱਗੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰ. 0172-5027285 'ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News