ਪਰਾਲੀ ਦੇ ਕੇਸ ਰੱਦ ਕਰਵਾਉਣ ਲਈ ਬੀ. ਕੇ. ਯੂ. ਵਲੋਂ ਅੰਦੋਲਨ ਦਾ ਐਲਾਨੇ
Tuesday, Jan 14, 2020 - 02:32 PM (IST)
ਚੰਡੀਗੜ੍ਹ (ਭੁੱਲਰ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪਰਾਲੀ ਅਤੇ ਹੋਰ ਅਹਿਮ ਕਿਸਾਨੀ ਮੰਗਾਂ ਨੂੰ ਲੈ ਕੇ ਰਾਜ ਵਿਆਪੀ ਅੰਦੋਲਨ ਦਾ ਐਲਾਨ ਕਰ ਦਿੱਤਾ ਹੈ। 20, 21 ਅਤੇ 22 ਜਨਵਰੀ ਨੂੰ ਸਾਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੂਹਰੇ ਦਿਨ-ਰਾਤ ਰੋਸ ਧਰਨੇ ਲਾਏ ਜਾ ਰਹੇ ਹਨ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਹੋਈ ਸੂਬਾ ਕਮੇਟੀ ਦੀ ਮੀਟਿੰਗ 'ਚ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਮਾਛੀਕੇ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੀਟਿੰਗ ਕੀਤੀ ਸੀ।
ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਪਾਏ ਗਏ ਨਾਜਾਇਜ਼ ਝੂਠੇ ਕੇਸ, ਭਾਰੀ ਜੁਰਮਾਨੇ ਅਤੇ ਜਮ੍ਹਾਬੰਦੀ 'ਚ ਕੀਤੀਆਂ ਲਾਲ ਐਂਟਰੀਆਂ ਨੂੰ ਰੱਦ ਕਰਵਾਉਣ, ਜ਼ਬਤ ਕੀਤੀਆਂ ਕੰਬਾਈਨਾਂ ਆਦਿ ਬਿਨਾਂ ਸ਼ਰਤ ਛੁਡਵਾਉਣ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਐਲਾਨ ਕੀਤੇ 2500 ਰੁਪਏ ਪ੍ਰਤੀ ਏਕੜ ਤੁਰੰਤ ਦਿਵਾਉਣ ਅਤੇ ਪਰਾਲੀ ਦੀ ਸੁੰਡੀ ਕਾਰਨ ਉਨ੍ਹਾਂ ਦੀ ਬਰਬਾਦ ਹੋਈ ਕਣਕ ਦੀ ਫਸਲ ਦੀ ਪੂਰੀ ਭਰਪਾਈ ਕਰਨ ਅਤੇ ਪੰਜਾਬ ਸਰਕਾਰ ਵਲੋਂ ਐਲਾਨੀ ਗਈ 2 ਲੱਖ ਰੁਪਏ ਦੀ ਕਰਜ਼ਾ ਮੁਆਫੀ 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਦੇਣ ਦੀਆਂ ਮੰਗਾਂ ਧਰਨਿਆਂ ਦੀਆਂ ਮੁੱਖ ਮੰਗਾਂ ਹੋਣਗੀਆਂ। ਨਾਗਰਿਕਤਾ ਸੋਧ ਬਿੱਲ ਵਿਰੁੱਧ ਭਰਾਤਰੀ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਸੂਬਾ ਪੱਧਰੀ ਪ੍ਰੋਗਰਾਮ ਕਰਨ ਦਾ ਫੈਸਲਾ ਕੀਤਾ ਗਿਆ।