ਮਹੰਤ ਦਿਆਲ ਦਾਸ ਕਤਲ ਕੇਸ 'ਚ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Thursday, Aug 24, 2023 - 10:31 PM (IST)

ਮਹੰਤ ਦਿਆਲ ਦਾਸ ਕਤਲ ਕੇਸ 'ਚ ਰਿਸ਼ਵਤ ਲੈਣ ਵਾਲਾ ਇੰਸਪੈਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ: ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2019 ਵਿਚ ਹੋਏ ਮਹੰਤ ਦਿਆਲ ਦਾਸ ਦੇ ਕਤਲ ਕੇਸ ਇਕ ਵਿਅਕਤੀ, ਜਿਸ ਨੂੰ ਕਲੀਨ ਚਿੱਟ ਦਿੱਤੀ ਗਈ ਸੀ, ਨੂੰ ਮੁੜ-ਨਾਮਜ਼ਦ ਕਰਨ ਬਦਲੇ 20 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਫਰਾਰ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਅੱਜ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 7 ਨਵੰਬਰ, 2019 ਨੂੰ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਸਥਿਤ ਡੇਰਾ ਬਾਬਾ ਹਰਕਾ ਦਾਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀ ਮਾਰ ਕੇ ਮਹੰਤ ਦਿਆਲ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ

ਇਸ ਤੋਂ ਬਾਅਦ ਸੰਤ ਬਾਬਾ ਹਰੀਦਾਸ ਜੀ ਦੇ ਚੇਲੇ ਸੰਤ ਗਗਨ ਦਾਸ ਦੀ ਸ਼ਿਕਾਇਤ 'ਤੇ ਦੋ ਅਣਪਛਾਤੇ ਵਿਅਕਤੀਆਂ ਅਤੇ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਅਤੇ ਹੋਰਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਕਤਲ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿਚ ਡੀ.ਐੱਸ.ਪੀ. ਹੈੱਡਕੁਆਰਟਰ ਮੋਗਾ ਰਵਿੰਦਰ ਸਿੰਘ ਵੱਲੋਂ ਮੁਲਜ਼ਮ ਸੰਤ ਜਰਨੈਲ ਦਾਸ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਇਸ ਕੇਸ ਦੇ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਆਈਜੀਪੀ ਫਰੀਦਕੋਟ ਰੇਂਜ ਪਰਦੀਪ ਕੁਮਾਰ ਯਾਦਵ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਆਈਜੀਪੀ ਨੇ ਐੱਸ.ਪੀ. (ਡੀ) ਫਰੀਦਕੋਟ ਗਗਨੇਸ਼ ਕੁਮਾਰ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ, ਜਿਸ ਵਿਚ ਡੀ.ਐੱਸ.ਪੀ. ਫਰੀਦਕੋਟ ਸੁਸ਼ੀਲ ਕੁਮਾਰ, ਡੀ.ਐੱਸ.ਪੀ. ਬਾਘਾਪੁਰਾਣਾ ਜਸਜੋਤ ਸਿੰਘ ਅਤੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਮੈਂਬਰ ਵਜੋਂ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਵੰਬਰ 2022 ਵਿਚ ਐੱਸ.ਪੀ. ਗਗਨੇਸ਼ ਕੁਮਾਰ, ਡੀ.ਐੱਸ.ਪੀ. ਸੁਸ਼ੀਲ ਕੁਮਾਰ ਅਤੇ ਇੰਸਪੈਕਟਰ ਖੇਮ ਚੰਦ ਨੇ ਸੰਤ ਗਗਨ ਦਾਸ ਤੋਂ ਸੰਤ ਜਰਨੈਲ ਦਾਸ ਕਪੂਰੇਵਾਲਿਆਂ ਨੂੰ ਇਸ ਕੇਸ ਵਿਚ ਮੁੜ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਅਤੇ ਉਸ (ਸੰਤ ਗਗਨ ਦਾਸ) ਦੀ ਮਦਦ ਕਰਨ ਬਦਲੇ 50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਨ‌੍ਹਾਂ ਨੇ ਸੌਦਾ 35 ਲੱਖ ਰੁਪਏ ਵਿਚ ਤੈਅ ਕਰ ਲਿਆ ਅਤੇ ਉਕਤ ਅਧਿਕਾਰੀਆਂ ਨੇ ਦੋ ਕਿਸ਼ਤਾਂ ਵਿਚ 20 ਲੱਖ ਰੁਪਏ (15 ਲੱਖ ਰੁਪਏ 9 ਨਵੰਬਰ, 2022 ਅਤੇ 5 ਲੱਖ ਰੁਪਏ 11 ਨਵੰਬਰ, 2022 ਨੂੰ) ਲਏ ਸਨ।

ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! ਪਹਿਲਾਂ ਵਿਦਿਆਰਥੀ ਨੂੰ ਹੋਸਟਲ 'ਚ ਕਰਵਾਈ ਨਗਨ ਪਰੇਡ ਤੇ ਫ਼ਿਰ...

ਇਸ ਸਬੰਧੀ ਡੀ.ਆਈ.ਜੀ. ਫਿਰੋਜ਼ਪੁਰ ਦੀ ਪੜਤਾਲ ਦੇ ਆਧਾਰ 'ਤੇ ਐੱਸ.ਪੀ. ਗਗਨੇਸ਼ ਕੁਮਾਰ, ਡੀ.ਐੱਸ.ਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ, ਸੰਤ ਮਲਕੀਤ ਦਾਸ ਬੀੜ ਸਿੱਖਾਂ ਵਾਲਾ ਅਤੇ ਠੇਕੇਦਾਰ ਜਸਵਿੰਦਰ ਸਿੰਘ ਜੱਸੀ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿਖੇ ਮਿਤੀ 02.06.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ 07, 07-ਏ, 08, 13-1 (ਬੀ) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਐੱਫ.ਆਈ.ਆਰ. ਨੰ. 64 ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀਆਂ ਪੁਲਸ ਟੀਮਾਂ ਪਹਿਲਾਂ ਹੀ ਡੀ.ਐੱਸ.ਪੀ. ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰ ਚੁੱਕੀਆਂ ਹਨ ਅਤੇ ਹੁਣ ਉਹ ਨਿਆਂਇਕ ਹਿਰਾਸਤ ਅਧੀਨ ਹੈ। ਬਾਬਾ ਮਲਕੀਅਤ ਦਾਸ ਨੇ 23-08-2023 ਨੂੰ ਵਧੀਕ ਜ਼ਿਲ੍ਹਾ ਜੱਜ, ਫਰੀਦਕੋਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਵਿਜੀਲੈਂਸ ਨੇ ਇੰਸਪੈਕਟਰ ਖੇਮ ਚੰਦ ਪਰਾਸ਼ਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਇਸ ਮਾਮਲੇ ਵਿਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News