ਸੂਬੇ ''ਚ ਵਧਾਈ ਗਈ ਸੁਰੱਖਿਆ, ਸਪੈਸ਼ਲ DGP ਅਰਪਿਤ ਸ਼ੁਕਲਾ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਦਿਸ਼ਾ-ਨਿਰਦੇਸ਼

Friday, May 17, 2024 - 06:40 PM (IST)

ਮੋਗਾ (ਆਜ਼ਾਦ, ਗੋਪੀ ਰਾਊਕੇ)-ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀ. ਜੀ. ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਪੰਜਾਬ ਪੁਲਸ ਸੂਬੇ ਵਿਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧ ਕਰਨ ਵਾਲੇ ਲੋਕਾਂ ਅਤੇ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਕਿਸੇ ਉਮੀਦਵਾਰ ਜਾਂ ਰਾਜਸੀ ਪਾਰਟੀ ਦਾ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਜਮਹੂਰੀਅਤ ਤਰੀਕੇ ਨਾਲ ਹੀ ਵਿਰੋਧ ਕਰਨ, ਕਿਸੇ ਵੀ ਹੀਲੇ ਕਾਨੂੰਨ ਨੂੰ ਹੱਥ ਵਿਚ ਨਾ ਲੈਣ ਦੀ ਕੋਸ਼ਿਸ਼ ਕਰਨ, ਕਿਉਂਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ ਮੁਤਾਬਕ ਹਰੇਕ ਪਾਰਟੀ ਅਤੇ ਉਮੀਦਵਾਰ ਨੂੰ ਵੋਟਾਂ ਲਈ ਆਪਣਾ ਚੋਣ ਪ੍ਰਚਾਰ ਕਰਨ ਦੀ ਬਰਾਬਰ ਖੁੱਲ੍ਹ ਹੈ, ਇਹ ਜਾਣਕਾਰੀ ਉਨ੍ਹਾਂ ਅੱਜ ਇਥੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਰੀਦਕੋਟ ਅਤੇ ਫਿਰੋਜ਼ਪੁਰ ਰੇਂਜਾਂ ਦੇ ਆਈ. ਜੀ. ਪੀ./ਡੀ. ਆਈ. ਜੀ. ਅਤੇ ਐੱਸ. ਐੱਸ. ਪੀਜ਼ ਨਾਲ ਮੀਟਿੰਗਾਂ ਕਰਨ ਉਪਰੰਤ ਦਿੱਤੀ।

ਇਹ ਵੀ ਪੜ੍ਹੋ- Fact Check: ਬੀਬੀ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਣੋ ਕੀ ਹੈ ਸੱਚਾਈ

ਮੀਟਿੰਗ ਵਿਚ ਫਰੀਦਕੋਟ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ. ਜੀ. ਪੀ.) ਗੁਰਸ਼ਰਨ ਸਿੰਘ ਸੰਧੂ, ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀ. ਆਈ. ਜੀ. ਪੀ.) ਆਰ. ਐੱਸ. ਢਿੱਲੋਂ, ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫ਼ੀਸਦੀ ਪੁਲਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 272 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿਚ ਕੇਂਦਰੀ ਬਲਾਂ ਦੀਆਂ 26 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਕੁੱਲ 298 ਕੰਪਨੀਆਂ ਪੰਜਾਬ ਚੋਣਾਂ ਲਈ ਤਾਇਨਾਤ ਕੀਤੀਆਂ ਜਾਣਗੀਆਂ।

PunjabKesari

ਉਨ੍ਹਾਂ ਦੱਸਿਆ ਕਿ ਪੰਜਾਬ ਦੇ 10 ਜ਼ਿਲ੍ਹੇ ਵੱਖ-ਵੱਖ ਰਾਜਾਂ ਨਾਲ ਲੱਗਦੇ ਹਨ, ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਸੁਰੱਖਿਆ ਦੇ ਮੱਦੇਨਜ਼ਰ 220 ਇੰਟਰ ਸਟੇਟ ਨਾਕੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 3103 ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰ ਲਈ ਗਈ ਹੈ, ਜਿਸ ਲਈ ਲੋੜੀਂਦੀ ਗਿਣਤੀ ਵਿਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਸ ਦਾ ਸਹਿਯੋਗ ਕਰਨ। ਇਸ ਸਬੰਧੀ ਕੋਈ ਵੀ ਸ਼ਿਕਾਇਤ ਚੋਣ ਕਮਿਸ਼ਨ ਵੱਲੋਂ ਜਾਰੀ ਹੈਲਪਲਾਈਨ ਨੰਬਰ ਜਾਂ ਫਿਰ 112 ਉੱਤੇ ਦਰਜ ਕਰਵਾਈ ਜਾ ਸਕਦੀ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ CM ਭਗਵੰਤ ਮਾਨ ਅੱਜ ਪਵਨ ਟੀਨੂੰ ਦੇ ਹੱਕ 'ਚ ਕੱਢਣਗੇ ਰੋਡ ਸ਼ੋਅ, ਸੁਰੱਖਿਆ ਦੇ ਸਖ਼ਤ ਇੰਤਜ਼ਾਮ

ਪੁਲਸ ਵੱਲੋਂ ਪੁਖ਼ਤਾ ਜਾਣਕਾਰੀ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਸੂਬੇ ਵਿਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰ ਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟਖੋਹ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ। ਜ਼ਿਕਰਯੋਗ ਹੈ ਕਿ ਸਪੈਸ਼ਲ ਡੀ. ਜੀ. ਪੀ. ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News