ਵੀਡੀਓ ਵਾਇਰਲ ਹੋਣ 'ਤੇ ਪਨਬੱਸ/PRTC ਯੂਨੀਅਨ ਦੀ ਸਖ਼ਤ ਪ੍ਰਤੀਕਿਰਿਆ, ਦਿੱਤੀ ਇਹ ਚਿਤਾਵਨੀ
Monday, May 29, 2023 - 03:16 PM (IST)
ਜਲੰਧਰ (ਪੁਨੀਤ)- ਬੱਸ ਡਰਾਈਵਰਾਂ ਅਤੇ ਕੰਡਕਟਰਾਂ ਦੀ ਆਊਟਸੋਰਸ ਭਰਤੀ ਵਾਸਤੇ ਲਏ ਗਏ ਟਰਾਇਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਖ਼ੁਫੀਆ ਢੰਗ ਨਾਲ ਬਣਾਇਆ ਗਿਆ 2.50 ਮਿੰਟ ਦਾ ਇਹ ਵੀਡੀਓ ਸਰਹਿੰਦ ਦੀ ਇਕ ਗਰਾਊਂਡ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿਚ ਠੇਕੇਦਾਰ ਵੱਲੋਂ ਡਰਾਈਵਰਾਂ ਤੋਂ ਬੱਸਾਂ ਚਲਵਾ ਕੇ ਟਰਾਇਲ ਲਿਆ ਜਾ ਰਿਹਾ ਹੈ। ਵੀਡੀਓ ਸਾਹਮਣੇ ਆਉਣ ’ਤੇ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਯੂਨੀਅਨ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਊਟਸੋਰਸ ਭਰਤੀ ਤੁਰੰਤ ਪ੍ਰਭਾਵ ਨਾਲ ਬੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਬਿਨਾਂ ਅਗਾਊਂ ਸੂਚਨਾ ਦਿੱਤੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਲਈ ਵਿਭਾਗ ਦੀਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਪੁਰਾਣੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਤੋਂ ਬਾਅਦ ਕੀਤੀ ਜਾਵੇ। ਇਸ ਤੋਂ ਪਹਿਲਾਂ ਆਊਟਸੋਰਸ ਭਰਤੀ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ
ਇਹ ਵੀਡੀਓ ਯੂਨੀਅਨ ਅਧਿਕਾਰੀਆਂ ਤੱਕ ਪਹੁੰਚਦੇ ਹੀ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਦੀ ਸੂਬਾਈ ਇਕਾਈ ਦੀ ਹੰਗਾਮੀ ਮੀਟਿੰਗ ਬੁਲਾਈ ਗਈ। ਮੀਟਿੰਗ ਵਿਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਡਿਪੂ-1 ਤੋਂ ਚਾਨਣ ਸਿੰਘ ਚੰਨਾ, ਡਿਪੂ-2 ਤੋਂ ਸਤਪਾਲ ਸਿੰਘ ਸੱਤਾ ਅਤੇ ਸੀਨੀਅਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸੂਬਾਈ ਇਕਾਈ ਦੇ ਅਹੁਦੇਦਾਰਾਂ ਨੇ ਕਿਹਾ ਕਿ ਆਊਟਸੋਰਸ ’ਤੇ ਨਵੇਂ ਕਰਮਚਾਰੀ ਭਰਤੀ ਕਰਕੇ ਯੂਨੀਅਨ ਨੂੰ ਤੋੜਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਤਾਂ ਜੋ ਹੜਤਾਲ ਦੌਰਾਨ ਨਵੇਂ ਕਰਮਚਾਰੀਆਂ ਤੋਂ ਬੱਸਾਂ ਚਲਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਯੂਨੀਅਨ ਇਕਜੁੱਟ ਹੈ ਅਤੇ ਕਿਸੇ ਵੀ ਹਾਲਤ ਵਿਚ ਆਊਟਸੋਰਸ ’ਤੇ ਭਰਤੀ ਨਹੀਂ ਹੋਣ ਦਿੱਤੀ ਜਾਵੇਗੀ ਕਿਉਂਕਿ ਇਸ ਭਰਤੀ ਨਾਲ ਠੇਕਾ ਕਰਮਚਾਰੀਆਂ ਦਾ ਭਵਿੱਖ ਹਨੇਰੇ ਵਿਚ ਡੁੱਬ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਨਾ ਕੀਤਾ ਤਾਂ ਯੂਨੀਅਨ ਰੋਸ ਵਜੋਂ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗੀ।
ਯੂਨੀਅਨ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ ਨੇ ਪੰਜਾਬ ਦੇ ਡਿਪੂਆਂ ਵਿਚ ਖੜ੍ਹੀਆਂ ਬੱਸਾਂ ਬਾਰੇ ਦੱਸਦਿਆਂ ਕਿਹਾ ਕਿ ਸਪੇਅਰ ਪਾਰਟਸ ਅਤੇ ਟਾਇਰਾਂ ਦੀ ਘਾਟ ਕਾਰਨ ਬੱਸਾਂ ਚੱਲਣ ਤੋਂ ਅਸਮਰੱਥ ਹਨ। ਇਸ ਬਾਰੇ ਕਈ ਵਾਰ ਦੱਸਿਆ ਜਾ ਚੁੱਕਾ ਹੈ ਪਰ ਵਿਭਾਗੀ ਅਧਿਕਾਰੀਆਂ ਵੱਲੋਂ ਇਸ ਸਬੰਧੀ ਯੋਗ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਵਿਭਾਗ ਨੂੰ ਰੋਜ਼ਾਨਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ - ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ
ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹੈ : ਸ਼ਮਸ਼ੇਰ ਢਿੱਲੋਂ
ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਭਾਗ ਵਿਚ ਕੰਮ ਕਰ ਰਹੇ ਮੌਜੂਦਾ ਕਰਮਚਾਰੀਆਂ ਦੀ ਭਰਤੀ ਅਧਿਕਾਰੀਆਂ ਦੀ ਹਾਜ਼ਰੀ ਵਿਚ ਹੋਈ ਸੀ, ਫਿਰ ਵੀ ਉਨ੍ਹਾਂ ਦੀ ਭਰਤੀ ਪ੍ਰਕਿਰਿਆ ’ਤੇ ਲੰਮੇ ਸਮੇਂ ਤੋਂ ਸਵਾਲ ਖੜ੍ਹੇ ਕੀਤੇ ਗਏ। 10-12 ਸਾਲਾਂ ਤੋਂ ਕੰਮ ਕਰ ਰਹੇ ਠੇਕਾ ਕਰਮਚਾਰੀਆਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਜਦੋਂ ਵੀ ਉਨ੍ਹਾਂ ਨੂੰ ਪੱਕਾ ਕਰਨ ਦੀ ਗੱਲ ਆਉਂਦੀ ਹੈ ਤਾਂ ਅਧਿਕਾਰੀਆਂ ਵੱਲੋਂ ਕਈ ਤਰ੍ਹਾਂ ਦੀਆਂ ਰੁਕਾਵਟਾਂ ਪੈਦਾ ਕੀਤੀਆਂ ਜਾਂਦੀਆਂ ਹਨ। ਪਿਛਲੇ ਸਮੇਂ ਦੌਰਾਨ ਮਿਲੀਭੁਗਤ ਨਾਲ ਨਵੀਂ ਭਰਤੀ ਦੀ ਗੱਲ ਸਾਹਮਣੇ ਆਈ ਹੈ। ਕਈ ਠੇਕੇਦਾਰ ਅਤੇ ਵਿਭਾਗੀ ਅਧਿਕਾਰੀ ਮਿਲ ਕੇ ਭੋਲੇ-ਭਾਲੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਲੱਖਾਂ ਰੁਪਏ ਲੈ ਕੇ ਭਰਤੀ ਕਰਨ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਕਈ ਸਫੈਦਪੋਸ਼ਾਂ ਦਾ ਪਰਦਾਫਾਸ਼ ਹੋ ਜਾਵੇਗਾ। ਢਿੱਲੋਂ ਨੇ ਕਿਹਾ ਕਿ ਚੱਲ ਰਹੇ ਟਰਾਇਲਾਂ ਵਿਚ ਕੋਈ ਵੀ ਅਧਿਕਾਰੀ ਹਾਜ਼ਰ ਨਹੀਂ ਹੈ। ਠੇਕੇਦਾਰ ਆਪਣੇ ਹਿਸਾਬ ਨਾਲ ਕਰਮਚਾਰੀਆਂ ਦੇ ਟਰਾਇਲ ਲੈ ਕੇ ਉਨ੍ਹਾਂ ਨੂੰ ਸੁਪਨੇ ਦਿਖਾ ਰਹੇ ਹਨ। ਉਨ੍ਹਾਂ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦੀ ਠੇਕੇਦਾਰਾਂ ਨੂੰ ਕਿਸ ਨੇ ਇਜਾਜ਼ਤ ਦਿੱਤੀ, ਇਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਫਗਵਾੜਾ 'ਚ ਵਾਪਰੇ ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, 4 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਦਰਦਨਾਕ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani