ਪੰਜਾਬ ਸਰਕਾਰ ਨੇ ਐੱਮ. ਐੱਸ. ਪੀ. ’ਤੇ ਮੂੰਗੀ ਦੀ ਖਰੀਦ ਕੀਤੀ ਸ਼ੁਰੂ

06/12/2022 10:07:22 PM

ਚੰਡੀਗੜ੍ਹ : ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਪਾਸੋਂ ਸਿੱਧੇ ਤੌਰ ’ਤੇ ਖਰੀਦਣੀ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਦੀ ਜਗਰਾਓਂ ਮੰਡੀ ਵਿਚ ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਈ ਹੈ ਜਿਸ ਨਾਲ ਇਹ ਮੰਡੀ ਪੰਜਾਬ ਭਰ ਵਿਚੋਂ ਮੋਹਰੀ ਬਣ ਗਈ ਹੈ। ਗਰਮ ਰੁੱਤ ਦੀ ਮੂੰਗੀ 7275 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ ਉਤੇ ਖਰੀਦੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਅਤੇ ਝੋਨਾ ਲਾਉਣ ਤੋਂ ਪਹਿਲਾਂ ਦੇ ਸਮੇਂ ਦੌਰਾਨ ਇਸ ਫਸਲ ਦੇ ਔਸਤ ਪੰਜ ਕੁਇੰਟਲ ਦਾ ਝਾੜ ਨਿਕਲਣ ’ਤੇ ਪ੍ਰਤੀ ਏਕੜ 36000 ਰੁਪਏ ਦੀ ਵਾਧੂ ਆਮਦਨ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਕਤਲ, ਗੈਂਗਵਾਰ ਤੇ ਧਾਰਮਿਕ ਝੜਪਾਂ ਨੂੰ ਦੇਖ ਕੇ ਮਨ ਦੁਖੀ, ਅਜਿਹੇ ਬਦਲਾਅ ਦੀ ਉਮੀਦ ਨਹੀਂ ਸੀ : ਸੁਖਬੀਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਕਿਸਾਨਾਂ ਨੇ ਇਸ ਸਾਲ ਲਗਭਗ ਇਕ ਲੱਖ ਏਕੜ ਰਕਬੇ ਹੇਠ ਗਰਮ ਰੁੱਤ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਜਦਕਿ ਪਿਛਲੇ ਸਾਲ 50,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਸੀ। ਇਸ ਸਾਲ ਸੂਬਾ ਭਰ ਵਿਚ 4.75 ਲੱਖ ਕੁਇੰਟਲ ਝਾੜ ਹੋਣ ਦਾ ਅਨੁਮਾਨ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ, ਇਸ ਉਪਰਾਲੇ ਨਾਲ ਅਸੀਂ ਧਰਤੀ ਹੇਠਲੇ ਪਾਣੀ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਬਚਾਉਣ ਤੋਂ ਇਲਾਵਾ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਕਰ ਸਕਾਂਗੇ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਕਦਮ ਨਾਲ ਯਕੀਨਨ ਤੌਰ ’ਤੇ ਝੋਨੇ ਦੀਆਂ ਘੱਟ ਸਮੇਂ ਵਿਚ ਤਿਆਰ ਹੋਣ ਵਾਲੀ ਕਿਸਮਾਂ ਦੀ ਪੈਦਾਵਾਰ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10-20 ਫੀਸਦੀ ਬੱਚਤ ਹੋਵੇਗੀ।

ਇਹ ਵੀ ਪੜ੍ਹੋ : ਜੁਲਾਈ ਦੇ ਪਹਿਲੇ ਹਫ਼ਤੇ ਹੋ ਸਕਦੈ ਭਗਵੰਤ ਮਾਨ ਕੈਬਨਿਟ ਦਾ ਵਿਸਤਾਰ, ਇਹ ਵਿਧਾਇਕ ਬਣ ਸਕਦੇ ਨੇ ਮੰਤਰੀ

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਡੀਕਰਨ ਸੀਜ਼ਨ-2022-23 ਲਈ ਮੂੰਗੀ ਦੀ ਫਸਲ ਖਰੀਦਣ, ਭੰਡਾਰਨ ਅਤੇ ਹੋਰ ਪ੍ਰਬੰਧਾਂ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਨੂੰ ਨੋਡਲ ਏਜੰਸੀਆਂ ਬਣਾਇਆ ਹੈ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਨੇ ਮੂੰਗੀ ਦੀ ਫਸਲ 31 ਜੁਲਾਈ ਤੱਕ ਖਰੀਦਣ ਲਈ ਸੂਬਾ ਭਰ ਵਿਚ 40 ਮੰਡੀਆਂ ਨੋਟੀਫਾਈ ਕੀਤੀਆਂ ਹਨ। ਮੂੰਗੀ ਖਰੀਦਣ ਅਤੇ ਕਿਸਾਨਾਂ ਦੀ ਸਹੂਲਤ ਵਾਸਤੇ ਮਾਰਕਫੈੱਡ ਅਤੇ ਸਹਿਕਾਰੀ ਸਭਾਵਾਂ ਦਾ ਸਟਾਫ ਨੋਟੀਫਾਈ ਮੰਡੀਆਂ ਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੂਬਾ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ 1503 ਕੁਇੰਟਲ ਮੂੰਗੀ ਦੀ ਫਸਲ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ 878 ਕੁਇੰਟਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸੂਬੇ ਦੀ ਏਜੰਸੀ ਮਾਰਕਫੈੱਡ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ 663 ਕੁਇੰਟਲ, ਜਦਕਿ ਬਾਕੀ 215 ਕੁਇੰਟਲ ਨਿੱਜੀ ਏਜੰਸੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਤੋਂ ਉੱਪਰ ਭਾਅ ਉੱਤੇ ਖਰੀਦੀ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ, ਸੁੱਖਾ ਕਾਹਲੋਂ, ਰੌਮੀ ਹਾਂਗਕਾਂਗ, ਗੌਂਡਰ ਵਰਗਿਆਂ ਲਈ ਟ੍ਰੇਨਿੰਗ ਕੇਂਦਰ ਬਣੀ ਰਹੀ ਨਾਭਾ ਦੀ ਸਕਿਓਰਿਟੀ ਜੇਲ

ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ ਕੁੱਲ ਆਮਦ ਵਿੱਚੋਂ ਇਕੱਲੀ ਜਗਰਾਓਂ ਮੰਡੀ ਵਿਚ 790 ਕੁਇੰਟਲ ਫਸਲ (58 ਫੀਸਦੀ) ਪਹੁੰਚੀ ਹੈ ਜਦਕਿ ਇਸ ਤੋਂ ਬਾਅਦ ਬਰਨਾਲਾ ਦੀਆਂ ਮੰਡੀਆਂ ਸ਼ਾਮਲ ਹਨ ਜਿੱਥੇ 510 ਕੁਇੰਟਲ ਫਸਲ ਪਹੁੰਚੀ ਹੈ। ਜਗਰਾਓਂ ਮੰਡੀ ਵਿਚ ਪਹੁੰਚੀ 790 ਕੁਇੰਟਲ ਮੂੰਗੀ ਵਿੱਚੋਂ ਸੂਬੇ ਦੀ ਖਰੀਦ ਏਜੰਸੀ ਮਾਰਕਫੈੱਡ ਅਤੇ ਪ੍ਰਾਈਵੇਟ ਏਜੰਸੀਆਂ ਨੇ 555 ਕੁਇੰਟਲ ਨੂੰ ਸਮਰਥਨ ਮੁੱਲ ਜਾਂ ਇਸ ਤੋਂ ਵੱਧ ਭਾਅ ਉਤੇ ਖਰੀਦਿਆ। ਸੂਬਾ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਫਸਲ ਦੀ ਅਦਾਇਗੀ ਡਾਇਰੈਕਟ ਬੈਨੇਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦੀ ਪ੍ਰਕਿਰਿਆ ਅਪਣਾਈ ਹੋਈ ਹੈ ਅਤੇ ਖਰੀਦ ਏਜੰਸੀ ਮਾਰਕਫੈੱਡ ਵੱਲੋਂ ਮੂੰਗੀ ਵੇਚਣ ਵਾਲੇ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ’ਤੇ ਅਦਾਇਗੀ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ : ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਵਧੀਆਂ ਮੁਸ਼ਕਲਾ, ਇਕ ਹੋਰ ਮਾਮਲੇ ’ਚ ਫਸੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News