ਸ੍ਰੀ ਅਨੰਦਪੁਰ ਸਾਹਿਬ ’ਚ ਮੀਟ ਦੀ ਵਿਕਰੀ ਬਾਰੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
Tuesday, Mar 03, 2026 - 09:49 AM (IST)
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਗੰਭੀਰ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਫ਼ੈਸਲੇ 'ਚ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ 'ਚ ਮੀਟ ਦੀ ਵਿਕਰੀ ’ਤੇ ਇਸ ਵੇਲੇ ਕੋਈ ਪਾਬੰਦੀ ਨਹੀਂ ਹੈ। ਜਦੋਂ ਤੱਕ ਸਮਰੱਥ ਅਧਿਕਾਰੀ ਵੱਲੋਂ ਪਾਬੰਦੀ ਸਬੰਧੀ ਰਸਮੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵਿਕਰੀ ਨਹੀਂ ਰੋਕੀ ਜਾ ਸਕਦੀ। ਸ੍ਰੀ ਅਨੰਦਪੁਰ ਸਾਹਿਬ 'ਚ ਮੀਟ ਅਤੇ ਮੀਟ ਉਤਪਾਦਾਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਪੰਜਾਬ ਸਰਕਾਰ ਦੇ 15 ਦਸੰਬਰ 2025 ਦੇ ਹੁਕਮ ਨੂੰ ਛੋਟੇ ਵਪਾਰੀਆਂ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ। ਦੱਸਣਯੋਗ ਹੈ ਕਿ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਤਿੰਨ ਰੋਜ਼ਾ ਸਾਲਾਨਾ ਕੌਮੀ ਤਿਉਹਾਰ ‘ਹੋਲਾ-ਮਹੱਲਾ’ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਹੈ। ਮੇਲੇ ਦੇ ਪਹਿਲੇ ਹੀ ਦਿਨ ਦੇਸ਼-ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਇੱਥੇ ਸਥਿਤ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ’ਚ ਹਾਜ਼ਰੀ ਭਰੀ।
ਇਹ ਵੀ ਪੜ੍ਹੋ : ਸਟਾਫ਼ ਸਾਵਧਾਨ! ਹੁਣ ਕੱਟੀ ਜਾਵੇਗੀ ਅੱਧੇ ਦਿਨ ਦੀ ਛੁੱਟੀ, ਮੁਲਾਜ਼ਮਾਂ ਦੀ ਹਾਜ਼ਰੀ ਬਾਰੇ PGI ਦਾ ਵੱਡਾ ਫ਼ੈਸਲਾ
ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ
ਇਸ ਵਾਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸੁਰੱਖਿਆ ਲਈ ਬੇਹੱਦ ਸਖ਼ਤ ਅਤੇ ਸੁਚੱਜੇ ਇੰਤਜ਼ਾਮ ਕੀਤੇ ਗਏ ਹਨ। ਸ਼ਹਿਰ ਨੂੰ ਜਾਮ ਤੋਂ ਮੁਕਤ ਰੱਖਣ ਲਈ ਇਸ ਵਾਰ ‘ਟਰਾਲੀ ਸਿਟੀ’ ਦਾ ਨਿਰਮਾਣ ਕੀਤਾ ਗਿਆ ਹੈ, ਜਿੱਥੇ ਸ਼ਰਧਾਲੂਆਂ ਦੀਆਂ ਟਰਾਲੀਆਂ ਨੂੰ ਸ਼ਹਿਰ ਤੋਂ ਬਾਹਰ ਹੀ ਰੋਕਿਆ ਜਾ ਰਿਹਾ ਹੈ। ਪੁਲਸ ਪ੍ਰਸ਼ਾਸਨ ਨੇ ਪਿਛਲੇ ਸਾਲਾਂ ’ਚ ਲੱਗਣ ਵਾਲੇ ਭਾਰੀ ਜਾਮ ਤੋਂ ਸਬਕ ਲੈਂਦਿਆਂ, ਇਸ ਵਾਰ ਗਲੀਆਂ ’ਚ ਵਾਹਨਾਂ ਦੇ ਦਾਖ਼ਲੇ ’ਤੇ ਸਖ਼ਤੀ ਕੀਤੀ ਗਈ ਹੈ। ਮੰਗਤਿਆਂ ਦੇ ਸ਼ਹਿਰ ’ਚ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਲਾਈ ਗਈ ਹੈ ਤਾਂ ਜੋ ਸੰਗਤਾਂ ਨੂੰ ਪਰੇਸ਼ਾਨੀ ਨਾ ਹੋਵੇ। ਸ਼ਹਿਰ ਨਿਵਾਸੀਆਂ ਨੇ ਵੀ ਪ੍ਰਸ਼ਾਸਨ ਦੇ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ ਕਿਉਂਕਿ ਇਸ ਵਾਰ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ’ਚ ਕੋਈ ਦਿੱਕਤ ਪੇਸ਼ ਨਹੀਂ ਆ ਰਹੀ।
ਇਹ ਵੀ ਪੜ੍ਹੋ : ਹੋਲੀ ਵਾਲੇ ਦਿਨ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਚੰਡੀਗੜ੍ਹ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਦਾ ਤਾਲਮੇਲ
ਇਸ ਵਾਰ ਸਿਵਲ ਪ੍ਰਸ਼ਾਸਨ, ਪੁਲਸ ਅਤੇ ਸ਼੍ਰੋਮਣੀ ਕਮੇਟੀ ਦੇ ਸਾਂਝੇ ਤਾਲਮੇਲ ਸਦਕਾ ਪਹਿਲੇ ਦਿਨ ਦਾ ਸਮਾਗਮ ਬਹੁਤ ਹੀ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ। ਆਉਣ ਵਾਲੇ ਦੋ ਦਿਨਾਂ ’ਚ ਸ਼ਰਧਾਲੂਆਂ ਦੀ ਗਿਣਤੀ ਹੋਰ ਵੱਧਣ ਦੀ ਸੰਭਾਵਨਾ ਹੈ, ਜਿਸ ਨੂੰ ਮੁੱਖ ਰੱਖਦਿਆਂ ਪ੍ਰਬੰਧਾਂ ਨੂੰ ਹੋਰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਡੀ. ਐੱਸ. ਪੀ. ਜਸ਼ਨਦੀਪ ਸਿੰਘ ਨੇ ਦੱਸਿਆ ਕਿ ਮੇਲਾ ਖੇਤਰ ’ਚ ਕਰੀਬ 5000 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
