ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਹਿਮ ਫੈਸਲਿਆਂ ’ਤੇ ਮੋਹਰ

06/18/2021 7:05:36 PM

ਅੰਮਿ੍ਰਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਇਤਿਹਾਸਕ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਕਰਕੇ ਸੰਭਾਲਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਵੀ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਉੱਪਰ ਵਾਲੇ ਕਮਰਿਆਂ ਦੀ ਥਾਂ ਆਟਾ ਮੰਡੀ ਦਰਵਾਜ਼ੇ ਦੇ ਸਾਹਮਣੇ ਬਣਾਈਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਅੱਜ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਲਿਆ ਗਿਆ ਹੈ। ਇਕੱਤਰਤਾ ਮਗਰੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰਪੁਰਬਾਂ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਾਂਦੇ ਜਲੌ ਦੀਆਂ ਇਤਿਹਾਸਕ ਵਸਤਾਂ ਜੋ ਤੋਸ਼ਾਖਾਨਾ ਵਿਚ ਸੁਰੱਖਿਅਤ ਹਨ, ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰ ਕੇ ਸੰਭਾਲੀ ਜਾਵੇਗੀ। ਇਸ ਤੋਂ ਇਲਾਵਾ ਤੋਸ਼ਾਖਾਨਾ ਨੂੰ ਵੀ ਆਧੁਨਿਕ ਤਕਨੀਕ ਨਾਲ ਨਵਿਆਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਗ੍ਰੰਥੀ ਸਿੰਘ ਸਾਹਿਬਾਨ ਦੀਆਂ ਰਿਹਾਇਸ਼ਾਂ ਪਰਕਰਮਾਂ ਤੋਂ ਬਾਹਰ ਕਰਨ ਲਈ ਵਿਸ਼ੇਸ਼ ਕੁਆਰਟਰ ਤਿਆਰ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਆਟਾ ਮੰਡੀ ਦਰਵਾਜ਼ੇ ਦੇ ਸਾਹਮਣੇ ਵਾਲੀ ਜਗ੍ਹਾ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ 'ਚ ਕਰੇਗੀ ਸੋਧ

ਦਵਾਈਆਂ ਦਾ ਸਟੋਰ ਖੋਲਿ੍ਹਆ ਜਾਵੇਗਾ
ਬੀਬੀ ਜਗੀਰ ਕੌਰ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਜਲਦ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਜੈਨਰਿਕ ਦਵਾਈਆਂ ਦਾ ਸਟੋਰ ਖੋਲਿ੍ਹਆ ਜਾਵੇਗਾ ਤਾਂ ਜੋ ਲੋੜਵੰਦ ਅਤੇ ਗਰੀਬ ਲੋਕ ਲਾਗਤ ਕੀਮਤ ’ਤੇ ਦਵਾਈਆਂ ਪ੍ਰਾਪਤ ਕਰ ਸਕਣ। ਫਿਲਹਾਲ ਇਹ ਸਟੋਰ ਸ੍ਰੀ ਦਰਬਾਰ ਸਾਹਿਬ ਵਿਖੇ ਖੋਲਿ੍ਹਆ ਜਾਵੇਗਾ ਅਤੇ ਬਾਅਦ ਵਿਚ ਤਖ਼ਤ ਸਾਹਿਬਾਨ ਅਤੇ ਹੋਰ ਗੁਰਦੁਆਰਿਆਂ ਵਿਚ ਵੀ ਸਥਾਪਿਤ ਹੋਣਗੇ। ਇਨ੍ਹਾਂ ਸਟੋਰਾਂ ਦੇ ਨਾਲ ਲੈਬਾਰਟਰੀਆਂ ਵੀ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅੰਤਿ੍ਰੰਗ ਕਮੇਟੀ ਨੇ ਕਿਸੇ ਵੀ ਅਨੈਤਿਕ ਕੁਕਰਮ ਵਿਚ ਫਸੇ ਮੁਲਾਜ਼ਮ ਨੂੰ ਫੌਰੀ ਤੌਰ ’ਤੇ ਫਾਰਗ ਕਰਨ ਦਾ ਫੈਸਲਾ ਵੀ ਕੀਤਾ ਹੈ।

PunjabKesari

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਕੁਝ ਮੁਲਾਜ਼ਮਾਂ ਵੱਲੋਂ ਕੀਤੀ ਗਈ ਅਨੈਤਿਕ ਕਾਰਵਾਈ ਮਗਰੋਂ ਦੋਸ਼ੀ ਮੁਲਾਜ਼ਮ ਫਾਰਗ ਕੀਤੇ ਗਏ ਹਨ ਅਤੇ ਅੱਗੇ ਤੋਂ ਪੱਕਾ ਨਿਯਮ ਬਣਾ ਦਿੱਤਾ ਗਿਆ ਹੈ ਕਿ ਜੋ ਵੀ ਮੁਲਾਜ਼ਮ ਅਨੈਤਿਕ ਕਾਰਵਾਈ ਅਤੇ ਨਸ਼ਾਖੋਰੀ ਆਦਿ ਵਿਚ ਦੋਸ਼ੀ ਪਾਇਆ ਗਿਆ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਮੁਲਾਜ਼ਮ ਨੂੰ ਗੁਰਦੁਆਰਾ ਪ੍ਰਬੰਧ ਵਿਚ ਰਹਿਣ ਦਾ ਕੋਈ ਹੱਕ ਨਹੀਂ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜ਼ਿੰਮੇਵਾਰ ਪਦਵੀਆਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਜਿਨ੍ਹਾਂ ਦਾ ਸਮਾਂ ਇਕ ਥਾਂ ’ਤੇ 2 ਸਾਲ ਤੋਂ ਵੱਧ ਹੋ ਗਿਆ ਹੈ, ਉਨ੍ਹਾਂ ਨੂੰ ਤਬਦੀਲੀਆਂ ਕੀਤੀਆਂ ਜਾਣਗੀਆਂ, ਤਾਂ ਜੋ ਪ੍ਰਬੰਧ ਚੁਸਤ ਦਰੁੱਸਤ ਰਹਿ ਸਕੇ।

ਇਹ ਵੀ ਪੜ੍ਹੋ :  ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤਿ੍ਰੰਗ ਕਮੇਟੀ ਨੇ ਐੱਸ. ਐੱਸ. ਕੋਹਲੀ ਐਸੋਸੀਏਟ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਵੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੀਏ ਕੋਹਲੀ ਨੇ ਸੰਸਥਾ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ, ਜਿਸ ਦੇ ਚੱਲਦਿਆਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਦਾ ਲਾਇਸੈਂਸ ਰੱਦ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੈਕਸ਼ਨ 87 ਦੇ 35 ਗੁਰਦੁਆਰੇ ਸੈਕਸ਼ਨ 85 ਵਿਚ ਲਿਆਉਣ ਲਈ ਭਾਰਤ ਸਰਕਾਰ ਨੂੰ ਲਿਖਿਆ ਗਿਆ ਸੀ ਪਰ ਸਰਕਾਰ ਨੇ ਅਜੇ ਤੀਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਨੂੰ ਮੁੜ ਲਿਖਿਆ ਜਾਵੇਗਾ, ਤਾਂ ਜੋ ਇਨ੍ਹਾਂ ਗੁਰਦੁਆਰਿਆਂ ਦੀ ਸੇਵਾ-ਸੰਭਾਲ ਸ਼੍ਰੋਮਣੀ ਕਮੇਟੀ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾ ਸਕੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਦੇ ਸੇਵਾਦਾਰਾਂ ਅਤੇ ਹੋਰ ਕਰਮਚਾਰੀਆਂ ਨੂੰ ਸੇਵਾ ਸੰਭਾਲ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਲਈ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਤੇ ਨਿਊਟ੍ਰੇਸ਼ਨ ਗੁਰਦਾਸਪੁਰ ਦਾ ਸਹਿਯੋਗ ਲਿਆ ਜਾਵੇਗਾ। ਇਸ ਸੰਸਥਾ ਵਿਚ ਵਾਰੀ ਸਿਰ ਸੇਵਾਦਾਰਾਂ ਨੂੰ ਭੇਜਿਆ ਜਾਵੇਗਾ, ਜਿਥੇ ਉਹ ਟ੍ਰੇਨਿੰਗ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਲਈ ਨਵੀਆਂ ਸਰਾਵਾਂ ਵੀ ਜਲਦ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਇਤਿਹਾਸਕ ਖੂਹ ਦੀ ਸਾਫ਼ ਸਫਾਈ ਅਤੇ ਲੋੜ ਅਨੁਸਾਰ ਮੁਰੰਮਤ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਅਤੇ ਹੋਰ ਅਦਾਰਿਆਂ ਦੀਆਂ ਜ਼ਮੀਨਾਂ ਦੇ ਮੁਲਾਂਕਣ ਲਈ ਰੈਵੀਨਿਊ ਕਮੇਟੀ ਬਣਾਈ ਗਈ ਹੈ, ਜੋ ਜਾਇਦਾਦਾਂ ਦੇ ਮਾਮਲਿਆਂ ਦਾ ਸਰਲੀਕਰਨ ਕਰਨ ਲਈ ਆਪਣੀ ਰਿਪੋਰਟ ਦੇਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ, ਰਾਜਕੁਮਾਰ ਵੇਰਕਾ ਨਾਲ ਕੀਤੀ ਮੁਲਾਕਾਤ

ਇਸ ਮੌਕੇ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ ਸੋਲਰ ਸਿਸਟਮ ਲਗਾਉਣ ਲਈ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦਾ ਧੰਨਵਾਦ ਕੀਤਾ ਅਤੇ ਜਲਦ ਹੀ ਭਾਫ਼ ਵਿਧੀ ਰਾਹੀਂ ਰਸੋਈ ਤਿਆਰ ਕਰਨ ਦੀ ਵਚਨਬੱਧਤਾ ਪ੍ਰਗਟਾਈ। ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਕੋਰੋਨਾ ਵੈਕਸੀਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਆਪਣੀ ਸੇਵਾ ਨਿਭਾਅ ਰਹੀ ਹੈ ਅਤੇ ਇਸੇ ਤਹਿਤ ਭਲਕੇ 19 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਸ਼ੁਰੂ ਕੀਤਾ ਜਾਵੇਗਾ। ਇਸੇ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹੇ ਗਏ ਅਤੇ ਵਿਛੜੀਆਂ ਰੂਹਾਂ ਨੂੰ ਮੂਲਮੰਤਰ ਦਾ ਪਾਠ ਕਰਕੇ ਸ਼ਰਧਾਜ਼ਲੀ ਦਿੱਤੀ ਗਈ। ਇਸ ਦੇ ਨਾਲ ਹੀ ਬੀਤੇ ਸਮੇਂ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਵੀ ਪ੍ਰਵਾਨ ਕੀਤਾ ਗਿਆ। 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News