ਡੀਜ਼ਲ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਆਮ ਜਨਤਾ ''ਚ ਰੋਸ
Monday, Sep 18, 2017 - 03:27 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਬੇਦੀ) — ਲਗਾਤਾਰ ਵੱਧ ਰਹੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਕਾਰਨ ਗੁੱਸਾਏ ਯੂਥ ਕਾਂਗਰਸੀਆਂ ਨੇ ਪੰਜਾਬ ਯੂਥ ਕਾਂਗਰਸ ਦੀ ਜਨਰਲ ਸਕੱਤਰ ਪੂਨਮ ਕਾਂਗੜਾ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਪੈਟਰੋਲੀਅਮ ਮੰਤਰੀ ਦਾ ਪਿਟ-ਸਿਆਪਾ ਕੀਤਾ। ਇਸ ਮੌਕੇ 'ਤੇ ਪੂਨਮ ਕਾਂਗੜਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦਾ ਮੰਤਰੀ ਮੰਡਲ ਦੇਸ਼ ਨੂੰ ਬਰਬਾਦ ਕਰਨ 'ਤੇ ਤੁਲੇ ਹੋਏ ਹਨ। ਜਿਥੇ ਪਹਿਲਾਂ ਦੇਸ਼ 'ਚ ਨੋਟਬੰਦੀ ਨੇ ਲੋਕਾਂ ਦਾ ਆਰਥਿਕ ਸੰਤੁਲਨ ਬਿਗਾੜ ਕੇ ਰੱਖ ਦਿੱਤਾ ਹੈ, ਉਥੇ ਹੀ ਹੁਣ ਬਹੁਤ ਤੇਜ਼ੀ ਨਲਾ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਹਰ ਪੱਖੋਂ ਕਚੂਮਰ ਕੱਢ ਕੇ ਰੱਖ ਦਿੱਤਾ ਹੈ।
ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ, ਦੂਜੇ ਪਾਸੇ ਰੋਜ਼ਾਨਾ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਜਿਸ ਨੂੰ ਲੈ ਕੇ ਜਨਤਾ ਨੂੰ ਦੋ ਵਕਤ ਦੀ ਰੋਟੀ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਨੇ ਕੇਂਦਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਜਨਤਾ ਨੂੰ ਜਲਦੀ ਹੀ ਰਾਹਤ ਨਾ ਦਿੱਤੀ ਗਈ ਤਾਂ ਯੂਥ ਕਾਂਗਰਸ ਜੰਗੀ ਪੱਧਰ 'ਤੇ ਸੰਘਰਸ਼ ਛੇੜਨਗੇ।
