ਆਜ਼ਾਦੀ ਦਿਹਾੜੇ ''ਤੇ ਮੰਤਰੀ ਹਰਜੋਤ ਬੈਂਸ ਦਾ ਐਲਾਨ, ਸਰਕਾਰੀ ਸਕੂਲਾਂ ਨੂੰ ਲੈ ਕੇ ਆਖੀ ਇਹ ਗੱਲ

Monday, Aug 15, 2022 - 06:35 PM (IST)

ਹੁਸ਼ਿਆਰਪੁਰ (ਘੁੰਮਣ)- ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ’ਤੇ ਅੱਜ ਪੁਲਸ ਲਾਈਨ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸਕੂਲ ਸਿੱਖਿਆ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ ਅਤੇ ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਮੰਤਰੀ ਬੈਂਸ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੀ ਉਨ੍ਹਾਂ ਦੇ ਨਾਲ ਸਨ। ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਸੱਦਾ ਦਿੰਦਿਆਂ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ। 

ਸਰਕਾਰੀ ਸਕੂਲ ਬਣਨਗੇ ਹੋਰ ਵੀ ਵਧੀਆ

ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ ‘ਸਕੂਲ ਆਫ਼ ਐਮੀਨੈਂਸ’ ਵਿਚ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਫਾਇਦੇਮੰਦ ਸਾਬਤ ਹੋਵੇਗਾ।  ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਆਪਹੁਦਰੇ ਢੰਗ ਨਾਲ ਫ਼ੀਸਾਂ ਵਧਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਵਿਚ ਸੁਧਾਰ ਘਰ ਬਣਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਪੁੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਹਰ ਇਕ ਕੈਦੀਆਂ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ, ਤਾਂ ਜੋ ਨਸ਼ਾ ਕਰਨ ਵਾਲੇ ਕੈਦੀ ਦਾ ਨਸ਼ਾ ਛੁਡਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਜੇਲ੍ਹਾਂ ਵਿਚ ਕੈਦੀਆਂ ਵਲੋਂ ਮੋਬਾਇਲ ਫੋਨ ਦੀ ਵਰਤੋਂ ਕਰਨ ’ਤੇ ਵੀ ਸਖਤੀ ਵਰਤ ਰਹੀ ਹੈ ਅਤੇ ਪਿਛਲੇ 5 ਮਹੀਨਿਆਂ ਵਿਚ 2000 ਤੋਂ ਵੱਧ ਮੋਬਾਇਲ ਫੋਨ ਜ਼ਬਤ ਕੀਤੇ ਗਏ ਹਨ।ਇਸ ਮੌਕੇ ਹਲਕਾ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਸ਼੍ਰੀ ਕਰਮਬੀਰ ਸਿੰਘ ਘੁੰਮਣ, ਮੇਅਰ ਸ਼੍ਰੀ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ: ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ ਐਲਾਨ, ਜਲੰਧਰ ਜ਼ਿਲ੍ਹੇ ’ਚ ਕੱਲ੍ਹ ਸਾਰੇ ਸਕੂਲ ਰਹਿਣਗੇ ਬੰਦ

PunjabKesari

ਭ੍ਰਿਸ਼ਟਾਚਾਰ ਹੋਵੇਗਾ ਜੜ੍ਹੋਂ ਖ਼ਤਮ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿਚ ਵੱਡੀ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਸੂਬਾ ਵਾਸੀਆਂ ਨੂੰ ਸਹੂਲਤ ਪ੍ਰਦਾਨ ਕਰਨ ਲਈ 122 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਸਾਰੀਆਂ ਸੇਵਾਵਾਂ ਇਕੋ ਛੱਤ ਥੱਲੇ ਨਿਰਧਾਰਤ ਸਮੇਂ ਅੰਦਰ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਕੰਮ ਦੇ ਘੰਟੇ ਵਧਾ ਦਿੱਤੇ ਗਏ ਹਨ ਅਤੇ ਹੁਣ ਇਹ ਕੇਂਦਰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰਨ ਲਈ ਨਵੀਂ ਮਾਈਨਿੰਗ ਪਾਲਿਸੀ ਵੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਨਵੀਆਂ ਸਰਕਾਰੀ ਉਦਯਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਧੀਆ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ 75 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। 

ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮਾਣ ਭੱਤਾ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਆਪਣੀ ਜਾਨ ਦੇਣ ਵਾਲੇ ਸੈਨਿਕਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉਥੇ ਹੀ 29 ਅਗਸਤ ਤੋਂ ਪੰਜਾਬ ਭਰ ਵਿਚ ਪੇਂਡੂ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਜਾਇਜ਼ ਕਬਜਿਆਂ ਖ਼ਿਲਾਫ਼ ਵੀ ਸਖ਼ਤੀ ਵਰਤੀ ਜਾ ਰਹੀ ਹੈ ਅਤੇ ਵੱਡੇ ਪੱਧਰ ’ਤੇ ਨਜਾਇਜ਼ ਕਬਜ਼ੇ ਛੁਡਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਕਪੂਰਥਲਾ ਵਿਖੇ ਡੂੰਘੇ ਨਾਲੇ 'ਚ ਡਿੱਗੇ ਡੇਢ ਸਾਲਾ ਬੱਚੇ ਦੀ ਲਾਸ਼ ਬਰਾਮਦ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਸਮਾਰੋਹ ਦੌਰਾਨ ਕੈਬਨਿਟ ਮੰਤਰੀ ਵਲੋਂ ਜਿਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਆ ਗਿਆ, ਉਥੇ 92 ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਜ਼ਰੂਰਤਮੰਦ ਵਿਅਕਤੀਆਂ ਨੂੰ 20 ਸਿਲਾਈ ਮਸ਼ੀਨਾਂ, 5 ਟਰਾਈ ਸਾਈਕਲ ਅਤੇ 5 ਵੀਲ੍ਹਚੇਅਰਜ਼ ਵੀ ਸੌਂਪੇ ਗਏ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮੈਰੀਟੋਰੀਅਸ 6 ਵਿਦਿਆਰਥੀਆਂ ਨੂੰ ਦਸਵੀਂ, ਬਾਹਰਵੀਂ ਕਲਾਸ ਮੈਡੀਕਲ, ਨਾਨ-ਮੈਡੀਕਲ ਸਟਰੀਮ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਆ ਗਿਆ। ਇਨ੍ਹਾਂ 6 ਵਿਦਿਆਰਥੀਆਂ ਵਿਚ ਤਿੰਨ ਲੜਕੀਆਂ ਅਤੇ ਤਿੰਨ ਲੜਕੇ ਸ਼ਾਮਲ ਹਨ। 

ਜ਼ਿਲ੍ਹੇ ਦੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ਐਲਾਨ 

ਪ੍ਰੋਗਰਾਮ ਦੌਰਾਨ ਜਿੱਥੇ ਪਰੇਡ ਕਮਾਂਡਰ ਡੀ. ਐੱਸ. ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਉਥੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀਆਂ ਆਈਟਮਾਂ ਵੀ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਆਮ ਆਦਮੀ ਕਲੀਨਿਕ, ਨਗਰ ਨਿਗਮ ਅਤੇ ਸਵੱਛਤਾ ਦਾ ਲੰਗਰ ਸੇਵਾ ਸੋਸਾਇਟੀ ਵੱਲੋਂ ਸਾਂਝੇ ਤੌਰ ’ਤੇ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਸਬੰਧੀ ਅਤੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਝਾਕੀਆਂ ਵੀ ਕੱਢੀਆਂ ਗਈਆਂ। ਕੈਬਨਿਟ ਮੰਤਰੀ ਵਲੋਂ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਨੂੰ 16 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। 

ਇਹ ਵੀ ਪੜ੍ਹੋ: ਸ੍ਰੀ ਆਨੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਕਾਊਟ ਕਮਿਸ਼ਨਰ ਦੀ ਮੌਤ

ਇਸ ਮੌਕੇ ਸਾਬਕਾ ਐੱਮ. ਪੀ. ਕਮਲ ਚੌਧਰੀ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਮਰਜੋਤ ਭੱਟੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐੱਸ. ਡੀ. ਐੱਮ. ਸ਼ਿਵ ਰਾਜ ਸਿੰਘ ਬੱਲ, ਆਮ ਆਦਮੀ ਪਾਰਟੀ ਦੇ ਚੱਬੇਵਾਲ ਤੋਂ ਆਗੂ ਸ਼੍ਰੀ ਹਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੀ ਗੁਰਵਿੰਦਰ ਸਿੰਘ ਪਾਵਲਾ, ਲੋਕ ਸਭਾ ਇੰਚਾਰਜ ਡਾ. ਹਰਵਿੰਦਰ ਸਿੰਘ ਬਖਸ਼ੀ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News