ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

Sunday, Jun 04, 2023 - 01:08 AM (IST)

ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਮਾਨ ਸਰਕਾਰ ਨੇ ਲਿਆ ਇਹ ਫ਼ੈਸਲਾ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ. ਪੀ. ਈ. ਭਰਤੀ ਅਧੀਨ ਭਰਤੀ ਹੋਏ 53 ਡੀ. ਪੀ. ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਡਰ ਜ਼ਿਲ੍ਹਿਆਂ ’ਚ ਤਾਇਨਾਤ ਕੀਤੇ ਗਏ ਅਧਿਆਪਕਾਂ ਨਾਲ ਕੀਤੇ ਵਾਅਦਾ ਪੂਰਾ ਕਰਦਿਆਂ ਅਜਿਹੇ ਅਧਿਆਪਕਾਂ ਨੂੰ ਇਕ ਵਾਰ ਦੀ ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ, ਜੋ ਪਰਖ਼ ਕਾਲ ਦਾ ਸਮਾਂ ਪੂਰਾ ਨਹੀਂ ਕਰਦੇ ਜਾਂ ਫਿਰ ਸਕੂਲ ਵਿਚ ਦੋ ਸਾਲ ਦੀ ਠਹਿਰ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ। 

ਇਹ ਖ਼ਬਰ ਵੀ ਪੜ੍ਹੋ : ਫ਼ੌਜੀ ਦੇ ਛੁੱਟੀ ’ਤੇ ਆਉਣ ਦੀ ਉਡੀਕ ’ਚ ਸੀ ਪਰਿਵਾਰ, ਵਰਤ ਗਿਆ ਇਹ ਭਾਣਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਨੂੰ ਬਾਰਡਰ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਪੰਜਾਬ ਸੂਬੇ ਦੇ ਜਿਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ 300 ਤੋਂ ਉੱਪਰ ਹੈ ਪਰ ਅਧਿਆਪਕ ਘੱਟ ਹਨ, ਵਿਖੇ ਬਦਲੀ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਮਿਤੀ 04/06/2023 ਤੋਂ ਖੁੱਲ੍ਹ ਰਿਹਾ ਹੈ। ਇਸ ਦੇ ਨਾਲ ਹੀ ਉਹ ਸਾਰੇ ਅਧਿਆਪਕ, ਜੋ 31/05/2023 ਤੱਕ ਬਦਲੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਪਿਛਲੇ ਗੇੜਾਂ ਵਿਚ ਬਦਲੀ ਕਰਵਾਉਣ ਵਿਚ ਸਫ਼ਲ ਨਹੀਂ ਹੋ ਸਕੇ, ਨੂੰ ਵੀ ਬਦਲੀ ਕਰਵਾਉਣ ਦਾ ਇਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ਅਤੇ ਅਧਿਆਪਕਾਂ ਦੀ ਵੱਡੀ ਘਾਟ ਦਾ ਸਾਹਮਣਾ ਕਰ ਰਹੇ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ ਪੂਰੀ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਬਦਲੀਆਂ ਅਤੇ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਕੀਤੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ’ ਬਣਾਉਣ ਦਾ ਕੀਤਾ ਐਲਾਨ (ਵੀਡੀਓ)


author

Manoj

Content Editor

Related News