ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਇਸ ਵਿਭਾਗ ''ਚ ਭਰਤੀ ਦੀ ਤਿਆਰੀ
Friday, Nov 15, 2024 - 07:11 PM (IST)
ਚੰਡੀਗੜ੍ਹ/ਕਪੂਰਥਲਾ (ਅੰਕੁਰ)–ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁਲੱਰ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖ਼ਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ। ਇਹ ਜੇਲ੍ਹ ਅਗਲੇ ਸਾਲ ਤਕ ਮੁਕੰਮਲ ਹੋ ਜਾਵੇਗੀ। ਉਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਵਿਚ ਜਲਦੀ ਹੀ ਨਵੀਆਂ ਭਰਤੀਆਂ ਵੀ ਕਰਨ ਜਾ ਰਹੀ ਹੈ।
ਇਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾਂ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ- ਚੰਡੀਗੜ੍ਹ ਦੇ ਮੁੱਦੇ 'ਤੇ ਮਨੋਰੰਜਨ ਕਾਲੀਆ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਇਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ ਵਿਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਕੰਮ ਦੇਣ ਲਈ 'ਪੰਜਾਬ ਪ੍ਰਿਜ਼ਨ ਡਿਵੈੱਲਪਮੈਂਟ ਬੋਰਡ' ਅਧੀਨ 12 ਜੇਲ੍ਹਾਂ, ਜੋ ਮੁੱਖ ਸੜਕਾਂ ’ਤੇ ਹਨ, ਵਿਖੇ ਪੈਟਰੋਲ ਪੰਪ ਲਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿਚ ਪੈਟਰੋਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਵਿਚ ਜਲਦ ਪੈਟਰੋਲ ਪੰਪ ਚਾਲੂ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿਚ 13 ਡੀ. ਐੱਸ. ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਭਰਤੀ ਜਲਦ ਹੀ ਕੀਤੀ ਜਾ ਰਹੀ ਹੈ। ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿਚ ਸਿੱਖਿਆ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਤ ਵੀ ਕੀਤਾ। ਇਸ ਦੌਰਾਨ ਏ. ਡੀ. ਜੀ. ਪੀ. ਜੇਲ੍ਹਾਂ ਅਰੁਣਪਾਲ ਸਿੰਘ, ਆਈ. ਜੀ. ਸੁਖਮਿੰਦਰ ਸਿੰਘ ਮਾਨ, ਆਈ. ਜੀ. ਆਰ. ਕੇ. ਅਰੋੜਾ, ਕਮਾਂਡੈਂਟ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਕੰਵਰਇਕਬਾਲ ਸਿੰਘ, ਮੈਂਬਰ, ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੀ ਮੌਤ ਦੇ ਮਾਮਲੇ 'ਚ ਖੁੱਲ੍ਹੀਆਂ ਵੱਡੀਆਂ ਪਰਤਾਂ, ਖੜ੍ਹੇ ਹੋਣ ਲੱਗੇ ਵੱਡੇ ਸਵਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8