ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ
Friday, Jun 23, 2023 - 02:25 PM (IST)
ਪਟਿਆਲਾ/ਰੱਖੜਾ (ਰਾਣਾ) : ਪਿਛਲੇ ਦਿਨੀਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵੱਲੋਂ ਫੀਲਡ ’ਚੋਂ ਇਕੱਠੀ ਕੀਤੀ ਇਨਪੁਟ ਅਨੁਸਾਰ ਮਾਲ ਵਿਭਾਗ ਦੇ ਅਫਸਰਾਂ ਵੱਲੋਂ ਜ਼ਮੀਨ ਅਤੇ ਪ੍ਰਾਪਰਟੀ ਦੀਆਂ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਇਕੱਠੀ ਕਰਨ ਦਾ ਮਾਮਲਾ ਉਦੋਂ ਗਰਮਾ ਗਿਆ, ਜਦੋਂ ਸੂਬੇ ਦੇ 48 ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸੂਚੀ ਜਾਰੀ ਹੋਈ। ਜਿਸ ਨੂੰ ਲੈ ਕੇ ਸੂਬੇ ਭਰ ’ਚ ਨਾਇਬ ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨੇ ਕਲਮ ਛੋੜ ਹੜਤਾਲ ਕਰ ਕੇ ਛੁੱਟੀ ’ਤੇ ਜਾਣ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਸੂਬੇ ਭਰ ’ਚ ਰਜਿਸਟਰੀਆਂ ਦਾ ਕੰਮ ਠੱਪ ਰਿਹਾ। ਇਸ ਕਾਰਨ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਦੀਆਂ ਡੇਟਾਂ ਲਈਆਂ ਹੋਈਆਂ ਸਨ ਪਰ ਰਜਿਸਟਰੀਆਂ ਨਾ ਹੋਣ ਕਰ ਕੇ ਲੋਕਾਂ ’ਚ ਹਾਹਾਕਾਰ ਮਚ ਗਈ। ਮਾਹੌਲ ਨੂੰ ਸ਼ਾਂਤ ਕਰਨ ਲਈ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਦੀ ਅਗਵਾਈ ਹੇਠ ਪੰਜਾਬ ਦੇ ਐੱਫ. ਸੀ. ਆਰ. ਨਾਲ ਚੰਡੀਗੜ੍ਹ ਵਿਖੇ ਇਸ ਮਸਲੇ ਨੂੰ ਲੈ ਕੇ ਅਹਿਮ ਮੀਟਿੰਗ ਹੋਈ, ਜਿਸ ’ਚ ਸਮੁੱਚੇ ਤਹਿਸੀਲਦਾਰਾਂ ਅਤੇ ਨਾਇਬ-ਤਹਿਸੀਲਦਾਰਾਂ ਨੇ ਆਪਣਾ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਨਾਂ ਸਬੂਤਾਂ ਅਤੇ ਬਿਨਾਂ ਤੱਥਾਂ ਦੇ ਆਧਾਰ ਤੋਂ ਇਨਪੁਟ ਦੇ ਆਧਾਰ ’ਤੇ ਹੀ ਕਿਸੇ ਅਧਿਕਾਰੀ ਨੂੰ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ’ਚ ਸ਼ਾਮਲ ਕਰਨਾ ਬੇਹੱਦ ਹੀ ਸ਼ਰਮਨਾਕ ਗੱਲ ਹੈ।
ਇਹ ਵੀ ਪੜ੍ਹੋ : ਟਾਇਰ ਫਟਣ ਕਾਰਨ ਹਾਈਡ੍ਰੋਜਨ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡੇ ਨੁਕਸਾਨ ਤੋਂ ਬਚਾਅ
ਇਸ ਸਬੰਧੀ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਕਲਮਛੋੜ ਹੜਤਾਲ ’ਤੇ ਜਾਣ ਦਾ ਕੋਈ ਐਲਾਨ ਨਹੀਂ ਕੀਤਾ ਗਿਆ ਪਰ ਜਿਹੜੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਨਾਮ ਵਿਜੀਲੈਂਸ ਬਿਊਰੋ ਵੱਲੋਂ ਸੂਚੀ ’ਚ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਨੇ ਆਪਣਾ ਰੋਸ ਜ਼ਾਹਿਰ ਕਰਨ ਕਰ ਕੇ ਇਹ ਕਲਮਛੋੜ ਹੜਤਾਲ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਪ੍ਰਧਾਨ ਵੱਲੋਂ ਹੜਤਾਲ ਦਾ ਐਲਾਨ ਨਾ ਕੀਤੇ ਜਾਣ ਤੋਂ ਪਤਾ ਲੱਗਦਾ ਹੈ ਕਿ ਇਹ ਅਧਿਕਾਰੀ ਆਪਣੀ ਮਰਜ਼ੀ ਨਾਲ ਹੀ ਆਪਣਾ ਗੁੱਸਾ ਜ਼ਾਹਿਰ ਕਰਨ ਕਰ ਕੇ ਕਲਮਛੋੜ ਹੜਤਾਲ ’ਤੇ ਗਏ ਹਨ ਪਰ ਐਸੋਸੀਏਸ਼ਨ ਵੱਲੋਂ ਹੜਤਾਲ ਦਾ ਕੋਈ ਵੀ ਐਲਾਨ ਨਹੀਂ ਕੀਤਾ ਗਿਆ, ਉਥੇ ਹੀ ਨਾਇਬ-ਤਹਿਸੀਲਦਾਰਾਂ ਅਤੇ ਤਹਿਸੀਲਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਐੱਫ. ਸੀ. ਆਰ. ਪੰਜਾਬ ਨਾਲ ਬੜੇ ਹੀ ਸੁਖਾਵੇਂ ਮਾਹੌਲ ’ਚ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਲੈ ਕੇ ਗੱਲਬਾਤ ਕੀਤੀ ਗਈ ਹੈ, ਜਿਸ ’ਤੇ ਐੱਫ. ਸੀ. ਆਰ. ਨੇ ਵਿਸ਼ਵਾਸ ਦਿਵਾਉਂਦੇ ਹੋਏ, ਇਸ ਸਬੰਧੀ ਵਿਜੀਲੈਂਸ ਬਿਊਰੋ ਨਾਲ ਗੱਲਬਾਤ ਕਰ ਕੇ ਸਮੁੱਚੇ ਮਾਮਲੇ ਨਾਲ ਨਜਿੱਠਿਆ ਜਾਵੇਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 2 ਦਿਨਾਂ ਦੀ ਕਲਮਛੋੜ ਹੜਤਾਲ ਤੋਂ ਬਾਅਦ ਅੱਜ 23 ਜੂਨ ਤੋਂ ਸਮੁੱਚੇ ਸਬ-ਰਜਿਸਟਰਾਰ ਦਫਤਰਾਂ ਵਿਖੇ ਰਜਿਸਟਰੀਆਂ ਖੁੱਲ੍ਹਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ PSPCL ਦਾ ਲਾਈਨਮੈਨ 40,000 ਰੁਪਏ ਰਿਸ਼ਵਤ ਲੈਂਦਾ ਕਾਬੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।