ਆਈ.ਆਈ.ਟੀ. ਰੂਪਨਗਰ ਵਲੋਂ ਕੋਵਿਡ-19 ਤੋਂ ਬਚਾਅ ਲਈ ਕਲਾਸਾਂ ਮੁਲਤਵੀ

03/18/2020 2:41:16 PM

ਰੂਪਨਗਰ (ਵਿਜੇ ਸ਼ਰਮਾ)— ਦੇਸ਼ 'ਚ ਕੋਵਿਡ-19 ਦੇ ਮਾਮਲਿਆਂ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਆਈ. ਆਈ. ਟੀ. ਰੂਪਨਗਰ ਵੱਲੋਂ ਇਸ ਵਾਇਰਸ ਦੇ ਫੈਲਣ ਦੇ ਖਦਸ਼ੇ ਨੂੰ ਘਟਾਉਣ ਹਿਤ ਸੁਰੱਖਿਆ ਉਪਾਅ ਕੀਤੇ ਗਏ ਹਨ। ਸੰਸਥਾਨ ਵੱਲੋਂ ਫੌਰੀ ਤੌਰ 'ਤੇ ਕਲਾਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਅਤੇ ਮਿਡ ਸਮੈਸਟਰ ਬਰੇਕ 'ਚ ਵਾਧਾ ਕਰਦੇ ਹੋਏ ਇਸ ਨੂੰ 31 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਨਤਕ ਸਮਾਗਮਾਂ, ਕਾਰਜਸ਼ਾਲਾਵਾਂ, ਕਾਨਫਰੰਸਾਂ, ਸੈਮੀਨਾਰਾਂ ਆਦਿ ਨੂੰ ਰੱਦ ਕੀਤਾ ਗਿਆ ਹੈ। ਜਦੋਂ ਕਿ ਸੰਸਥਾਨ ਵਲੋਂ ਕੋਰੋਨਾ ਵਾਇਰਸ ਦੇ ਫੈਲਣ ਦੇ ਖਦਸ਼ੇ ਦੇ ਮੱਦੇਨਜ਼ਰ ਸੁਰੱਖਿਆ ਉਪਾਅ ਅਮਲ 'ਚ ਲਿਆਂਦੇ ਗਏ ਹਨ।

ਸੰਸਥਾਨ ਦੇ ਵਿਦਿਆਰਥੀਆਂ ਨੂੰ 18 ਮਾਰਚ 2020 ਦੀ ਅੱਧੀ ਰਾਤ ਤੋਂ ਹੀ ਕੈਂਪਸ ਖਾਲੀ ਕਰਨਾ ਹੋਵੇਗਾ। ਉਥੇ ਹੀ ਜੋਖਮ ਵਾਲੇ ਰਾਜ ਜਿਵੇਂ ਕੇਰਲ, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਆਦਿ ਦੇ ਵਸਨੀਕ ਵਿਦਿਆਰਥੀਆਂ ਨੂੰ ਕੈਂਪਸ 'ਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਦੇਸ਼ਾਂ ਤੋਂ ਆਉਣ ਵਾਲੇ ਫੈਕਲਟੀ ਮੈਂਬਰ, ਸਟਾਫ, ਵਿਦਿਆਰਥੀਆਂ ਅਤੇ ਵਸਨੀਕਾਂ ਨੂੰ ਸੰਸਥਾ 'ਚ 14 ਦਿਨਾਂ ਲਈ ਅਲੱਗ-ਅਲੱਗ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਇੰਟਰਨੈਸ਼ਨਲ ਰਿਲੇਸ਼ਨ ਦਫਤਰ 'ਚ ਦਿੱਤੀ ਜਾਵੇਗੀ। ਆਈ.ਆਈ.ਟੀ. ਰੂਪਨਗਰ ਦੇ ਪ੍ਰੋ. ਸਰਿਤ ਕੁਮਾਰ ਦਾਸ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ, ਵਿਸ਼ਵ ਸਿਹਤ ਸੰਗਠਨ ਅਤੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ-19 ਦੇ ਕੇਸਾਂ 'ਚ ਹੋ ਰਹੇ ਵਾਧੇ ਨੂੰ ਵੇਖਦੇ ਹੋਏ ਇਸ ਦੀ ਰੋਕਥਾਮ ਹਿੱਤ ਉਪਾਅ ਤਹਿਤ ਮਿਡ ਸਮੈਸਟਰ ਬਰੇਕ 31 ਮਾਰਚ 2020 ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵੱਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।


shivani attri

Content Editor

Related News