ਮਾਨ ਸਰਕਾਰ ਸੂਬੇ ਨੂੰ ਸਵੱਛ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ : ਇੰਦਰਬੀਰ ਸਿੰਘ ਨਿੱਜਰ

Saturday, Feb 04, 2023 - 04:00 PM (IST)

ਚੰਡੀਗੜ੍ਹ : ਸਵੱਛ ਭਾਰਤ ਮਿਸ਼ਨ ਤਹਿਤ ਵਧੀਆ ਅਭਿਆਸਾ ਬਾਰੇ ਇਕ ਰੋਜ਼ਾ ਰਾਜ ਪੱਧਰੀ ਵਰਕਸ਼ਾਪ ਮਿਊਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਕਰਵਾਈ ਗਈ, ਜਿਸ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੀਤਾ। ਇਸ ਵਰਕਸ਼ਾਪ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਵਾਲੀਆਂ ਥਾਵਾਂ ’ਤੇ ਵੱਖ-ਵੱਖ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਨੇ ਭਾਗੀਦਾਰਾਂ ਅਤੇ ਰਾਜ ਦੇ ਲੋਕਾਂ ਨੂੰ ਸੂਬੇ ਨੂੰ ਸਾਫ਼ ਸੁਥਰਾ ਬਣਾਉਣ ਲਈ ਸਾਂਝੇ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਵੱਛਤਾ ਅਤੇ ਸਿਹਤ ਦੋਵੇਂ ਹੀ ਮਹੱਤਵਪੂਰਨ ਹਨ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਧੀਆ ਕੰਮ ਕਰ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਨੇ ਸਵੱਛ ਸਰਵੇਖਣ ਅਭਿਆਨ-2022 ਵਿਚ ਦੇਸ਼ ਭਰ ਵਿਚ ਪੰਜਵਾਂ ਸਥਾਨ ਹਾਸਲ ਕੀਤਾ ਸੀ।  ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਬਾਕੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵੀ ਰੈਂਕ ਹਾਸਲ ਕਰਨ ਵਾਲੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਬਿਹਤਰ ਸਫ਼ਾਈ ਕਰਨ ਤਾਂ ਜੋ ਭਵਿੱਖ ਦੇ ਸਰਵੇਖਣ ਵਿਚ ਸੂਬਾ ਸਫ਼ਾਈ ਮੁਹਿੰਮ ਵਿਚ ਮੋਹਰੀ ਸਥਾਨ ਹਾਸਲ ਕਰ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਭਾਗੀਦਾਰਾਂ ਨੂੰ ਕਿਹਾ ਕਿ ਸੂਬੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਸ਼ਹਿਰੀ ਸਥਾਨਕ ਸੰਸਥਾਵਾਂ ਨੇ ਇਸ ਵਿਚ ਚੰਗੀ ਤਰੱਕੀ ਕੀਤੀ ਹੈ, ਜਿਸ ਨੇ ਹੋਰ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਕਿਹਾ ਕਿ ਉਹ ਯੋਜਨਾਬੱਧ ਤਰੀਕੇ ਨਾਲ ਕੰਮ ਕਰਕੇ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ।


Gurminder Singh

Content Editor

Related News