ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ
Tuesday, Mar 29, 2022 - 03:33 PM (IST)
ਅੰਮ੍ਰਿਤਸਰ : ਪਾਕਿਸਤਾਨ 'ਚ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹੁਣ ਸਿੱਖ ਸ਼ਰਧਾਲੂ ਇਕ ਸਾਲ 'ਚ 4 ਦੀ ਬਜਾਏ 7 ਵਾਰ ਜਾ ਸਕਣਗੇ। ਇਸ ਖ਼ਬਰ ਨਾਲ ਸਿੱਖ ਸ਼ਰਧਾਲੂਆਂ 'ਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲਹਿੰਦੇ ਪੰਜਾਬ ਤੋਂ ਮੰਤਰੀ ਮਹਿੰਦਰਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਅਨੁਸਾਰ ਇਮਰਾਨ ਸਰਕਾਰ ਨੇ ਇਸ ਸੰਬੰਧੀ ਫ਼ੈਸਲਾ ਲਿਆ ਹੈ ਕਿ ਹੁਣ ਸਾਲ ’ਚ 4 ਵਾਰ ਪਾਕਿਸਤਾਨ 'ਚ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲੀ ਸੰਗਤ 7 ਵਾਰ ਆਉਣ ਦੀ ਇਜਾਜ਼ਤ ਹੈ। ਦੱਸ ਦੇਈਏ ਕਿ ਪਾਕਿਸਤਾਨ ’ਚ ਇਮਰਾਨ ਖਾਨ ਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਡਿੱਗ ਸਕਦੀ ਹੈ।
ਇਹ ਵੀ ਪੜ੍ਹੋ : ਸਰਕਾਰ ਬਦਲੀ ਪਰ ਬੋਰਡ ਨਹੀਂ, ਮੋਗਾ-ਅੰਮ੍ਰਿਤਸਰ ਰੋਡ ’ਤੇ ਅੱਜ ਵੀ ਲੱਗਾ ਹੈ- 'ਸਾਡਾ ਚੰਨੀ ਸਾਡਾ CM'
ਮਹਿੰਦਰਪਾਲ ਸਿੰਘ ਨੇ ਕਿਹਾ ਕਿ ਇਮਰਾਨ ਸਰਕਾਰ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਤੋਂ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੂਆਂ ਦੇ ਪਰੋਟੋਕਾਲ ਅਨੁਸਾਰ ਪਹਿਲਾਂ ਚਾਰ ਜੱਥੇ ਆਉਂਦੇ ਰਹੇ ਹਨ ਪਰ ਹੁਣ ਪਾਕਿ ਸਰਕਾਰ ਵੱਲੋਂ ਭਾਰਤ ਦੀ ਸਹਿਮਤੀ ਲੈ ਕੇ ਸੱਤ ਵਾਰ ਭਾਰਤ ਤੋਂ ਸਿੱਖਾਂ ਦੇ ਜੱਥੇ ਪਾਕਿ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਹਿਲਾਂ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿ ਜਾਂਦੇ ਸਨ ਪਰ ਹੁਣ ਸ੍ਰੀ ਗੁਰੂ ਰਾਮਦਾਸ ਜੀ ਦੇ ਪੁ੍ਕਾਸ਼ ਪੁਰਬ ਮੌਕੇ, ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾਉਣ ਲਈ ਤੇ ਸਾਕਾ ਨਨਕਾਣਾ ਸਾਹਿਬ ਦੀ ਯਾਦ 'ਚ ਕਰਾਏ ਜਾਂਦੇ ਸਮਾਗਮਾਂ 'ਚ ਹਿੱਸਾ ਲੈਣ ਲਈ ਵੀ ਸਿੱਖ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਜਾ ਸਕਣਗੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ