ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ''ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

Wednesday, May 01, 2019 - 10:31 AM (IST)

ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਲਿਖਣ ''ਤੇ ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼

ਅੰਮ੍ਰਿਤਸਰ (ਦੀਪਕ) - ਨੈਸ਼ਨਲ ਹਾਈਵੇ ਅਥਾਰਟੀ ਭਾਰਤ ਵਲੋਂ ਸਥਾਨਕ ਸ਼ਹਿਰ ਦੇ ਬਾਈਪਾਸ 'ਤੇ ਲਾਏ ਗਏ ਸੂਚਕ ਬੋਰਡ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਰਸਤਾ ਦਰਸਾਉਣ ਲਈ ਸੁਨਹਿਰੀ ਮੰਦਰ ਲਿਖੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ 'ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ ਅਤੇ ਇਸ ਨੂੰ ਸੋਨ ਮੰਦਰ ਵਜੋਂ ਪੇਸ਼ ਕਰਨਾ ਸਿੱਖ ਸਿਧਾਂਤਾਂ, ਰਵਾਇਤਾਂ, ਇਤਿਹਾਸ ਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ। ਨੈਸ਼ਨਲ ਹਾਈਵੇ ਅਥਾਰਟੀ ਦੀ ਇਸ ਗਲਤੀ ਕਾਰਨ ਸਿੱਖ ਜਗਤ 'ਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੋਈ ਮੰਦਰ ਨਹੀਂ ਹੈ, ਜਦੋਂ ਸਭ ਨੂੰ ਇਹ ਜਾਣਕਾਰੀ ਹੈ ਕਿ ਇਹ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਪੰਜਾਬ ਤੇ ਖ਼ਾਸ ਕਰਕੇ ਅੰਮ੍ਰਿਤਸਰ ਸ਼ਹਿਰ 'ਚ ਜਿਥੇ ਇਹ ਪਾਵਨ ਅਸਥਾਨ ਸਥਿਤ ਹੈ, ਵਿਖੇ ਇਸ ਦੇ ਨਾਂ ਨੂੰ ਵਿਗਾੜ ਕੇ ਪੇਸ਼ ਕਰਨਾ ਕਿਸੇ ਗਹਿਰੀ ਸਾਜ਼ਿਸ਼ ਦਾ ਹਿੱਸਾ ਲੱਗਦਾ ਹੈ। ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਅਜਿਹਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬੋਰਡ ਨੂੰ ਬਦਲਣ ਲਈ ਸ਼੍ਰੋਮਣੀ ਕਮੇਟੀ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਭਾਰਤ ਦੇ ਪ੍ਰਾਜੈਕਟਰ ਡਾਇਰੈਕਟਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ, ਸਿੱਖ ਧਾਰਮਿਕ ਅਸਥਾਨਾਂ ਤੇ ਸਿੱਖ ਰਵਾਇਤਾਂ ਦੀ ਮੌਲਿਕਤਾ ਨੂੰ ਕਿਸੇ ਵੀ ਹਾਲਤ ਵਿਚ ਵਿਗਾੜਨ ਨਹੀਂ ਦਿੱਤਾ ਜਾਵੇਗਾ।

ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਨੂੰ ਸੁਚੇਤ ਕੀਤਾ ਕਿ ਅਜਿਹੇ ਬੋਰਡ ਲਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਗਾਊਂ ਸੰਪਰਕ ਕੀਤਾ ਜਾਵੇ ਤਾਂ ਜੋ ਭਵਿੱਖ 'ਚ ਅਜਿਹੀਆਂ ਗਲਤੀਆਂ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮੰਦਰ ਦਰਸਾਉਂਦਾ ਇਹ ਬੋਰਡ ਸਥਾਨਕ ਮਜੀਠਾ ਰੋਡ ਬਾਈਪਾਸ 'ਤੇ ਲੱਗਾ ਹੋਇਆ ਹੈ।


author

rajwinder kaur

Content Editor

Related News