ਉਦਯੋਗਿਕ ਵਿਕਾਸ ਤੇ ਕਿਸਾਨ ਕਰਜ਼ਾ ਮੁਆਫੀ ਲਈ ਕੇਂਦਰ ''ਤੇ ਦਬਾਅ ਬਣਾਵਾਂਗੇ : ਜਾਖੜ

07/17/2018 10:05:52 AM

ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ)— ਪੰਜਾਬ ਦੀ ਭੂਗੋਲਿਕ, ਆਰਥਿਕ ਤੇ ਇਸ ਦੇ ਬੀਤੇ ਸਮੇਂ ਨੂੰ ਦੇਖਦੇ ਹੋਏ ਸੂਬੇ 'ਚ ਉਦਯੋਗਿਕ ਤੇ ਵਿਸ਼ੇਸ਼ ਆਰਥਿਕ ਜ਼ੋਨ ਵਿਕਸਤ ਕੀਤੇ ਜਾਣੇ ਚਾਹੀਦੇ ਹਨ। ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲੋਕ ਸਭਾ ਦੇ ਨੇੜੇ ਆ ਰਹੇ ਸੈਸ਼ਨ 'ਚ ਪੰਜਾਬ ਕਾਂਗਰਸ ਵਲੋਂ ਸੂਬੇ ਨੂੰ ਵਿਸ਼ੇਸ਼ ਉਦਯੋਗਿਕ ਖੇਤਰ ਦੇ ਰੂਪ 'ਚ ਵਿਕਸਤ ਕਰਨ ਤੇ ਵਿਸ਼ੇਸ਼ ਆਰਥਿਕ ਪੈਕੇਜ ਦੇਣ ਦਾ ਮਾਮਲਾ ਜ਼ੋਰ-ਸ਼ੋਰ ਨਾਲ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਇਆ ਜਾਏਗਾ। ਜਾਖੜ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਪੰਜਾਬ ਨੇ ਜਿਥੇ ਇਕ ਪਾਸੇ ਪਾਕਿਸਤਾਨ ਦੇ ਗੁਆਂਢੀ ਹੋਣ ਦੇ ਨਾਤੇ ਯੁੱਧਾਂ ਦੀ ਮਾਰ ਝੱਲੀ ਹੈ, ਉਥੇ ਦੂਜੇ ਪਾਸੇ ਪਾਕਿਸਤਾਨ ਵਲੋਂ ਲੁਕਵੀਂ ਜੰਗ ਦਾ ਸਾਹਮਣਾ ਵੀ ਕੀਤਾ ਹੈ। ਜਾਖੜ ਨੇ ਕਿਹਾ ਕਿ ਸੂਬੇ 'ਚ ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਉਦਯੋਗਿਕ ਰਿਆਇਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤੇ ਇਸ ਖੇਤਰ ਨੂੰ ਵਿਸ਼ੇਸ਼ ਉਦਯੋਗਿਕ ਜ਼ੋਨ ਦੇ ਰੂਪ 'ਚ ਵਿਕਸਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਕਿਸਾਨੀ ਫੇਲ ਹੋ ਗਈ ਤਾਂ ਪੂਰੇ ਦੇਸ਼ 'ਚ ਅਨਾਜ ਦਾ ਸੰਕਟ ਦੁਬਾਰਾ ਪੈਦਾ ਹੋ ਜਾਏਗਾ।
ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ 6 ਜ਼ਿਲੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ ਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਖੇਤੀ ਯੋਗ ਭੂਮੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਜ਼ਮੀਨ 'ਤੇ ਸਹੀ ਢੰਗ ਨਾਲ ਖੇਤੀ ਨਹੀਂ ਕਰ ਸਕਦੇ ਤੇ ਇਸ ਨੂੰ ਦੇਖਦੇ ਹੋਏ ਕੇਂਦਰ ਦੀ ਭਾਜਪਾ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਲਈ ਮੁਆਵਜ਼ਾ ਐਲਾਨ ਕਰਨਾ ਚਾਹੀਦਾ ਹੈ। ਇਸ ਮੁੱਦੇ ਨੂੰ ਵੀ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਲੋਕਸਭਾ ਦੇ ਅਗਲੇ ਸੈਸ਼ਨ 'ਚ ਉਠਾਇਆ ਜਾਵੇਗਾ। ਜਾਖੜ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਦੀ ਘੇਰਾਬੰਦੀ ਕੀਤੀ ਜਾਵੇਗੀ।
ਸੀਮਤ ਸੋਮਿਆਂ ਦੇ ਬਾਵਜੂਦ ਅਮਰਿੰਦਰ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ-ਜਾਖੜ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੀਮਤ ਸੋਮਿਆਂ ਦੇ ਬਾਵਜੂਦ ਕਿਸਾਨਾਂ ਲਈ ਕਰਜ਼ਾ ਮੁਆਫੀ ਦੀ ਸਕੀਮ ਆਰੰਭ ਕੀਤੀ ਹੈ ਪਰ ਸੂਬੇ ਦੇ ਕਿਸਾਨਾਂ ਨੇ ਅਨਾਜ ਦਾ ਉਤਪਾਦਨ ਪੂਰੇ ਦੇਸ਼ ਲਈ ਪੈਦਾ ਕੀਤਾ ਹੈ। ਇਸ ਲਈ ਭਾਰਤ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੰਜਾਬ ਦੀ ਕੈਪਟਨ ਸਰਕਾਰ ਨੂੰ ਵਿੱਤੀ ਮਦਦ ਦਿੱਤੀ ਜਾਵੇ।


Related News