ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

Wednesday, Sep 01, 2021 - 06:20 PM (IST)

ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

ਤਰਨਤਾਰਨ (ਰਮਨ) : ਥਾਣਾ ਸਦਰ ਤਰਨਤਾਰਨ ਅਧੀਨ ਆਉਂਦੇ ਪਿੰਡ ਨੋਨੇ ਵਿਖੇ ਇਕ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਦੁਖੀ ਹੋ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਕੌਰ ਪੁੱਤਰੀ ਕਾਬਲ ਸਿੰਘ ਵਾਸੀ ਚੰਦੂ ਵਡਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਵਿਆਹ ਕਰੀਬ 9 ਸਾਲ ਪਹਿਲਾਂ ਰਜਿੰਦਰ ਸਿੰਘ ਵਾਸੀ ਪਿੰਡ ਨੋਨੇ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਸਹੁਰਾ ਪਰਿਵਾਰ ਰਮਨਦੀਪ ਕੌਰ ਨੂੰ ਦਹੇਜ ਦੀ ਹੋਰ ਮੰਗ ਕਰਨ ਲੱਗਾ।

ਰਮਨਦੀਪ ਕੌਰ ਦੀ ਮਾਂ ਦਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਵਿਆਹ ਮੌਕੇ ਆਲਟੋ ਕਾਰ ਅਤੇ ਹੋਰ ਸਾਰਾ ਸਾਮਾਨ ਦਾਜ ਵਿਚ ਦਿੱਤਾ ਸੀ ਪ੍ਰੰਤੂ ਰਜਿੰਦਰ ਸਿੰਘ ਅਤੇ ਉਸ ਦਾ ਪਰਿਵਾਰ ਰਮਨਦੀਪ ਕੌਰ ਨੂੰ ਪੇਕਿਆਂ ਦੀ ਜ਼ਮੀਨ ਆਪਣੇ ਨਾਮ ਕਰਵਾਉਣ ਲਈ ਮਾਰਦੇ-ਕੁੱਟਦੇ ਰਹਿੰਦੇ ਸਨ। ਦਲਜੀਤ ਕੌਰ ਨੇ ਦੱਸਿਆ ਕਿ ਰਮਨਦੀਪ ਕੌਰ ਨੇ ਆਪਣੇ ਪਤੀ ਅਤੇ ਹੋਰ ਮੈਂਬਰਾਂ ਤੋਂ ਤੰਗ ਹੋ ਜ਼ਹਿਰੀਲੀ ਦਵਾਈ ਪੀ ਲਈ, ਜਿਸ ਦੀ ਮੌਤ ਹੋ ਗਈ ਹੈ। ਮ੍ਰਿਤਕ ਆਪਣੇ ਪਿੱਛੇ ਇਕ ਅੱਠ ਸਾਲ ਦਾ ਬੇਟਾ ਗੁਰਸ਼ੇਰ ਸਿੰਘ ਛੱਡ ਗਈ ਹੈ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਸਦਰ ਤਰਨਤਾਰਨ ਦੇ ਡਿਊਟੀ ਅਫਸਰ ਬਲਰਾਜ ਸਿੰਘ ਨੇ ਮ੍ਰਿਤਕ ਰਮਨਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਪਤੀ ਰਜਿੰਦਰ ਸਿੰਘ, ਨਨਾਣ ਗੁਰਪ੍ਰੀਤ ਕੌਰ ਆਦਿ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।


author

Gurminder Singh

Content Editor

Related News