ਸਖ਼ਤ ਕਾਨੂੰਨ ਤੋਂ ਬਿਨਾਂ ਨਹੀਂ ਰੁਕਣਗੀਆਂ ਬੇਅਦਬੀਆਂ : ਐਡਵੋਕੇਟ ਧਾਮੀ
Sunday, May 28, 2023 - 12:58 AM (IST)
ਫਤਿਹਗੜ੍ਹ ਸਾਹਿਬ (ਜਗਦੇਵ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨ ਦੇ ਹੱਕ ’ਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਵੱਲੋਂ ਮਦਦ ਕੀਤੇ ਜਾਣ ਦੇ ਐਲਾਨ ’ਤੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫ਼ੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਵੱਲੋਂ ਪਹਿਲਵਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀਆਂ ਦੀ ਮੂਵਮੈਂਟ ਕਰਾਰ ਦੇਣ ਦੀ ਨਿਖੇਧੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਮਨੁੱਖੀ ਤਸਕਰੀ ਤੇ ਜਾਅਲੀ ਏਜੰਟਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਲੈਣ ਖਾਤਿਰ ਧਰਨਾਕਾਰੀਆਂ ਦੀ ਮਦਦ ਕਰਨਾ ਸਿੱਖ ਕੌਮ ਦਾ ਪਹਿਲਾ ਫ਼ਰਜ਼ ਹੈ, ਇਸੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ’ਚ 29 ਮਈ ਨੂੰ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਹੱਕ ’ਚ ਸ਼ਮੂਲੀਅਤ ਕੀਤੀ ਜਾਵੇਗੀ। ਐਡਵਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਤਹਿਤ 26 ਲੱਖ ਦੇ ਲੱਗਭਗ ਸੰਗਤਾਂ ਦੇ ਦਸਤਖ਼ਤ ਕੀਤੇ ਫਾਰਮਾਂ ਨੂੰ ਪੰਜਾਬ ਤੇ ਰਾਜਪਾਲ ਕੋਲੋਂ ਸਮਾਂ ਲੈ ਕੇ ਸੌਂਪਿਆ ਜਾਵੇਗਾ ਕਿਉਂਕਿ ਪਹਿਲਾਂ ਰਾਜਪਾਲ ਵੱਲੋਂ ਕਿਸੇ ਰੁਝੇਵੇਂ ਕਾਰਨ ਇਹ ਪ੍ਰੋਗਰਾਮ ਮੁਲਤਵੀ ਹੋ ਗਿਆ ਸੀ ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਨਵਾਂ ਸਮਾਂ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ : 8ਵੀਂ ਪਾਸ ਕੈਫੇ ਮਾਲਕ ਨੇ ਕਰ ’ਤਾ ਵੱਡਾ ਕਾਂਡ, ਪੂਰਾ ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਗੁਰੂਘਰਾਂ ’ਚ ਹੋ ਰਹੀਆਂ ਬੇਅਦਬੀਆਂ ਦੇ ਮਾਮਲੇ ’ਤੇ ਬੋਲਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਵਿਚ ਸੋਧ ਕਰ ਕੇ ਸਖ਼ਤ ਕਾਨੂੰਨ ਨਹੀਂ ਬਣਾਏ ਜਾਂਦੇ ਤੇ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਬੇਅਦਬੀਆਂ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਚੈਨਲ ਖੋਲ੍ਹੇ ਜਾਣ ਦੇ ਮਾਮਲੇ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਮਾਮਲੇ ਨੂੰ ਨਿੱਜੀ ਤੌਰ ’ਤੇ ਦੇਖ ਰਹੇ ਹਨ ਕਿਉਂਕਿ ਇਹ ਮਾਮਲਾ ਕੋਈ ਛੋਟਾ ਨਹੀਂ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਰਿਆ, ਅਮਰਜੀਤ ਸਿੰਘ ਸਿੱਧੂ, ਡਾ. ਅਜਾਇਬ ਸਿੰਘ ਬਰਾੜ, ਬਲਦੇਵ ਸਿੰਘ ਕਾਇਮਪੁਰ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਵਿਦਿਆ ਸਕੱਤਰ ਸ਼੍ਰੋਮਣੀ ਕਮੇਟੀ ਸੁਖਮਿੰਦਰ ਸਿੰਘ, ਡਾ.ਚਮਕੌਰ ਸਿੰਘ, ਪ੍ਰਿੰਸੀਪਲ ਡਾ. ਲਖਬੀਰ ਸਿੰਘ, ਡਾ. ਐੱਸ. ਐੱਸ. ਬਿਲਿੰਗ ਵੀ ਹਾਜ਼ਰ ਸਨ।