ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਨੂੰ ਉੱਚ ਮਿਆਰੀ ਦਾ ਬਣਾਉਣ ਲਈ ਲੈ ਰਹੀ ਅਹਿਮ ਫੈਸਲੇ

07/28/2017 6:13:33 AM

ਮਾਨਸਾ/ਅੰਮ੍ਰਿਤਸਰ/ਫਤਿਹਗੜ੍ਹ ਸਾਹਿਬ  (ਸੰਦੀਪ ਮਿੱਤਲ, ਦੀਪਕ, ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਮੁਹਿੰਮ ਨੂੰ ਦੇਸ਼ ਵਿਆਪੀ ਲਹਿਰ ਬਣਾਉਣ ਦੇ ਨਾਲ-ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ 'ਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਹੋਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਦੇ ਖੇਤਰ 'ਚ ਵਡਮੁੱਲਾ ਯੋਗਦਾਨ ਪਾਉਣ ਲਈ ਅਹਿਮ ਫੈਸਲੇ ਲੈ ਰਹੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਸਿੱਖਿਆ ਨੂੰ ਹੋਰ ਮਿਆਰੀ ਦਾ ਬਣਾਉਣ ਲਈ ਸਥਾਈ ਤੌਰ 'ਤੇ ਡਾਇਰੈਕਟੋਰੇਟ ਬਣਾਉਣ ਦਾ ਫੈਸਲਾ ਕਰਨ ਜਾ ਰਹੀ ਹੈ ਤਾਂ ਜੋ ਸਕੂਲਾਂ-ਕਾਲਜਾਂ 'ਚ ਵਿੱਦਿਆ ਨੂੰ ਹੋਰ ਮਿਆਰੀ ਬਣਾਇਆ ਜਾ ਸਕੇ। ਇਸ ਦੌਰਾਨ ਪ੍ਰੋ. ਬਡੂੰਗਰ ਨੇ ਆਪਣੀਆਂ ਹੱਥ ਲਿਖਤ 6 ਪੁਸਤਕਾਂ ਦਾ ਸੈੱਟ ਵੀ ਕਾਲਜ ਦੀ ਲਾਇਬ੍ਰੇਰੀ ਨੂੰ ਭੇਟ ਕੀਤਾ। ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੇ ਨਾਲ-ਨਾਲ ਕਾਲਜ ਵੱਲੋਂ ਛਪਵਾਈਆਂ ਗਈਆਂ ਪੁਸਤਕਾਂ ਨੂੰ ਵੀ ਰਿਲੀਜ਼ ਕੀਤਾ ਗਿਆ। ਸਮਾਗਮ ਦੌਰਾਨ ਕਾਲਜ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਨਾਜਰ ਸਿੰਘ ਮਾਨਸ਼ਾਹੀਆਂ ਵਿਧਾਇਕ, ਕਾਂਗਰਸ ਹਲਕਾ ਸੇਵਾਦਾਰ ਡਾ. ਮਨੋਜ ਬਾਲਾ ਬਾਂਸਲ, ਗੁਰਪ੍ਰੀਤ ਕੌਰ ਗਾਗੋਵਾਲ, ਕਾਲਜ ਪ੍ਰਿੰਸੀਪਲ ਡਾ. ਬਰਿੰਦਰ ਕੌਰ, ਐੱਸ.ਜੀ.ਪੀ.ਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ,  ਮਿੱਠੂ ਸਿੰਘ ਕਾਹਨੇਕੇ, ਸੁਰਜੀਤ ਸਿੰਘ ਰਾਏਪੁਰ, ਅਕਾਲੀ ਦਲ ਦੀ ਜ਼ਿਲਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ ਕਮੇਟੀ, ਮਨਜੀਤ ਕੌਰ ਔਲਖ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਮੈਨੇਜਰ ਜਗਜੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ, ਅਕਾਲੀ ਆਗੂ ਦਰਸ਼ਨ ਮੰਡੇਰ ਆਦਿ ਹਾਜ਼ਰ ਸਨ।


Related News