ਸੁਲਤਾਨਪੁਰ ਲੋਧੀ ਦੇ ਅਧੂਰੇ ਵਿਕਾਸ ਕਾਰਜ ਕੈਪਟਨ ਵਲੋਂ 10 ਅਕਤੂਬਰ ਤੱਕ ਮੁਕੰਮਲ ਕਰਨ ਦੇ ਹੁਕਮ

09/18/2019 7:31:42 PM

ਕਪੂਰਥਲਾ-(ਧਵਨ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਨੇੜੇ ਵੇਖ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਵਿਕਾਸ ਪ੍ਰਾਜੈਕਟ 10 ਅਕਤੂਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਇਸ ਸਬੰਧੀ ਸਥਾਨਕ ਸਰਕਾਰ ਅਦਾਰਿਆਂ ਬਾਰੇ ਵਿਭਾਗ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤਾਂ ਦਿੱਤੀਆਂ ਹਨ। ਇਕ ਸਰਕਾਰੀ ਬੁਲਾਰੇ ਨੇ ਬੁੱਧਵਾਰ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਮਿਤੀ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਤਿਵੇਂ-ਤਿਵੇਂ ਕੈਪਟਨ ਅਮਰਿੰਦਰ ਸਿੰਘ ਖੁਦ ਸਭ ਸਬੰਧਤ ਵਿਭਾਗਾਂ ਦੇ ਮੰਤਰੀਆਂ ਅਤੇ ਪ੍ਰਿੰਸੀਪਲ ਸਕੱਤਰਾਂ ਨਾਲ ਬੈਠਕਾਂ ਕਰ ਕੇ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਲਗਾਤਾਰ ਰਿਪੋਰਟ ਲੈ ਰਹੇ ਹਨ।

ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਰੋਹ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਵੱਡੀ ਪੱਧਰ 'ਤੇ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਹੈ। ਇਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਨੇ ਆਉਣਾ ਹੈ। ਮੁੱਖ ਮੰਤਰੀ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਸੁਲਤਾਨਪੁਰ ਲੋਧੀ ਵਿਖੇ ਸਭ ਪਾਰਕਿੰਗ ਵਾਲੀਆਂ ਥਾਵਾਂ ਅਤੇ ਲੰਗਰ ਵਾਲੀਆਂ ਥਾਵਾਂ 'ਤੇ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਹੋਣੀ ਚਾਹੀਦੀ ਹੈ। ਪਾਣੀ ਦੀ ਕਿਸੇ ਤਰ੍ਹਾਂ ਦੀ ਸੰਭਾਵਿਤ ਕਮੀ ਤੋਂ ਬਚਣ ਲਈ 5000-5000 ਲਿਟਰ ਵਾਲੇ ਵਾਟਰ ਟੈਂਕ ਸਥਾਪਿਤ ਕੀਤੇ ਜਾ ਰਹੇ ਹਨ। ਸੁਲਤਾਨਪੁਰ ਲੋਧੀ ਅਤੇ ਨਾਲ ਲੱਗਦੇ 35 ਇਲਾਕਿਆਂ ਵਿਚ ਏ. ਟੀ. ਐੱਮ. ਲਾਏ ਜਾਣਗੇ।

ਇਸ ਦੇ ਨਾਲ ਹੀ 2000 ਆਰਜ਼ੀ ਟਾਇਲਟਾਂ ਬਣਾਈਆਂ ਗਈਆਂ ਹਨ। 1500 ਪੱਕੀਆਂ ਟਾਇਲਟਾਂ ਦੀ ਉਸਾਰੀ ਵੀ ਕਰਵਾਈ ਜਾ ਰਹੀ ਹੈ। ਸ਼ਰਧਾਲੂਆਂ ਦੇ ਇਸ਼ਨਾਨ ਲਈ ਵੱਖਰੇ ਤੌਰ 'ਤੇ ਪ੍ਰਬੰਧ ਕੀਤੇ ਜਾ ਰਹੇ ਹਨ। ਟਾਇਲਟਾਂ ਲਈ ਸਫਾਈ ਲਈ 1100 ਸਫਾਈ ਮੁਲਾਜ਼ਮ ਨਿਯੁਕਤ ਕੀਤੇ ਜਾਣਗੇ। ਇਹ ਮੁਲਾਜ਼ਮ 24 ਘੰਟੇ ਡਿਊਟੀ 'ਤੇ ਰਹਿਣਗੇ। ਸਥਾਨਕ ਸਰਕਾਰ ਵਿਭਾਗ ਵਲੋਂ ਸੁਲਤਾਨਪੁਰ ਲੋਧੀ ਵਿਖੇ 48 ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ। ਇਨ੍ਹਾਂ ਵਿਚੋਂ 37 'ਤੇ ਕੰਮ ਮੁਕੰਮਲ ਹੋਣ ਵਾਲਾ ਹੈ। ਬਾਕੀ ਦੇ ਪ੍ਰਾਜੈਕਟ 30 ਸਤੰਬਰ ਤੱਕ ਮੁਕੰਮਲ ਕਰ ਲਏ ਜਾਣਗੇ।
ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਆਪਣੇ ਕੈਬਨਿਟ ਮੰਤਰੀਆਂ ਨਾਲ ਕੁਝ ਦਿਨ ਬਾਅਦ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀਆਂ ਵਲੋਂ ਮੁੱਖ ਮੰਤਰੀ ਨਾਲ ਮੌਕੇ 'ਤੇ ਜਾਣ ਕਾਰਣ ਲਾਂਘੇ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇਗਾ।


Karan Kumar

Content Editor

Related News