ਮਹਿੰਗਾਈ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, PM ਮੋਦੀ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਫਾਇਦਾ ਪਹੁੰਚਾਉਣ ''ਚ ਰੁੱਝੇ : ਆਪ

Tuesday, Aug 02, 2022 - 08:03 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਵਧਦੀ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਾਣਬੁੱਝ ਕੇ ਮਹਿੰਗਾਈ ਵਧਾਉਣ ਦਾ ਦੋਸ਼ ਲਾਇਆ ਹੈ। ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਸਮਾਨ ਛੂਹ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਦੇਸ਼ ਦੇ ਕਰੋੜਾਂ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲ ਰਹੀ। ਕਰੋੜਾਂ ਲੋਕ ਭੁੱਖਮਰੀ ਅਤੇ ਕੁਪੋਸ਼ਣ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਏ ਆਪਣੇ ਕਾਰਪੋਰੇਟ ਮਿੱਤਰਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ : ਸੰਸਦ 'ਚ ਬੋਲੇ ਹਰਸਿਮਰਤ ਕੌਰ ਬਾਦਲ, ਕਿਹਾ- ਸਵਾਮੀਨਾਥਨ ਰਿਪੋਰਟ ਨੂੰ ਇੰਨ-ਬਿਨ ਕੀਤਾ ਜਾਵੇ ਲਾਗੂ

ਉੱਜਵਲਾ ਯੋਜਨਾ ਦੀ ਉਦਾਹਰਣ ਦਿੰਦਿਆਂ ਕੰਗ ਨੇ ਕਿਹਾ ਕਿ ਮਹਿੰਗਾਈ ਨੇ ਗਰੀਬ ਲੋਕਾਂ ਦਾ ਜੀਵਨ ਇੰਨਾ ਮੁਸੀਬਤ ਵਿੱਚ ਪਾ ਦਿੱਤਾ ਹੈ ਕਿ ਉੱਜਵਲਾ ਯੋਜਨਾ ਤਹਿਤ ਕਰੀਬ 9 ਕਰੋੜ ਲੋਕਾਂ ਨੂੰ ਮਿਲੇ ਗੈਸ ਸਿਲੰਡਰਾਂ 'ਚੋਂ 4 ਕਰੋੜ ਤੋਂ ਵੱਧ ਲੋਕ ਆਪਣੇ ਸਿਲੰਡਰਾਂ ਨੂੰ ਰੀਫਿਲ ਨਹੀਂ ਕਰਵਾ ਸਕੇ ਕਿਉਂਕਿ LPG ਗੈਸ ਸਿਲੰਡਰ ਦੀ ਕੀਮਤ 8 ਸਾਲ ਪਹਿਲਾਂ 350 ਰੁਪਏ ਦੇ ਮੁਕਾਬਲੇ ਅੱਜ ਲਗਭਗ 1150 ਰੁਪਏ ਹੋ ਗਈ ਹੈ ਪਰ ਕਿੰਨੀ ਸ਼ਰਮ ਦੀ ਗੱਲ ਹੈ ਕਿ ਮੋਦੀ ਸਰਕਾਰ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਉਣ ਦੀ ਬਜਾਏ ਖਾਣ-ਪੀਣ ਦੀਆਂ ਜ਼ਰੂਰੀ ਵਸਤਾਂ 'ਤੇ ਜੀ.ਐੱਸ.ਟੀ. ਲਗਾ ਕੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।

ਇਹ ਵੀ ਪੜ੍ਹੋ : ਹਾਲ-ਏ-ਸਰਕਾਰੀ ਹਸਪਤਾਲ, ਇਲਾਜ ਲਈ ਫਰਸ਼ 'ਤੇ ਤੜਫਦੀ ਰਹੀ ਗਰਭਵਤੀ ਔਰਤ, ਵੀਡੀਓ ਵਾਇਰਲ

ਕੰਗ ਨੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐੱਸ.ਟੀ. ਦੇ ਦਾਇਰੇ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਆਵਾਜਾਈ ਤੇ ਹੋਰ ਖਰਚੇ ਵੱਧ ਜਾਂਦੇ ਹਨ, ਜਿਸ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ। ਇਸ ਲਈ ਕੇਂਦਰ ਸਰਕਾਰ ਤੁਰੰਤ ਪੈਟਰੋਲ ਅਤੇ ਡੀਜ਼ਲ ਨੂੰ ਜੀ.ਐੱਸ.ਟੀ. ਦੇ ਦਾਇਰੇ ਵਿੱਚ ਲਿਆ ਕੇ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਪਹੁੰਚਾਏ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News