ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਫ਼ੈਸਲਾ ਲੈਣ ਦੀ ਤਿਆਰੀ ਸਰਕਾਰ

Friday, Mar 08, 2024 - 06:39 PM (IST)

ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਲੈ ਕੇ ਅਹਿਮ ਖ਼ਬਰ, ਵੱਡਾ ਫ਼ੈਸਲਾ ਲੈਣ ਦੀ ਤਿਆਰੀ ਸਰਕਾਰ

ਖਰੜ (ਗਗਨਦੀਪ) : ਪਿਛਲੀਆਂ ਸਰਕਾਰਾਂ ਵਲੋਂ ਭਾਵੇਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜ਼ਾ ਦੇਣ ਦੀਆਂ ਬਹੁਤ ਦੇਰ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਹੁਣ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਲੈ ਕੇ ਸਰਕਾਰ ਵਲੋਂ ਵਿਭਾਗਾਂ ਨੂੰ ਪੱਤਰ ਲਿਖ ਕੇ ਵਿਭਾਗਾਂ ਤੋਂ ਰਿਪੋਰਟਾਂ ਮੰਗਵਾਈਆਂ ਜਾ ਰਹੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ, ਨੂਰਪੁਰਬੇਦੀ, ਪੋਸਟ ਮਾਸਟਰ ਸ੍ਰੀ ਅਨੰਦਪੁਰ ਸਾਹਿਬ ਨੂੰ ਪੱਤਰ ਲਿਖਿਆ ਗਿਆ ਜਿਸ ਵਿਚ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਸਬੰਧੀ ਤਜਵੀਜ਼ ਵਿਚਾਰ ਅਧੀਨ ਹੈ ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਥਾਪਤ ਪੁਨਰਗਠਨ ਕਮੇਟੀ ਦੀ ਰਿਪੋਰਟ ਦੇ ਨੁਕਤੇ ਦੇ ਆਧਾਰ ’ਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਤਾਜੇ ਮਤਿਆਂ, ਕਾਨੂਗੋਈਆਂ ਦੀਆਂ ਹੱਦਾਂ ਸਮੇਤ ਮੁਕੰਮਲ ਵੇਰਵੇ ਨਿਰਧਾਰਿਤ ਪ੍ਰੋਫਾਰਮੇ ਵਿਚ ਭਰ ਕੇ ਭੇਜੇ ਜਾਣ।

ਇਹ ਵੀ ਪੜ੍ਹੋ : ਪੰਜਾਬ ’ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਰਹਿਣਗੇ ਬੰਦ

ਇੱਥੇ ਦੱਸਣਯੋਗ ਹੈ ਕਿ ਸਰਕਾਰ ਵਲੋਂ ਜੇਕਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕੀਤਾ ਜਾਂਦਾ ਹੈ ਤਾਂ ਜ਼ਿਲ੍ਹਾ ਰੂਪਨਗਰ ਦਾ ਆਕਾਰ ਪਹਿਲਾਂ ਨਾਲੋਂ ਕਾਫੀ ਘੱਟ ਜਾਵੇਗਾ ਕਿਉਂਕਿ ਸਾਲ 2006 ਵਿਚ ਕਾਂਗਰਸ ਸਰਕਾਰ ਵਲੋਂ ਜ਼ਿਲ੍ਹਾ ਰੂਪਨਗਰ ਵਿਚੋਂ ਖਰੜ, ਮੋਹਾਲੀ ਤਹਿਸੀਲਾਂ ਅਤੇ ਜ਼ਿਲ੍ਹਾ ਪਟਿਆਲਾ ਵਿਚੋਂ ਡੇਰਾਬੱਸੀ ਤਹਿਸੀਲ ਨੂੰ ਕੱਢ ਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪੁਨਗਠਨ ਕਰਦੇ ਹੋਏ ਨਵਾਂ ਜ਼ਿਲ੍ਹਾ ਬਣਾ ਦਿੱਤਾ ਗਿਆ ਸੀ। ਅਜਿਹੇ ਵਿਚ ਕੀ ਹੁਣ ਇਕ ਵਾਰ ਫਿਰ ਤੋਂ ਸ਼ਹਿਰਾਂ ਅਤੇ ਪਿੰਡਾ ਦੀ ਜੋੜ ਤੋੜ ਕੀਤੀ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਕਾਰ ਕੁਰਾਲੀ ਸ਼ਹਿਰ ਅਤੇ ਘੜੂੰਆਂ ਕਾਨੂੰਗੋਈ ਦੇ ਪਿੰਡਾਂ ਨੂੰ ਮੁੜ ਤੋਂ ਰੂਪਨਗਰ ਜ਼ਿਲ੍ਹੇ ਵਿਚ ਸ਼ਾਮਿਲ ਕਰ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ

ਇਸ ਸਬੰਧੀ ਬੋਲਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਤ੍ਰਿਪੜੀ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਤ੍ਰਿਪੜੀ ਸਮੇਤ ਹੋਰਨਾਂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਕੁਰਾਲੀ ਅਤੇ ਘੜੂੰਆਂ ਕਾਨੂੰਗੋਈ ਦੇ ਪਿੰਡਾਂ ਨੂੰ ਜ਼ਿਲ੍ਹਾ ਰੂਪਨਗਰ ਵਿਚ ਸ਼ਾਮਿਲ ਕੀਤਾ ਗਿਆ ਤਾਂ ਉਹ ਇਸਦਾ ਡੱਟ ਕੇ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੱਦ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਿਆਂ ਦਾ ਪੁਨਰਗਠਨ ਕੀਤਾ ਗਿਆ ਸੀ ਤਾਂ ਉਸ ਸਮੇਂ ਖਰੜ ਤਹਿਸੀਲ ਦੀ ਘੜੂੰਆਂ ਕਾਨੂੰਗੋ ਸਰਕਲ ਦੇ ਪਿੰਡਾਂ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਸ਼ਾਮਿਲ ਕਰ ਦਿੱਤਾ ਗਿਆ, ਜਦੋਂ ਕਿ ਇਹ ਪਿੰਡ ਜ਼ਿਲ੍ਹਾ ਮੋਹਾਲੀ ਵਿਚ ਹੁੰਦੇ ਹੋਏ ਵਿਧਾਨ ਸਭਾ ਹਲਕਾ ਖਰੜ ਵਿਚ ਰਹਿਣਾ ਚਾਹੀਦਾ ਸੀ, ਪਰ ਕੁਝ ਰਾਜਨੀਤਿਕ ਆਗੂਆਂ ਦੇ ਦਬਾਅ ਕਾਰਨ ਘੜੂੰਆਂ ਕਾਨੂੰਗੋ ਸਰਕਲ ਦੇ ਪਿੰਡਾਂ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਚ ਸ਼ਾਮਿਲ ਕਰਵਾ ਦਿੱਤਾ ਗਿਆ ਸੀ, ਜਿਸਦਾ ਸੰਤਾਪ 35 ਪਿੰਡਾਂ ਦੇ ਲੋਕ ਹਾਲੇ ਤੱਕ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ ਹੋਰ ਜ਼ਿਲੇ ਵਿਚ ਸ਼ਾਮਿਲ ਕਰਨ ’ਤੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸਦੀ ਸਿੱਧੀ ਤੌਰ ’ਤੇ ਜ਼ਿੰਮੇਵਾਰ ਸੂਬਾ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਪੋਸਟ ਮਾਰਟਮ ਰਿਪੋਰਟ ’ਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News