ਇੰਦਰਾ ਗਾਂਧੀ ਦੇ ਕਾਤਲ ਨੂੰ ਸ੍ਰੀ ਅਕਾਲ ਤਖਤ ਸਾਹਿਬ ''ਤੇ ਸ਼ਰਧਾਂਜਲੀਆਂ

11/01/2017 6:16:31 AM

ਅੰਮ੍ਰਿਤਸਰ(ਬਿਊਰੋ)-ਦੇਸ਼ ਦੀ ਸਵ. ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਮਾਰਨ ਵਾਲੇ ਬੇਅੰਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ਹੀਦ ਐਲਾਨੇ ਜਾ ਚੁੱਕੇ ਬੇਅੰਤ ਸਿੰਘ ਦੇ ਭੋਗ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਗੈਰਹਾਜ਼ਰੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਜਥੇਬੰਦੀਆਂ ਨੂੰ ਕਿਹਾ ਕਿ ਉਹ ਯਕੀਨ ਦਿਵਾਉਣ ਕਿ ਉਹ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿਚ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਜੇ ਫਿਰ ਵੀ ਕਾਂਗਰਸ ਬੁੱਤ ਲਾਉਂਦੀ ਹੈ ਤਾਂ ਸਿੱਖਾਂ ਨੂੰ ਚਾਹੀਦਾ ਹੈ ਕਿ ਇਹ ਉਹ ਬਰਦਾਸ਼ਤ ਨਾ ਕਰਨ। 
ਇਸ ਸਮੇਂ ਬੇਅੰਤ ਸਿੰਘ ਦੇ ਪਰਿਵਾਰ ਦੇ ਮੈਂਬਰ ਵੀ ਨਹੀਂ ਸਨ ਪੁੱਜੇ, ਉਨ੍ਹਾਂ ਦੀ ਥਾਂ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਸਿਰੋਪਾਓ ਪਰਿਵਾਰ ਦੇ ਮੈਂਬਰਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ।  ਦੂਸਰੇ ਪਾਸੇ ਅੱਜ ਦਿੱਲੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬਗੰੰਜ ਵਿਚ ਸ਼ਰਧਾਂਜਲੀਆਂ ਦੇਣ ਉਪਰੰਤ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਮੰਗ ਕੀਤੀ ਗਈ ਕਿ ਜਿੱਥੇ ਉਕਤ ਘਟਨਾ ਵਾਪਰੀ ਸੀ ਉਸ ਥਾਂ 'ਤੇ ਇਕ ਕਨਾਲ ਜਗ੍ਹਾ ਦਿੱਤੀ ਜਾਵੇ ਤਾਂ ਜੋ ਉਥੇ ਬੇਅੰਤ ਸਿੰਘ ਦੀ ਯਾਦਗਾਰ ਬਣਾਈ ਜਾ ਸਕੇ। ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਪ੍ਰੋਫੈਸਰ ਨਰਿੰਦਰ ਸਿੰਘ, ਜਸਕਰਨ ਸਿੰਘ, ਹਰਭਜਨ ਸਿੰਘ, ਹਰਬੀਰ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ, ਜਦੋਂ ਕਿ ਸ੍ਰੀ ਅਕਾਲ ਤਖਤ ਸਾਹਿਬ 'ਚ ਹੋਣ ਵਾਲੇ ਸਮਾਗਮ 'ਚ ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ (ਮਾਨ ਧੜਾ), ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਭਾਈ ਮਲਕੀਅਤ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਲੱਖਣ ਸਿੰਘ, ਮਨਜੀਤ ਸਿੰਘ ਭੋਮਾ, ਸਤਨਾਮ ਸਿੰਘ ਕੰਡਾ, ਪ੍ਰੋ. ਸਰਚਾਂਦ ਸਿੰਘ ਆਦਿ ਵੀ ਹਾਜ਼ਰ ਸਨ।