ਇੰਡਸਟਰੀ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਦੇ ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ : ਤਿਵਾੜੀ
Wednesday, Dec 16, 2020 - 04:22 PM (IST)
ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਇੰਡਸਟਰੀ ਦੇ ਪ੍ਰਫੁੱਲਤ ਹੋਣ ਨਾਲ ਆਰਥਿਕ ਸੁਧਾਰ ਹੋਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਵਧੇ ਹਨ। ਐੱਮ.ਪੀ ਤਿਵਾੜੀ ਵੱਲੋਂ ਉਦਯੋਗ ਭਵਨ, ਚੰਡੀਗੜ੍ਹ ਸਥਿਤ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਦਫ਼ਤਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਮ.ਪੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਇੰਡਸਟਰੀ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਇਸ ਨਾਲ ਜਿੱਥੇ ਆਰਥਿਕ ਹਲਾਤ 'ਚ ਸੁਧਾਰ ਹੋਇਆ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਵੀ ਮਿਲੇ ਹਨ। ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਉਦਯੋਗਿਕ ਵਿਕਾਸ ਉੱਪਰ ਜ਼ੋਰ ਦਿੱਤਾ ਜਾ ਰਿਹਾ ਹੈ। ਮੁਹਾਲੀ ਦੇ ਚਨਾਲੋਂ ਫੋਕਲ ਪੁਆਇੰਟ ਲਈ 10 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ, ਜਿਸ ਨਾਲ ਉੱਥੇ ਸੜਕਾਂ ਸਮੇਤ ਹੋਰਨਾਂ ਸੁਵਿਧਾਵਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਉਨਾਂ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਵੱਲੋਂ ਚੇਅਰਮੈਨ ਪਵਨ ਦੀਵਾਨ ਦੀ ਸਰਪ੍ਰਸਤੀ ਹੇਠ ਕਿਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਪਵਨ ਦੀਵਾਨ ਨੇ ਐੱਮ.ਪੀ ਮਨੀਸ਼ ਤਿਵਾੜੀ ਦਾ ਉਨ੍ਹਾਂ ਦਫਤਰ ਆਉਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਲਈ ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਨਵੈਸਟ ਪੰਜਾਬ ਤਹਿਤ ਸੂਬੇ ਅੰਦਰ ਨਿਵੇਸ਼ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਹੌਜ਼ਰੀ, ਸਾਈਕਲ, ਆਟੋ ਪਾਰਟਸ, ਸਿਲਾਈ ਮਸ਼ੀਨ ਆਦਿ ਇੰਡਸਟਰੀਜ ਨਾਲ ਕਈ ਲੋਕਾਂ ਦਾ ਰੁਜ਼ਗਾਰ ਜੁੜਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਤਰੱਕੀ ਦੀਆਂ ਲੀਹਾਂ ਤੇ ਅੱਗੇ ਵਧ ਰਿਹਾ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਬੀ.ਸੀ ਕਮਿਸ਼ਨ ਪੰਜਾਬ ਦੇ ਮੈਂਬਰ ਹਰਮੀਤ ਕੰਬੋਜ, ਈਸ਼ਵਰ ਸਿੰਘ ਗੋਰਾਇਆ, ਹਿਤਰਾਜ਼ ਭੂੰਬਲਾ, ਦਿਵੇਸ਼ ਸਿੰਗਲਾ, ਪਾਲ ਬਚਨ ਸਿੰਘ ਵੀ ਮੌਜੂਦ ਰਹੇ।