ਪੰਜਾਬ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, 10 ਨਵੰਬਰ ਤੋਂ ਸੂਬੇ ਭਰ ਦੇ ਸਕੂਲਾਂ ''ਚ...
Tuesday, Nov 04, 2025 - 09:39 AM (IST)
ਚੰਡੀਗੜ੍ਹ (ਅੰਕੁਰ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 4 ਨਵੰਬਰ ਨੂੰ ਸੂਬੇ ਭਰ ’ਚ ਸ਼ੁਰੂ ਹੋਣਗੇ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਅਜਿਹੇ ਤਰੀਕੇ ਨਾਲ ਉਲੀਕਿਆ ਗਿਆ ਹੈ ਕਿ ਹਰ ਉਮਰ ਵਰਗ ਖ਼ਾਸ ਤੌਰ ’ਤੇ ਨੌਜਵਾਨ ਤੇ ਵਿਦਿਆਰਥੀ ਇਨ੍ਹਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਦੱਸਿਆ ਕਿ 10 ਨਵੰਬਰ ਤੋਂ ਪੰਜਾਬ ਦੇ ਸਾਰੇ ਸਕੂਲਾਂ ’ਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ 15 ਦਿਨਾਂ ਦਾ ਲਾਜ਼ਮੀ ਵਿੱਦਿਅਕ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ। ਸਵੇਰ ਦੀ ਸਭਾ ਦੌਰਾਨ 10-12 ਮਿੰਟ ਦਾ ਪਹਿਲਾਂ ਤੋਂ ਰਿਕਾਰਡ ਕੀਤਾ ਪਾਠ ਸਰਵਣ ਕੀਤਾ ਜਾਵੇਗਾ, ਜਿਸ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸ਼ਹਾਦਤ ਤੇ ਖ਼ਾਲਸਾ ਪੰਥ ਦੀ ਸਿਰਜਣਾ ਬਾਰੇ ਦੱਸਿਆ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ, ਆਈ. ਟੀ. ਆਈਜ਼ ਤੇ ਪਾਲੀਟੈਕਨਿਕ ਕਾਲਜਾਂ ਨੂੰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇਕ ਧਰਮ ਜਾਂ ਫ਼ਿਰਕੇ ਲਈ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਨੂੰ ਲੈ ਕੇ ਚਿੰਤਾ ਭਰੀ ਖ਼ਬਰ! ਇਨ੍ਹਾਂ ਪਰਿਵਾਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਨੂੰ ਉਜਾਗਰ ਕਰਦਾ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ। ਇਹ ਸ਼ੋਅ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫ਼ਤਹਿਗੜ੍ਹ ਸਾਹਿਬ ਅਤੇ ਪਠਾਨਕੋਟ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਸੂਬੇ ਦੇ ਹੋਰ ਜ਼ਿਲ੍ਹਿਆਂ ’ਚ ਵੀ ਇਹ ਸ਼ੋਅ ਕਰਵਾਇਆ ਜਾਵੇਗਾ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਜਾਏ ਜਾਣ ਵਾਲੇ ਚਾਰ ਨਗਰ ਕੀਰਤਨਾਂ ਬਾਰੇ ਉਨ੍ਹਾਂ ਦੱਸਿਆ ਕਿ ਇਕ ਨਗਰ ਕੀਰਤਨ 19 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਤੋਂ ਸਜਾਇਆ ਜਾਵੇਗਾ। ਇਸ ਨਗਰ ਕੀਰਤਨ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਤੇ ਵਿਧਾਇਕ ਸ਼ਾਮਲ ਹੋਣਗੇ ਜਦ ਕਿ ਬਾਕੀ ਤਿੰਨ ਨਗਰ ਕੀਰਤਨ ਫ਼ਰੀਦਕੋਟ, ਬਠਿੰਡਾ ਅਤੇ ਗੁਰਦਾਸਪੁਰ ਤੋਂ ਸਜਾਏ ਜਾਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨਰਾਂ ਲਈ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ
ਇਨ੍ਹਾਂ ਨਗਰ ਕੀਰਤਨਾਂ ਦੌਰਾਨ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਨਿਮਾਣੇ ਸੇਵਕ ਵਜੋਂ ਸੇਵਾ ਨਿਭਾਉਣਗੇ। ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ। ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਨਾਲ ਹੋਵੇਗੀ, ਜਿਸ ਉਪਰੰਤ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖ਼ਾਲਸਾ ਵਿਖੇ ਇਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਦਿਨ ਦੀ ਸਮਾਪਤੀ ‘ਸ਼ਹਾਦਤ ਦੀ ਲੋਅ’ ਨਾਲ ਹੋਵੇਗੀ, ਜਿਸ ਤਹਿਤ ਮਸ਼ਾਲਾਂ ਜਗਾ ਕੇ ਪਵਿੱਤਰ ਸ਼ਹਿਰ ਨੂੰ ਰੌਸ਼ਨ ਕੀਤਾ ਜਾਵੇਗਾ। 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ। ਪੰਜਾਬ ਵਿਧਾਨ ਸਭਾ ਵੱਲੋਂ ਇਤਿਹਾਸ ’ਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ । ਵੱਖ-ਵੱਖ ਧਰਮਾਂ ਦੇ ਅਧਿਆਤਮਿਕ ਆਗੂਆਂ ਦੀ ਸ਼ਮੂਲੀਅਤ ਵਾਲਾ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ।
ਇਸ ਲਈ ਪੰਜਾਂ ਤਖ਼ਤਾਂ ਦੇ ਜੱਥੇਦਾਰ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਸ੍ਰੀ ਸ੍ਰੀ ਰਵੀ ਸ਼ੰਕਰ ਤੇ ਲੋਕੇਸ਼ ਮੁਨੀ ਸਮੇਤ ਹੋਰ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਏਕਤਾ ਅਤੇ ਸਦਭਾਵਨਾ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਲਈ ਸੱਦਾ ਭੇਜਿਆ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ 500 ਡਰੋਨਾਂ ਵਾਲਾ ਤਿੰਨ ਰੋਜ਼ਾ (23 ਤੋਂ 25 ਨਵੰਬਰ) ਨੂੰ ਡਰੋਨ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਲਈ ਨਿਰਵਿਘਨ ਆਵਾਜਾਈ ਮੁਹੱਈਆ ਕਰਵਾਉਣ ਲਈ ਪੂਰੀ ਤਿਆਰੀ ਕਰ ਲਈ ਹੈ। 500 ਈ-ਰਿਕਸ਼ਾ ਤੇ 100 ਮਿੰਨੀ-ਬੱਸਾਂ ਪਵਿੱਤਰ ਸ਼ਹਿਰ ਅੰਦਰ ਚੱਲਣਗੀਆਂ, ਜਿਸ ’ਚ ਸੰਗਤ ਲਈ ਮੁਫ਼ਤ ਸਫ਼ਰ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ 23 ਤੋਂ 25 ਨਵੰਬਰ ਤੱਕ ਪੰਜਾਬ ਦੀ ਹਰ ਤਹਿਸੀਲ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਮੁਫ਼ਤ ਬੱਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਸੰਗਤ ਲਈ ਨਿਰਵਿਘਨ ਯਾਤਰਾ ਯਕੀਨੀ ਬਣਾਈ ਜਾ ਸਕੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
