ਪੰਜਾਬ 'ਚ ਗਰਭਵਤੀ ਔਰਤਾਂ ਨੂੰ ਲੈ ਕੇ ਸਰਕਾਰ ਦਾ ਅਹਿਮ ਫ਼ੈਸਲਾ, ਜਾਰੀ ਕੀਤੇ ਗਏ ਹੁਕਮ
Thursday, Oct 05, 2023 - 09:52 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਸੂਬੇ 'ਚ ਲਿੰਗ ਅਨੁਪਾਤ 'ਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐੱਮ. ਪੀ. ਐੱਚ. ਡਬਲਿਊ.), ਕਮਿਊਨਿਟੀ ਹੈਲਥ ਅਫ਼ਸਰਾਂ ਦਾ ਇੱਕ ਨੈੱਟਵਰਕ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਉਹ ਪਿੰਡਾਂ ਦੀਆਂ ਗਰਭਵਤੀ ਔਰਤਾਂ ਦਾ ਗਰਭਕਾਲ ਤੋਂ ਜਣੇਪੇ ਤੱਕ ਟਰੈਕ ਰੱਖਣ। ਸਿਹਤ ਮੰਤਰੀ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਪੀ. ਸੀ.-ਪੀ. ਐੱਨ. ਡੀ. ਟੀ. ਐਕਟ ਬਾਰੇ ਦੋ ਰੋਜ਼ਾ ਕਪੈਸਿਟੀ ਬਿਲਡਿੰਗ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਵਰਕਸ਼ਾਪ 'ਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਜ਼ਿਲ੍ਹਾ ਅਟਾਰਨੀ ਅਤੇ ਜ਼ਿਲ੍ਹਾ ਪੀ. ਐੱਨ. ਡੀ. ਟੀ. ਕੋਆਰਡੀਨੇਟਰਾਂ ਨੇ ਹਿੱਸਾ ਲਿਆ। ਇਸ ਨਜਾਇਜ਼ ਕਾਰਵਾਈ ਬਾਬਤ ਦੋ ਜਾਂ ਤਿੰਨ ਜੀਵਤ ਧੀਆਂ ਵਾਲੇ ਜੋੜਿਆਂ ’ਤੇ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ, ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦਾ ਟਰੈਕ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਭ ਅਵਸਥਾ ਦੌਰਾਨ ਕਿਸੇ ਵੀ ਨਜਾਇਜ਼ ਗਤੀਵਿਧੀ ਬਾਰੇ ਸਿਹਤ ਵਿਭਾਗ ਨੂੰ ਪਤਾ ਲੱਗ ਸਕੇ ਅਤੇ ਗਰਭਪਾਤ ਜਿਹੇ ਨਜਾਇਜ਼ ਅਮਲ ਨੂੰ ਠੱਲ੍ਹ ਪਾਈ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਮਿਲਣ ਵਾਲੀ ਹੈ ਇਹ ਸਹੂਲਤ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਸਖ਼ਤ ਯਤਨ ਕਰ ਰਹੀ ਹੈ। ਸਮਾਜ ਨੂੰ ਅੱਗੇ ਤੋਰਨ 'ਚ ਔਰਤਾਂ ਵਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫ਼ਲਤਾ ਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦੀਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ 'ਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਅਧਿਕਾਰੀਆਂ ਨੂੰ ਵੀ ਇਨਾਮ ਦੇਵਾਂਗੇ ਜਿਨ੍ਹਾਂ ਦੇ ਅਧਿਕਾਰ ਖੇਤਰ 'ਚ ਲਿੰਗ ਅਨੁਪਾਤ ’ਚ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੱਥੇ ਤੋਂ ਕੰਨਿਆ ਭਰੂਣ ਹੱਤਿਆ ਦਾ ਧੱਬਾ ਹਟਾਉਣ 'ਚ ਮਦਦ ਕਰਨ ਲਈ ਉਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ। ਡਾ. ਬਲਬੀਰ ਸਿੰਘ ਨੇ ਪ੍ਰੀ-ਕੰਸੇਪਸ਼ਨ ਤਕਨੀਕਾਂ ਦੀ ਵਰਤੋਂ ਕਰ ਕੇ ਲਿੰਗ ਨਿਰਧਾਰਣ ਕਰਨ ਵਾਲੇ ਏ. ਆਰ. ਟੀ. ਜਾਂ ਆਈ. ਵੀ. ਐੱਫ. ਸੈਂਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਰਾਜ ਦੇ ਸਿਹਤ ਅਧਿਕਾਰੀਆਂ ਨੂੰ ਇਸ ਦਿਸ਼ਾ 'ਚ ਸਰਗਰਮੀਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਸਿਹਤ-ਕਮ-ਐੱਮ. ਡੀ. ਐੱਨ. ਐੱਚ. ਐੱਮ. ਸਕੱਤਰ ਡਾਕਟਰ ਅਭਿਨਵ ਤ੍ਰਿਖਾ ਨੇ ਕਿਹਾ ਕਿ ਕਿਸੇ ਨੂੰ ਵੀ ਅਣਜੰਮੀ ਬੱਚੀ ਤੋਂ ਉਸਦੇ ਹਿੱਸੇ ਦੇ ਬਣਦੇ ਅਧਿਕਾਰ ਖੋਹਣ ਦਾ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਤੇਜ਼ੀ ਨਾਲ ਵੱਧ ਰਹੀ ਇਹ ਬੀਮਾਰੀ, Alert 'ਤੇ ਸਿਹਤ ਵਿਭਾਗ
ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਿਰਫ਼ ਸਿਹਤ ਦਾ ਮੁੱਦਾ ਹੀ ਨਹੀਂ, ਸਗੋਂ ਇੱਕ ਸਮਾਜਿਕ ਮਸਲਾ ਹੈ, ਜਿਸ ਨੂੰ ਬਹੁ-ਖੇਤਰੀ ਪਹੁੰਚ ਨਾਲ ਨਜਿੱਠਣ ਦੀ ਲੋੜ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਜਨ ਜਾਗਰੂਕਤਾ ਰਾਹੀਂ ਲੋਕਾਂ ਦੀ ਮਾਨਸਿਕਤਾ ਨੂੰ ਬਦਲ ਕੇ ਇਸ ਨੂੰ ਸਮਾਜਿਕ ਲਹਿਰ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਸਿਹਤ ਮੰਤਰੀ ਨੂੰ ਪੰਜਾਬ 'ਚ ਲਿੰਗ ਅਨੁਪਾਤ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਪੀ. ਐੱਨ. ਡੀ. ਟੀ. 'ਚ ਭਾਰਤ ਸਰਕਾਰ ਦੇ ਸਲਾਹਕਾਰ, ਇਫ਼ਤ ਹਾਮਿਦ ਨੇ ਪ੍ਰਤੀਭਾਗੀਆਂ ਨੂੰ ਪੀ. ਸੀ.-ਪੀ. ਐੱਨ. ਡੀ. ਟੀ. ਐਕਟ ਦੇ ਕਾਨੂੰਨੀ ਅਤੇ ਸੰਚਾਲਨ ਪਹਿਲੂਆਂ ਨਾਲ ਸਬੰਧਿਤ ਕਾਨੂੰਨਾਂ ਦੀ ਵਿਸ਼ਲੇਸ਼ਣਾਤਮਕ ਜਾਣਕਾਰੀ ਰਾਹੀਂ ਸਿਖਲਾਈ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਅਫ਼ਸਰ ਪੀ. ਐੱਨ. ਡੀ. ਟੀ. ਡਾ. ਵਿਨੀਤ ਨਾਗਪਾਲ ਅਤੇ ਡੀ. ਐੱਫ. ਡਬਲਿਊ. ਓ. ਪਟਿਆਲਾ-ਕਮ-ਸਟੇਟ ਟ੍ਰੇਨਰ ਡਾ. ਸੁਖਵਿੰਦਰਜੀਤ ਸਿੰਘ ਨੇ ਪ੍ਰਤੀਭਾਗੀਆਂ ਨੂੰ ਮਿਆਰੀ ਸੰਚਾਲਨ ਦਿਸ਼ਾ-ਨਿਰਦੇਸ਼ਾਂ ਅਤੇ ਢੁੱਕਵੀਆਂ ਅਥਾਰਟੀਆਂ ਲਈ ਢੁੱਕਵੇਂ ਜ਼ਾਬਤੇ ਬਾਰੇ ਚਾਨਣਾ ਪਾਇਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8