ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
Friday, Sep 06, 2024 - 11:53 AM (IST)
ਚੰਡੀਗੜ੍ਹ/ਜਲੰਧਰ (ਨਵਿੰਦਰ, ਧਵਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਨਵੀਂ ਖੇਤੀ ਨੀਤੀ ਇਸ ਦਿਸ਼ਾ ਵਿਚ ਇਕ ਹਾਂ-ਪੱਖੀ ਪਹਿਲਕਦਮੀ ਹੋਵੇਗੀ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਹੈ ਪਰ ਇਸ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਖਰੜਾ ਕਿਸਾਨਾਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਨੀਤੀ ਬਾਰੇ ਉਨ੍ਹਾਂ ਦੇ ਸੁਝਾਅ ਮੰਗੇ ਜਾਣਗੇ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਸੁਝਾਵਾਂ ਨੂੰ ਨੀਤੀ ’ਚ ਸ਼ਾਮਲ ਕੀਤਾ ਜਾਵੇਗਾ, ਕਿਉਂਕਿ ਸੂਬਾ ਸਰਕਾਰ ਕਿਸਾਨਾਂ ’ਤੇ ਕੁਝ ਵੀ ਥੋਪਣਾ ਨਹੀਂ ਚਾਹੁੰਦੀ, ਸਗੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਜੇ ਤੁਸੀਂ ਵੀ ਹੋ ਕੇਕ-ਬਰਗਰ ਖਾਣ ਦੇ ਸ਼ੌਕੀਨ ਤਾਂ ਸਾਵਧਾਨ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਇਕ ਹੋਰ ਮੁੱਦੇ ’ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਹਿਕਾਰੀ ਬੈਂਕਾਂ ਤੋਂ ਕਰਜ਼ੇ ਦੇ ਬੋਝ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਦੇਣ ਲਈ ਵਨ ਟਾਈਮ ਸੈਟਲਮੈਂਟ (ਓ. ਟੀ. ਐੱਸ.) ਸਕੀਮ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਪੰਜਾਬ ਸਰਕਾਰ ਸੂਬੇ ਦੇ ਅੰਨਦਾਤਿਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਕਿਸਾਨ ਯੂਨੀਅਨਾਂ ਦੇ ਆਗੂਆਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲੈਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਹੱਲ ਲੱਭਣ ਅਤੇ ਕੋਈ ਰਾਹ ਕੱਢਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ ਵਿਚ ਮੁਆਵਜ਼ੇ ਦੇ ਰੱਦ ਕੀਤੇ ਗਏ ਕੇਸਾਂ ਦੀ ਮੁੜ ਜਾਂਚ ਕਰੇਗੀ।
ਇਹ ਵੀ ਪੜ੍ਹੋ- ਵਿਦੇਸ਼ੋ ਮਿਲੀ ਖ਼ਬਰ ਨੇ ਵਿਛਾਏ ਘਰ 'ਚ ਸੱਥਰ, ਕਰੀਬ ਇਕ ਮਹੀਨਾ ਪਹਿਲਾਂ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ
ਭਗਵੰਤ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ 5 ਮਰਲੇ ਦੇ ਪਲਾਟਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਅਤੇ ਸੂਬੇ ਭਰ ਵਿਚ 5 ਮਰਲੇ ਦੇ ਪਲਾਟਾਂ ਨੂੰ 3 ਤੋਂ 6 ਮਹੀਨਿਆਂ ਵਿਚ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਵਫ਼ਦ ਨੂੰ ਡੇਅਰੀ ਪਸ਼ੂਆਂ ਦੀ ਮੌਤ ’ਤੇ ਮੁਆਵਜ਼ੇ, ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਗਿਰਾਵਟ, ਪਾਣੀ ਦੇ ਪ੍ਰਦੂਸ਼ਣ ਅਤੇ ਬੁੱਢਾ ਨਾਲੇ ਵਰਗੇ ਮੁੱਦਿਆਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ. ਟੀ. ਓ. ਅਤੇ ਗੁਰਮੀਤ ਸਿੰਘ ਖੁੱਡੀਆਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਅਧਿਆਪਕ ਦਿਵਸ ਮੌਕੇ CM ਭਗਵੰਤ ਮਾਨ ਦਾ ਅਧਿਆਪਕਾਂ ਨੂੰ ਲੈ ਕੇ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ