ਜ਼ਹਿਰੀਲੀ ਸ਼ਰਾਬ ਕਾਰਨ 4 ਮੌਤਾਂ ਦੇ ਮਾਮਲੇ ''ਚ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ, ਬਣਾਈ ਉੱਚ ਪੱਧਰੀ ਜਾਂਚ ਕਮੇਟੀ

03/20/2024 6:39:01 PM

ਸੰਗਰੂਰ/ਚੰਡੀਗੜ੍ਹ (ਵਿਜੈ ਕੁਮਾਰ ਸਿੰਗਲਾ, ਨਿਆਮੀਆਂ) : ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿਖੇ 4 ਲੋਕਾਂ ਦੀ ਗੈਰ-ਕੁਦਰਤੀ ਤੌਰ ’ਤੇ ਹੋਈ ਮੌਤ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਫੌਰੀ ਕਦਮ ਚੁੱਕਦਿਆਂ ਹਾਈ ਪਾਵਰ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਇਨ੍ਹਾਂ ਮੌਤਾਂ ਦੇ ਕਾਰਨਾਂ ਦੀ ਜਾਂਚ ਲਈ ਵੱਖ-ਵੱਖ ਪਹਿਲੂਆਂ ਅਤੇ ਤੱਥਾਂ ਦੇ ਆਧਾਰ ’ਤੇ ਪੜਤਾਲ ਕਰਕੇ ਅਗਲੇ 72 ਘੰਟਿਆਂ 'ਚ ਆਪਣੀ ਰਿਪੋਰਟ ਸੌਂਪੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐੱਸ. ਐੱਸ. ਪੀ. ਸਰਤਾਜ ਸਿੰਘ ਚਹਿਲ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉੱਥੇ ਹੀ ਦੂਜੇ ਪਾਸੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਸ ਅਰਪਿਤ ਸ਼ੁਕਲਾ ਨੇ ਵੀ ਕਿਹਾ ਹੈ ਕਿ ਪੰਜਾਬ ਪੁਲਸ ਨੇ ਇਸ ਬਾਰੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਐੱਸ. ਐੱਸ. ਪੀ. ਚਹਿਲ ਨੇ ਦੱਸਿਆ ਕਿ ਇਸ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਐੱਸ. ਡੀ. ਐੱਮ. ਦਿੜ੍ਹਬਾ ਨੂੰ ਲਗਾਇਆ ਗਿਆ ਹੈ, ਜਦਕਿ ਡੀ. ਐੱਸ. ਪੀ. ਦਿੜ੍ਹਬਾ, ਸੀਨੀਅਰ ਮੈਡੀਕਲ ਅਫ਼ਸਰ ਦਿੜ੍ਹਬਾ ਤੇ ਈ. ਟੀ. ਓ. ਦਿੜ੍ਹਬਾ (ਆਬਕਾਰੀ) ਨੂੰ ਮੈਂਬਰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੱਦ ਹੋਈ UPSC ਦੀ ਪ੍ਰੀਖਿਆ, ਜਾਣੋ ਕੀ ਹੈ ਨਵੀਂ ਤਾਰੀਖ਼

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ, ਐਕਸਾਈਜ਼ ਵਿਭਾਗ, ਪੁਲਸ ਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਿਤ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਇਸ ਦੁਖਾਂਤਕ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ 4 ਲੋਕਾਂ ਦੀ ਹੋਈ ਗੈਰ-ਕੁਦਰਤੀ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਸ਼ਾਸਨ ਨੇ ਫੌਰੀ ਕਾਰਵਾਈ ਕਰਦਿਆਂ ਪਿੰਡ ਗੁੱਜਰਾਂ ਵਿਖੇ ਘਰ-ਘਰ ਸਰਵੇਖਣ ਸ਼ੁਰੂ ਕਰਵਾ ਦਿੱਤਾ ਹੈ ਕਿ ਜੇਕਰ ਕਿਸੇ ਘਰ 'ਚ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੋਣ ਸਬੰਧੀ ਕੋਈ ਲੱਛਣ ਸਾਹਮਣੇ ਆਉਂਦੇ ਹਨ ਤਾਂ ਇਸ ’ਤੇ ਫੌਰੀ ਮੈਡੀਕਲ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ ਤਾਂ ਜੋ ਕੋਈ ਹੋਰ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਅੰਮ੍ਰਿਤਸਰ 'ਚ ਲਗਾਤਾਰ ਚੌਥੀ ਵਾਰ ਚਿਹਰਾ ਬਦਲੇਗੀ ਭਾਜਪਾ, ਕਾਂਗਰਸ ਵੀ ਪਿੱਛੇ ਨਹੀਂ

ਉਨ੍ਹਾਂ ਦੱਸਿਆ ਕਿ ਸਰਵੇਖਣ ਕਰ ਰਹੀਆਂ ਇਨ੍ਹਾਂ ਟੀਮਾਂ ਵਿੱਚ ਸਿਵਲ ਸਰਜਨ ਦਫ਼ਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਪੁਲਸ ਵਿਭਾਗ ਦੇ ਨੁਮਾਇੰਦੇ ਸ਼ਾਮਲ ਹਨ। ਇਸ ਘਟਨਾ ਸਬੰਧੀ ਜ਼ਿਲ੍ਹਾ ਪੁਲਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸਰਤਾਜ ਸਿੰਘ ਚਹਿਲ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਸਬੰਧਤ ਪਿੰਡ ਵਿੱਚ ਪਹੁੰਚੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ-302 ਤਹਿਤ ਕਤਲ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਹਿਲਾਂ ਸੁਖਵਿੰਦਰ ਸਿੰਘ ਸੁੱਖੀ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਫਿਰ ਮਨਪ੍ਰੀਤ ਸਿੰਘ ਮਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਿੰਡ ਗੁੱਜਰਾਂ ਦੇ ਹੀ ਵਸਨੀਕ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ। ਦੱਸਣਯੋਗ ਹੈ ਕਿ ਪਿੰਡ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


 


Babita

Content Editor

Related News