ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪੈ ਸਕਦੀ ਹੈ ਪਰੇਸ਼ਾਨੀ

Thursday, Nov 07, 2024 - 12:52 PM (IST)

ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪੈ ਸਕਦੀ ਹੈ ਪਰੇਸ਼ਾਨੀ

ਜਲੰਧਰ (ਪੁਨੀਤ)–ਪਨਬਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਦੀ ਹੰਗਾਮੀ ਮੀਟਿੰਗ ਜਲੰਧਰ ਬੱਸ ਅੱਡੇ ਵਿਚ ਹੋਈ, ਜਿਸ ਵਿਚ ਪੈਂਡਿੰਗ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰੀ ਬੱਸਾਂ ਦੇ ਚੱਕਾ ਜਾਮ ਦੀ ਚਿਤਾਵਨੀ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਜੇਕਰ ਤੁਰੰਤ ਪ੍ਰਭਾਵ ਨਾਲ ਪੈਂਡਿੰਗ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਨੂੰ ਜਿੱਥੇ ਰੋਸ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਵੇਗਾ, ਉਥੇ ਹੀ ਜ਼ਿਮਨੀ ਚੋਣਾਂ ਵਿਚ ਸਰਕਾਰ ਖ਼ਿਲਾਫ਼ ਰੋਸ ਰੈਲੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਗੁੱਸਾ ਕੱਢਿਆ ਗਿਆ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿਚ ਪਾ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਵਾਜ਼ ਬੁਲੰਦ ਕਰਨੀ ਪੈ ਰਹੀ ਹੈ। ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਹੋਏ ਉਨ੍ਹਾਂ ਨੇ ਆਪਣੀ ਭੜਾਸ ਕੱਢੀ।

ਇਹ ਵੀ ਪੜ੍ਹੋ- ਭਾਜਪਾ ਤੇ ਕਾਂਗਰਸੀ ਆਗੂ ਹੰਕਾਰ ਦੇ ਨਸ਼ੇ ’ਚ ਚੂਰ, ਸਮੇਂ ਦੀ ਨਜ਼ਾਕਤ ਨੂੰ ਨਹੀਂ ਸਮਝ ਰਹੇ : ਭਗਵੰਤ ਮਾਨ

ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਵਾਰ ਮੀਟਿੰਗ ਕਰਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਨੇ ਚੱਕਾ ਜਾਮ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ, ਜੋ ਅੱਜ ਤਕ ਪੂਰਾ ਨਹੀਂ ਹੋ ਸਕਿਆ ਹੈ।

ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਦੀਆਂ ਨੀਤੀਆਂ ਨਾਲ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਸਿਲਸਿਲੇ ਵਿਚ 8 ਨਵੰਬਰ ਨੂੰ ਹੋਣ ਵਾਲੇ ਸਰਪੰਚਾਂ ਦੇ ਸਹੁੰ ਚੁੱਕ ਸਬੰਧੀ ਪ੍ਰੋਗਰਾਮ ਵਿਚ ਸਰਕਾਰੀ ਵੱਲੋਂ ਬੱਸਾਂ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਕੀਤੀ ਜਾਵੇਗੀ, ਜਿਸ ਕਾਰਨ ਜਨਤਾ ਨੂੰ ਦਿੱਕਤਾਂ ਉਠਾਉਣ ’ਤੇ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੇ ਸਹੁੰ ਚੁੱਕ ਸਮਾਰੋਹ ਵਿਚ ਬੱਸਾਂ ਦੀ ਵਰਤੋਂ ਕਰਨੀ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੇ ਬਰਾਬਰ ਹੈ, ਜਿਸ ਕਾਰਨ ਯੂਨੀਅਨ ਵੱਲੋਂ ਇਸਦਾ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਚੋਰ ਦਾ ਕਾਰਨਾਮਾ ਕਰੇਗਾ ਹੈਰਾਨ, ਪਹਿਲਾਂ ਜੋੜੇ ਲਈ ਬਣਾਈ ਚਾਹ, ਫਿਰ ਕਰ ਗਿਆ ਕਾਂਡ

ਕਮੇਟੀ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਉਨ੍ਹਾਂ ਨੂੰ ਸੜਕਾਂ ’ਤੇ ਉਤਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਇਸੇ ਸਿਲਸਿਲੇ ਵਿਚ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਉਥੇ ਹੀ, ਆਉਣ ਵਾਲੇ ਦਿਨਾਂ ਵਿਚ ਸਰਕਾਰੀ ਪ੍ਰੋਗਰਾਮਾਂ ਦੌਰਾਨ ਕਾਲੇ ਝੰਡੇ ਵਿਖਾਏ ਜਾਣਗੇ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ, ਹਰਕੇਸ਼ ਕੁਮਾਰ, ਚਾਨਣ ਸਿੰਘ ਚੰਨਾ, ਸਤਪਾਲ ਸਿੰਘ, ਗੁਰਪ੍ਰੀਤ ਖੁੱਲਰ, ਬਲਵਿੰਦਰ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਯੂਨੀਅਨ ਆਗੂ ਮੌਜੂਦ ਰਹੇ।

ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News