ਪੰਜਾਬ ਦੇ ਇਨ੍ਹਾਂ 5 ਸ਼ਹਿਰਾਂ ਦੇ ਲੋਕਾਂ ਲਈ ਖੁਸ਼ਖਬਰੀ

Saturday, Jan 25, 2020 - 09:30 AM (IST)

ਪੰਜਾਬ ਦੇ ਇਨ੍ਹਾਂ 5 ਸ਼ਹਿਰਾਂ ਦੇ ਲੋਕਾਂ ਲਈ ਖੁਸ਼ਖਬਰੀ

ਚੰਡੀਗੜ੍ਹ : ਪੰਜਾਬ ਦੇ 5 ਸ਼ਹਿਰਾਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮਾਨਸਾ ਦੇ ਲੋਕਾਂ ਲਈ ਖੁਸ਼ਖਬਰੀ ਹੈ ਕਿਉਂਕਿ ਇਨ੍ਹਾਂ ਸ਼ਹਿਰਾਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ. ਐੱਚ. ਸੀ. ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਬਲੱਡ ਪ੍ਰੈਸ਼ਰ (ਹਾਈਪਰਟੈਨਸ਼ਨ) ਦੇ ਮਰੀਜ਼ਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਵਲੋਂਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਇਹ ਸ਼ੁਰੂਆਤ ਕੀਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਮੁੱਢਲਾ ਮਕਸਦ ਹਾਈਪਰਟੈਨਸ਼ਨ ਦੇ ਮਾਮਲਿਆਂ ਦੀ ਛੇਤੀ ਪਛਾਣ ਕਰਕੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣਾ ਅਤੇ ਇਸ ਨਾਲ ਹੋਣ ਵਾਲੀ ਮੌਤ ਦਰ ਨੂੰ ਘਟਾਉਣਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ, 2019 ਤੱਕ ਹਾਈਪਰਟੈਨਸ਼ਨ ਦੇ 80,000 ਮਾਮਲਿਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਕਲਿਆਣ ਭਵਨ ਵਿਖੇ ਡਾਕਟਰਾਂ, ਸਟਾਫ ਨਰਸਾਂ, ਏ. ਐਨ. ਐਮਜ਼, ਆਸ਼ਾ ਨੂੰ ਹਾਈਪਰਟੈਨਸ਼ਨ ਦੇ ਮਰੀਜ਼ਾਂ ਦੀ ਜਾਂਚ ਕਰਨ ਅਤੇ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨ ਦੀ ਸਿਖਲਾਈ ਦਿੱਤੀ ਗਈ ਹੈ।
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ 5 ਸੂਬਿਆਂ ਪੰਜਾਬ, ਕੇਰਲ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ 'ਚ ਸ਼ੁਰੂ ਕੀਤੇ ਗਏ ਪ੍ਰਾਜੈਕਟ 'ਤੇ ਆਧਾਰਿਤ ਹੈ। ਕੈਂਸਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ ਅਤੇ ਸਟਰੋਕ (ਐਨ. ਪੀ. ਸੀ. ਡੀ. ਸੀ. ਐਸ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਦੇ ਹਿੱਸੇ ਵਜੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਪਹਿਲਾਂ ਪਿਛਲੇ 2 ਸਾਲਾਂ ਦੌਰਾਨ ਸਕ੍ਰੀਨਿੰਗ ਪ੍ਰੋਗਰਾਮ ਦੇ ਸਫਲਤਾਪੂਰਵਕ ਲਾਗੂ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਕ ਸੂਬਾ ਪੱਧਰੀ ਵਰਕਸ਼ਾਪ ਕਰਵਾਈ ਗਈ, ਜਿਥੇ ਜ਼ਿਲ੍ਹਾ ਸਿਹਤ ਪ੍ਰਬੰਧਕਾਂ ਨੂੰ ਵਿਸ਼ਵ ਸਿਹਤ ਸੰਗਠਨ ਅਤੇ ਆਈ.ਸੀ.ਐਮ.ਆਰ. (ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ) ਤੋਂ ਸੂਬੇ ਦੇ ਸਿਹਤ ਪ੍ਰਤੀਨਿਧੀਆਂ ਵੱਲੋਂ ਪ੍ਰਾਜੈਕਟ ਅਤੇ ਮਹੱਤਵਪੂਰਣ ਰਣਨੀਤੀਆਂ ਸਬੰਧੀ ਜਾਣੂੰ ਕਰਵਾਇਆ ਗਿਆ।


author

Babita

Content Editor

Related News