ਚੁੱਘ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਘੇਰੀ 'ਆਪ' ਸਰਕਾਰ, ਕਹੀਆਂ ਇਹ ਗੱਲਾਂ

11/04/2022 12:04:17 AM

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਚਿੰਤਾਜਨਕ ਵਾਧਾ ਪ੍ਰਸ਼ਾਸਨ ਦੀ ਨਿਰਾਸ਼ਾਜਨਕ ਅਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਵਿਰੁੱਧ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਮੋਦੀ ਸਰਕਾਰ ਵੱਲੋਂ ਪੈਸੇ ਅਤੇ ਟੈਕਨਾਲੋਜੀ ਦੇ ਮਾਮਲੇ ਵਿੱਚ ਦਿੱਤੀ ਗਈ ਸਹਾਇਤਾ ਦੀ ਵਰਤੋਂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

ਇਹ ਵੀ ਪੜ੍ਹੋ : ਕਸ਼ਮੀਰ 'ਚ ਅੱਤਵਾਦੀਆਂ ਨੇ ਫਿਰ ਬਾਹਰੀ ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ, 2 ਲੋਕਾਂ ਨੂੰ ਮਾਰੀ ਗੋਲੀ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 20,000 ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜੋ ਨਾ ਸਿਰਫ਼ ਚਿੰਤਾਜਨਕ ਹਨ ਅਤੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਅਕੁਸ਼ਲਤਾ ਅਤੇ ਅਸੰਵੇਦਨਸ਼ੀਲਤਾ ਨੂੰ ਦਰਸਾਉਂਦੀਆਂ ਹਨ ਸਗੋਂ ਇਹ ਵੀ ਦਰਸਾਉਂਦੀਆਂ ਹਨ ਕਿ ਇਹ ਖਿੱਤੇ ਵਿੱਚ ਵਾਤਾਵਰਣ ਦੇ ਮੁੱਦਿਆਂ ਪ੍ਰਤੀ ਕਿੰਨੀ ਤਰਸਯੋਗ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਗਾਉਣ ਦੀ ਗਿਣਤੀ ਬਹੁਤ ਜ਼ਿਆਦਾ ਹੈ, ਜੋ ਇਸ ਸਮੱਸਿਆ ਨੂੰ ਹੱਲ ਕਰਨ ਲਈ 'ਆਪ' ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਦਿੱਲੀ ਦੇ 'ਗੈਸ ਚੈਂਬਰ' 'ਚ ਤਬਦੀਲ ਹੋਣ ਤੋਂ ਬਾਅਦ ਰਾਜਧਾਨੀ 'ਚ ਇਨ੍ਹਾਂ ਡੀਜ਼ਲ ਵਾਹਨਾਂ 'ਤੇ ਲੱਗੀ ਪਾਬੰਦੀ

ਚੁੱਘ ਨੇ ਕਿਹਾ ਕਿ ਸੂਬੇ ਦੀ ਗੱਲ ਤਾਂ ਕੀ ਕਰੀਏ, ਮੁੱਖ ਮੰਤਰੀ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਵੀ ਇਸ ਸਮੱਸਿਆ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਇਹ 'ਆਪ' ਸਰਕਾਰ ਦੀ ਅਪਰਾਧਿਕ ਲਾਪ੍ਰਵਾਹੀ ਹੈ ਕਿਉਂਕਿ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਵਾਪਰ ਰਹੇ ਹਨ, ਜੋ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਕਿੰਨੇ ਕੁ ਗੰਭੀਰ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh