ਪਾਕਿ ’ਚ ਸਿੱਖ ਕੁੜੀ ਨੂੰ ਅਗਵਾ ਕਰ ਨਿਕਾਹ ਕਰਨ ਦੇ ਮਾਮਲੇ ਦਾ ਭਾਰਤ ਸਰਕਾਰ ਲਵੇ ਸਖ਼ਤ ਨੋਟਿਸ : ਐਡਵੋਕੇਟ ਧਾਮੀ

Monday, Aug 22, 2022 - 04:35 PM (IST)

ਅੰਮ੍ਰਿਤਸਰ (ਬਿਊਰੋ) : ਪਾਕਿਸਤਾਨ ’ਚ ਸਿੱਖ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘੱਟਗਿਣਤੀ ਸਿੱਖਾਂ ਨਾਲ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ’ਚ ਅਜਿਹੀਆਂ ਸਿੱਖ ਵਿਰੋਧੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ ਪਰ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਗੌਰ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਹਾਲੀਆ ਵਾਪਰੀ ਘਟਨਾ ’ਚ ਸਿੱਖ ਅਧਿਆਪਕਾ ਦੀਨਾ ਕੌਰ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕੀਤੇ ਜਾਣ ਦੇ ਮਾਮਲੇ ਨੇ ਸਿੱਖ ਕੌਮ ਅੰਦਰ ਭਾਰੀ ਰੋਸ ਪੈਦਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਟੂਰਨਾਮੈਂਟ ਤੋਂ ਬਾਅਦ ਕਬੱਡੀ ਖਿਡਾਰੀ ’ਤੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਇਹ ਘਟਨਾ ਧਰਮ ਦੀਆਂ ਕਦਰਾਂ-ਕੀਮਤਾਂ ਦੇ ਬਿਲਕੁਲ ਵਿਰੁੱਧ ਹੈ ਅਤੇ ਫਿਰਕੂ ਸੋਚ ਨੂੰ ਉਤਸ਼ਾਹਿਤ ਕਰਨ ਵਾਲੀ ਇਹ ਕਾਰਵਾਈ ਪਾਕਿਸਤਾਨ ਸਰਕਾਰ ਲਈ ਵੀ ਇਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਅੰਦਰ ਅਜਿਹੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਘੱਟਗਿਣਤੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਵਧੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਪ੍ਰਤੀ ਭਾਰਤ ਸਰਕਾਰ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਕੋਲ ਸੁਰੱਖਿਅਤ ਪਹੁੰਚਾਉਣ ਲਈ ਕਾਰਵਾਈ ਅਮਲ ’ਚ ਲਿਆਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਸਥਿਤ ਪਾਕਿਸਤਾਨ ਸਫ਼ਾਰਤਖਾਨੇ ਦੇ ਮੁਖੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਕਾਂਗਰਸ ਸਰਕਾਰ ਦੌਰਾਨ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਹਰਪਾਲ ਚੀਮਾ


Manoj

Content Editor

Related News