ਵੋਟਿੰਗ ਤੋਂ 48 ਘੰਟੇ ਪਹਿਲਾਂ ਸ਼ਰਾਬ ਦੀ ਵਿਕਰੀ ''ਤੇ ਲੱਗੇਗੀ ਰੋਕ
Wednesday, May 15, 2019 - 09:48 AM (IST)
ਚੰਡੀਗੜ੍ਹ (ਭੁੱਲਰ)— ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ 'ਚ ਲੋਕ ਸਭਾ ਚੋਣਾਂ ਦੇ ਵੋਟਾ ਵਾਲੇ ਦਿਨ ਤੋਂ 48 ਘੰਟੇ ਪਹਿਲਾਂ 'ਡਰਾਈ ਡੇਅ' ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਪੰਜਾਬ ਦੇ ਨਾਲ ਲਗਦੇ ਇਲਾਕਿਆਂ ਤੋਂ 3 ਕਿਲੋਮੀਟਰ ਦੇ ਦਾਇਰੇ ਦੇ ਅੰਦਰ ਸ਼ਰਾਬ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ ਜੋ ਕਿ ਪੋਲਿੰਗ ਖਤਮ ਹੋਣ ਦੇ ਸਮੇਂ ਭਾਵ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਪੰਜਾਬ ਨਾਲ ਲਗਦੇ 3 ਕਿਲੋਮੀਟਰ ਦੇ ਖੇਤਰਾਂ 'ਚ ਵੀ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।