''ਯੁੱਧ ਨਸ਼ੇ ਵਿਰੁੱਧ'' ; ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਜ 510 ਥਾਈਂ ਮਾਰੇ ਛਾਪੇ, ਚੁੱਕੇ 43 ਸਮੱਗਲਰ
Sunday, Mar 02, 2025 - 08:23 PM (IST)

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੂਜੇ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਸ ਨੇ ਐਤਵਾਰ ਨੂੰ 510 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸੂਬੇ ਭਰ ’ਚ 27 ਐੱਫ.ਆਈ.ਆਰਜ਼ ਦਰਜ ਕਰਨ ਉਪਰੰਤ 43 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮਹਿਜ਼ ਦੋ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 333 ਹੋ ਗਈ ਹੈ।
ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 776 ਗ੍ਰਾਮ ਹੈਰੋਇਨ, 14 ਕਿਲੋ ਅਫੀਮ, 38 ਕਿਲੋ ਭੁੱਕੀ, 2,615 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 4.60 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 300 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 619 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਜਾਰੀ ਰਹਿਣਗੇ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈ.ਡੀ.ਪੀ.) - ਲਾਗੂ ਕੀਤੀ ਗਈ ਹੈ। ਨਾਲ ਹੀ ਪੰਜਾਬ ਪੁਲਸ ‘ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਵੀ ਕਰਵਾ ਰਹੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਮ ਲੋਕ ਵੀ ਵਧ-ਚੜ੍ਹ ਕੇ ਸਹਿਯੋਗ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਐਤਵਾਰ ਨੂੰ ਸਾਰੇ 28 ਪੁਲਸ ਜ਼ਿਲ੍ਹਿਆਂ ਵਿੱਚ 510 ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸ਼ਾਮਲ ਸਨ।
ਇਹ ਵੀ ਪੜ੍ਹੋ- ਸੱਜਰੀ ਵਿਆਹੀ ਨੇ ਸਹੁਰੇ ਘਰ ਆਉਣ ਦੇ ਹਫ਼ਤੇ ਬਾਅਦ ਹੀ ਚਾੜ੍ਹ'ਤਾ ਚੰਨ, ਜਾਣ ਤੁਸੀਂ ਵੀ ਕਰੋਗੇ 'ਤੌਬਾ-ਤੌਬਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e