ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ

Tuesday, Feb 07, 2023 - 01:49 PM (IST)

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ।

PunjabKesari

ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।

PunjabKesari

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ 'ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ। ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ, ''ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ, ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਂਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ।''

PunjabKesari

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਉੱਤੇ ਧੰਨਵਾਦ ਕੀਤਾ। ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

PunjabKesari


author

cherry

Content Editor

Related News