ਮਾਲਵੇ ''ਚ ''ਕੈਂਸਰ'' ਮਗਰੋਂ ''ਕਾਲੇ ਪੀਲੀਏ'' ਦੀ ਬੀਮਾਰੀ ਲੱਗੀ ਪੈਰ ਪਸਾਰਨ
Monday, Mar 05, 2018 - 02:09 AM (IST)

ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਮਾਲਵਾ ਖਿੱਤੇ 'ਚ ਕੈਂਸਰ ਮਗਰੋਂ ਹੁਣ 'ਕਾਲੇ ਪੀਲੀਏ' ਦੀ ਬੀਮਾਰੀ ਦੇ ਕਹਿਰ ਨੇ ਲੋਕਾਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰ ਕੇ ਇਸ ਖਿੱਤੇ ਦੇ ਲੋਕ ਅੰਤਾਂ ਦੀ ਪ੍ਰੇਸ਼ਾਨੀ ਦੇ ਆਲਮ 'ਚੋਂ ਲੰਘ ਰਹੇ ਹਨ। ਭਾਵੇਂ ਇਸ ਬੀਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਵਿਭਾਗ ਵੱਲੋਂ ਸਿਰਫ ਉਨ੍ਹਾਂ ਮਰੀਜ਼ਾਂ ਨੂੰ ਹੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਿਭਾਗ ਕੋਲ ਰਜਿਸਟ੍ਰੇਸ਼ਨ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਪ੍ਰਾਈਵੇਟ ਤੌਰ 'ਤੇ ਵੀ ਬਹੁ ਗਿਣਤੀ ਲੋਕ ਇਸ ਬੀਮਾਰੀ ਦੇ ਇਲਾਜ ਲਈ ਹਸਪਤਾਲਾਂ 'ਚ ਜਾ ਰਹੇ ਹਨ।
'ਜਗ ਬਾਣੀ' ਵੱਲੋਂ ਇਸ ਸਬੰਧ 'ਚ ਇਕੱਤਰ ਕੀਤੇ ਗਏ ਵੇਰਵਿਆਂ 'ਚ ਇਹ ਤੱਥ ਉੱਭਰ ਕੇ ਸਾਹਮਣੇ ਆਇਆ ਹੈ ਕਿ ਮੋਗਾ ਜ਼ਿਲੇ 'ਚ ਕਾਲੇ ਪੀਲੀਏ ਦੀ ਬੀਮਾਰੀ ਦੇ ਸ਼ਿਕਾਰ ਲੋਕਾਂ ਦੀ ਗਿਣਤੀ 4,065 ਹੈ, ਜਿਨ੍ਹਾਂ 'ਚ ਜ਼ਿਆਦਾ ਲੋਕ ਬਾਘਾਪੁਰਾਣਾ ਤਹਿਸੀਲ ਦੇ ਪਿੰਡਾਂ ਨਾਲ ਸਬੰਧਿਤ ਹਨ। ਸੂਤਰਾਂ ਨੇ ਇਸ ਗੱਲ ਨੂੰ ਵੀ ਬੇਪਰਦ ਕੀਤਾ ਹੈ ਕਿ ਇਥੋਂ ਦੇ ਸਰਕਾਰੀ ਸਿਵਲ ਹਸਪਤਾਲ 'ਚ ਇਸ ਬੀਮਾਰੀ ਦੇ ਇਲਾਜ ਲਈ ਮਰੀਜ਼ ਤੜਕਸਾਰ ਤੋਂ ਹੀ ਲਾਈਨਾਂ 'ਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰਨ ਲੱਗਦੇ ਹਨ ਪਰ ਇਸ ਬੀਮਾਰੀ ਦਾ ਹਸਪਤਾਲ 'ਚ ਸਿਰਫ ਇਕ ਹੀ ਮਾਹਰ ਡਾਕਟਰ ਹੋਣ ਕਰ ਕੇ ਮਰੀਜ਼ਾਂ ਨੂੰ ਘੰਟਿਆਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪੰਜਾਬ ਸਰਕਾਰ ਨੇ ਹੁਣ ਫੰਡਾਂ ਦੀ ਘਾਟ ਕਰ ਕੇ ਨਵੇਂ ਮਰੀਜ਼ਾਂ ਨੂੰ ਇਸ ਬੀਮਾਰੀ ਦੇ ਇਲਾਜ ਦੀਆਂ ਦਵਾਈਆਂ ਮੁਹੱਈਆ ਕਰਵਾਉਣ 'ਤੇ ਵੀ ਇਕ ਦਫਾ ਰੋਕ ਲਾ ਦਿੱਤੀ ਹੈ। ਉਂਝ ਇਸ ਬੀਮਾਰੀ ਤੋਂ ਪੀੜਤਾਂ ਦੀ ਰਜਿਸਟ੍ਰੇਸ਼ਨ ਹੋ ਰਹੀ ਹੈ ਪਰ ਨਵੇਂ ਮਰੀਜ਼ਾਂ ਨੂੰ ਦਵਾਈਆਂ ਕਦੋਂ ਸ਼ੁਰੂ ਕੀਤੀਆਂ ਜਾਣੀਆਂ ਹਨ, ਇਸ ਦਾ ਹਾਲੇ ਕੋਈ ਪਤਾ ਨਹੀਂ ਹੈ।