ਪੰਜਾਬ ਸਰਕਾਰ ਮਾਲੇਰਕੋਟਲਾ ''ਚ ਵਿਕਾਸ ਕਾਰਜਾਂ ‘ਤੇ 7.80 ਕਰੋੜ ਕਰੇਗੀ ਖ਼ਰਚ
Friday, Apr 21, 2023 - 05:20 PM (IST)
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਮਾਲੇਰਕੋਟਲਾ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.80 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਡਾ. ਨਿੱਜਰ ਨੇ ਦੱਸਿਆ ਕਿ ਲਗਭਗ 4.93 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਜਦਕਿ ਹੋਰ ਵਿਕਾਸ ਕਾਰਜਾਂ ‘ਤੇ ਲਗਭਗ 2.24 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਗਰ ਪੰਚਾਇਤ ਅਮਰਗੜ੍ਹ (ਮਾਲੇਰਕੋਟਲਾ) ਦੀ ਸਾਫ਼-ਸਫ਼ਾਈ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਫ਼ਾਈ ਸੇਵਕਾਂ, ਡਰਾਈਵਰਾਂ ਅਤੇ ਮੇਟ ਆਦਿ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਅਸਾਮੀਆਂ ‘ਦੀਆਂ ਸੇਵਾਵਾਂ ਹਾਇਰ ਕਰਨ ‘ਤੇ ਲਗਭਗ 63 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਡਾ. ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਮਾਲੇਰਕੋਟਲਾ ਦੀ ਵੱਡੀ ਆਬਾਦੀ ਨੂੰ ਫ਼ਾਇਦਾ ਹੋਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਮਿਲੇਗੀ।
ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਾ. ਨਿੱਜਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਆਮ ਲੋਕਾਂ 'ਚ ਸਰਕਾਰ ਪ੍ਰਤੀ ਸਕਾਰਾਤਮਕ ਪ੍ਰਭਾਵ ਪੈਦਾ ਹੋ ਸਕੇ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।