ਕੈਬਨਿਟ ਮੰਤਰੀ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਕੀਤਾ ਨਿਰੀਖਣ

Saturday, Sep 17, 2022 - 03:31 PM (IST)

ਕੈਬਨਿਟ ਮੰਤਰੀ ਨਿੱਜਰ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਕੀਤਾ ਨਿਰੀਖਣ

ਚੰਡੀਗੜ੍ਹ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਨਿਰੀਖਣ ਕੀਤਾ। ਪੰਜਾਬ ਦੇ ਉੱਤਰੀ ਨੀਮ ਪਹਾੜੀ ਖੇਤਰ 'ਚ ਜਿੱਥੇ ਖੇਤੀਬਾੜੀ ਜ਼ਿਆਦਾਤਰ ਬਰਸਾਤ 'ਤੇ ਆਧਾਰਿਤ ਹੈ। ਵਿਭਾਗ ਨੇ ਵੱਗਦੇ ਪਾਣੀ ਨੂੰ ਇਕੱਠਾ ਕਰਨ ਲਈ ਕਈ ਚੈੱਕ ਡੈਮ ਬਣਾਏ ਹਨ, ਜਿਨ੍ਹਾਂ ਦੀ ਵਰਤੋਂ ਕਿਸਾਨਾਂ ਵੱਲੋਂ ਬਦਲਦੇ ਸਮੇਂ ਦੌਰਾਨ ਫ਼ਸਲਾਂ ਦੀ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਮਿੱਟੀ ਦੀ ਕਟੌਤੀ ਨੂੰ ਰੋਕਣ ਅਤੇ ਧਰਤੀ ਹੇਠਲੇ ਪਾਣੀ ਨੂੰ ਵਧਾਉਣ 'ਚ ਵੀ ਮਦਦ ਕਰਦੇ ਹਨ।

ਇਹ ਵੀ ਪੜ੍ਹੋ : ਮੋਹਾਲੀ ਦੇ ਮੇਅਰ ਅਮਰਜੀਤ ਜੀਤੀ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਮੰਤਰੀ ਨੇ ਮੋਹਾਲੀ ਦੇ ਪਿੰਡ ਮਾਜਰੀ ਦੇ ਪੜੌਲ ਅਤੇ ਬੋਰਾਣਾ ਵਿਖੇ ਸਥਿਤ ਮਿੱਟੀ ਦੇ ਚੈੱਕ ਡੈਮਾਂ ਦਾ ਦੌਰਾ ਕੀਤਾ ਅਤੇ ਪ੍ਰਾਜੈਕਟਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਵਿਭਾਗ ਦੀਆਂ ਪਹਿਲ ਕਦਮੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਚੈੱਕ ਡੈਮਾਂ ਰਾਹੀਂ ਉਨ੍ਹਾਂ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਈ ਜਾਵੇਗੀ। ਡਾ. ਨਿੱਜਰ ਨੇ ਵੀ ਇਨ੍ਹਾਂ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਡੈਮ ਪਾਣੀ ਦੀ ਸੰਭਾਲ ਦੇ ਨਾਲ-ਨਾਲ ਜਲਗਾਹਾਂ 'ਚ ਮਿੱਟੀ ਦੀ ਨਮੀ ਦੀ ਵਿਵਸਥਾ 'ਚ ਸੁਧਾਰ ਕਰਕੇ ਵਾਤਾਵਰਣ ਨੂੰ ਵੀ ਸਹਾਈ ਹੋ ਰਹੇ ਹਨ, ਜਿਸ ਨਾਲ ਬਨਸਪਤੀ ਢੱਕਣ 'ਚ ਵਾਧਾ ਹੋ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੌਸਮੀ ਬੀਮਾਰੀਆਂ ਦਾ ਕਹਿਰ, 72 ਮਰੀਜ਼ਾਂ 'ਚ ਸਵਾਈਨ ਫਲੂ ਦੀ ਪੁਸ਼ਟੀ

ਜ਼ਿਕਰਯੋਗ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ ਸਰਕਾਰੀ ਸਕੀਮ 2003-04 ਦੌਰਾਨ ਬੰਦ ਕਰ ਦਿੱਤੀ ਗਈ ਸੀ ਪਰ ਮੰਤਰੀ ਨਿੱਜਰ ਦੇ ਵਿਸ਼ੇਸ਼ ਯਤਨਾਂ ਸਦਕਾ ਕੰਢੀ ਖੇਤਰ ਦੇ ਏਕੀਕ੍ਰਿਤ ਵਿਕਾਸ ਲਈ ਨਵੀਂ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਅਜਿਹੇ 50 ਨਵੇਂ ਚੈੱਕ ਡੈਮ ਬਣਾਏ ਜਾਣਗੇ। ਮੰਤਰੀ ਨਿੱਜਰ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਿੰਚਾਈ ਤਕਨੀਕਾਂ ਅਧੀਨ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਸੂਬੇ 'ਚ ਭਵਿੱਖ 'ਚ ਆਉਣ ਵਾਲੇ ਪਾਣੀ ਦੇ ਸੰਕਟ ਲਈ ਅਸੀਂ ਆਪਣੇ ਆਪ ਨੂੰ ਤਿਆਰ ਕਰ ਸਕੀਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News