ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਇੰਟਰਵਿਊ ਮਾਮਲੇ ਨਾਲ ਜੁੜੀ ਅਹਿਮ ਖ਼ਬਰ
Thursday, Dec 14, 2023 - 01:24 PM (IST)

ਚੰਡੀਗੜ੍ਹ : ਪੰਜਾਬ ਦੀ ਜੇਲ੍ਹ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟੀ. ਵੀ. ਇੰਟਰਵਿਊ ਦੇ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਆਪਣੀ ਰਿਪੋਰਟ ਸੂਬਾ ਸਰਕਾਰ ਨੂੰ ਸੌਂਪਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਜਾਂਚ ਟੀਮ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਸਾਬਿਤ ਹੁੰਦਾ ਹੋਵੇ ਕਿ ਇਹ ਇੰਟਰਵਿਊ ਪੰਜਾਬ ਦੀ ਕਿਸੇ ਜੇਲ੍ਹ 'ਚ ਹੋਏ ਸਨ। ਸੂਤਰਾਂ ਮੁਤਾਬਕ ਇਹ ਰਿਪੋਰਟ ਉਸ ਵੇਲੇ ਸੂਬਾ ਸਰਕਾਰ ਨੂੰ ਸੌਂਪੀ ਗਈ ਹੈ, ਜਦੋਂ ਬਿਸ਼ਨੋਈ ਅਤੇ ਉਸ ਦੇ ਸਾਥੀ ਜੱਗੂ ਭਗਵਾਨਪੁਰੀਆ ਨੇ ਮਾਨਸਾ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਮੂਸੇਵਾਲਾ ਕਤਲਕਾਂਡ 'ਚ ਉਨ੍ਹਾਂ ਦੀ ਕੋਈ ਸ਼ਮੂਲੀਅਤ ਨਹੀਂ ਹੈ ਅਤੇ ਉਨ੍ਹਾਂ ਨੂੰ ਬਰੀ ਕੀਤਾ ਜਾਵੇ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਟ ਵਲੋਂ ਸਰਕਾਰ ਨੂੰ ਸੌਂਪੀ ਗਈ ਰਿਪੋਰਟ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੌਂਪੀ ਜਾ ਸਕਦੀ ਹੈ। ਜ਼ਿਕਰਯੋਗ ਹੈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦਾ ਜੇਲ੍ਹ ਤੋਂ ਇਕ ਇੰਟਰਵਿਊ ਸਾਹਮਣੇ ਆਇਆ ਸੀ। ਕਤਲ, ਅਗਵਾ ਸਣੇ ਕਈ ਸੰਗੀਨ ਅਪਰਾਧਾਂ ਵਿਚ ਨਾਮਜ਼ਦ ਲਾਰੈਂਸ ਬਿਸ਼ਨੋਈ ਸਾਲ 2014 ਤੋਂ ਬਠਿੰਡਾ ਦੀ ਜੇਲ੍ਹ ਵਿਚ ਕੈਦ ਹੈ। ਇਕ ਨਿੱਜੀ ਚੈਨਲ ਵਲੋਂ ਉਸ ਦਾ ਜੇਲ੍ਹ ਵਿਚ ਹੀ ਇੰਟਰਵਿਊ ਲਿਆ ਗਿਆ ਸੀ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਇੰਟਰਵਿਊ ਪੁਰਾਣਾ ਹੈ ਅਤੇ ਜੇਲ੍ਹ ਦਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਦੱਸ ਦੇਈਏ ਕਿ 14 ਮਾਰਚ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇਕ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਇਸ ਇੰਟਰਵਿਊ ਨਾਲ ਵੀ ਮਾਮਲਾ ਸ਼ਾਂਤ ਨਹੀਂ ਹੋਇਆ ਸੀ, ਜਦੋਂ 17 ਮਾਰਚ ਨੂੰ ਇਸੇ ਚੈਨਲ ਨਾਲ ਗੈਂਗਸਟਰ ਦੀ ਇਕ ਹੋਰ ਇੰਟਰਵਿਊ ਸਾਹਮਣੇ ਆਈ। ਹਾਲਾਂਕਿ ਪਹਿਲੀ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ. ਜੀ, ਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਇਹ ਘਟਨਾ ਪੰਜਾਬ ਦੀ ਕਿਸੇ ਜੇਲ੍ਹ ਵਿਚ ਨਹੀਂ ਵਾਪਰੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8