ਮੁੱਖ ਮੰਤਰੀ ਦੀ ਵੰਗਾਰ : ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ

Thursday, Mar 09, 2023 - 06:35 PM (IST)

ਮੁੱਖ ਮੰਤਰੀ ਦੀ ਵੰਗਾਰ : ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ

ਚੰਡੀਗੜ੍ਹ (ਅਸ਼ਵਨੀ) : ਸੂਬੇ ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁੰਮਰਾਹਕੁੰਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਕਿਤੇ ਬਿਹਤਰ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਥਾਂ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਆਪਣੀਆਂ ਸਰਕਾਰਾਂ ਵਾਲੇ ਸੂਬਿਆਂ ਦੇ ਤੱਥਾਂ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਉਹ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਪੰਜਾਬ ਤੋਂ ਕਿਤੇ ਥੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖੇਗੀ ਅਤੇ ਕਿਸੇ ਨੂੰ ਵੀ ਇਸ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੀਮੋ, ਹਾਈ ਕੋਰਟ ਦੇ ਜੱਜ ਤੋਂ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦਾ ਕੀਤੀ ਬੇਨਤੀ

ਰਵਾਇਤੀ ਪਾਰਟੀਆਂ ਦੇ ਲੋਕ ਕਦੇ ਵੀ ਪੰਜਾਬ ਦੇ ਵਫ਼ਾਦਾਰ ਨਹੀਂ ਰਹੇ
ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ-ਵਿਰੋਧੀ ਸਟੈਂਡ ਬਾਰੇ ਚੇਤੇ ਕਰਵਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਗੱਦਾਰ ਹਨ, ਜਿਹੜੇ ਕਦੇ ਵੀ ਪੰਜਾਬ ਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਜਿਨ੍ਹਾਂ ਲੋਕਾਂ ਨੇ ਐੱਸ. ਵਾਈ. ਐੱਲ. ਸਮਝੌਤੇ ’ਤੇ ਦਸਤਖ਼ਤ ਕੀਤੇ ਸਨ, ਉਨ੍ਹਾਂ ਦੇ ਹਰਿਆਣਾ ਵਿਚ ਵੱਡੇ ਰਿਜ਼ੋਰਟ ਹਨ, ਜਦੋਂਕਿ ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੇ ਅੱਜ ਖ਼ੁਦ ਨੂੰ ‘ਪਾਣੀਆਂ ਦੇ ਰਾਖੇ’ ਅਖਵਾਉਂਦੇ ਹਨ। ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਿਰ ਸੂਬੇ ਦੇ ਹਿੱਤਾਂ ਨੂੰ ਅਣਗੌਲਿਆ ਕੀਤਾ ਹੈ। ਇਸੇ ਕਾਰਣ ਹੀ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਕੁਝ ਵੀ ਕਰ ਸਕਦੇ ਹਨ ਅਤੇ ਕੋਈ ਵੀ ਅੜਿੱਕਾ ਉਨ੍ਹਾਂ ਨੂੰ ਇਸ ਨੇਕ ਕਾਰਜ ਨੂੰ ਨੇਪਰੇ ਚੜ੍ਹਾਉਣ ਤੋਂ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਰਾਵਿਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਨਿਰਭੈ ਹੋ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਦੇ ਦੌਰ ਵਿਚ ਅੰਗਰੇਜ਼ਾਂ ਨਾਲ ਮਿਲੀਭੁਗਤ ਕਰ ਕੇ ਸੂਬੇ ਦੇ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਮਾਰਿਆ ਅਤੇ ਫਿਰ ਆਜ਼ਾਦੀ ਤੋਂ ਬਾਅਦ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ੇ ਦੀਆਂ ਗੋਲੀਆਂ ਨਾਲ ਬਰਬਾਦ ਕੀਤਾ, ਉਹ ਹੁਣ ਉਨ੍ਹਾਂ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਹੱਕ ਨਹੀਂ ਕਿਉਂਕਿ ਇਹ ਪੰਜਾਬ ਦੇ ਦੋਖੀ ਹਨ। ਪੰਜਾਬ ਦੇ ਲੋਕ ਇਨ੍ਹਾਂ ਗੱਦਾਰਾਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜਿਆਂ ਲਈ ਕਦੇ ਮੁਆਫ਼ ਨਹੀਂ ਕਰਨਗੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੋਂ ਲੈ ਕੇ ਖਾਲਿਸਤਾਨ ਵਰਗੇ ਮੁੱਦਿਆਂ ’ਤੇ ਖੁੱਲ੍ਹ ਕੇ ਬੋਲੇ ਮਨਿੰਦਰਜੀਤ ਸਿੰਘ ਬਿੱਟਾ

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਇਹ ਲੋਕ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਰਹੇ ਕਿਉਂਕਿ ਇਨ੍ਹਾਂ ਨੇ ਆਪਣੇ ਹਿੱਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਖੇਤੀ ਕਾਨੂੰਨ ਬਣਾਏ ਸਨ ਤਾਂ ਇਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਲਈ ਆਪਣੀ ਸਹਿਮਤੀ ਦਿੱਤੀ ਸੀ ਅਤੇ ਇਸ ਦੀ ਕੇਂਦਰੀ ਮੰਤਰੀ ਇਕ ਮੈਂਬਰ ਨੇ ਵੀਡੀਓ ਸੰਦੇਸ਼ ਰਾਹੀਂ ਇਨ੍ਹਾਂ ਕਾਨੂੰਨਾਂ ਦੀ ਤਾਰੀਫ਼ ਵੀ ਕੀਤੀ ਸੀ। ਜਦੋਂ ਪੂਰਾ ਪੰਜਾਬ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਹੋ ਗਿਆ ਤਾਂ ਇਸ ਪਰਿਵਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਪਣਾ ਪੈਂਤੜਾ ਬਦਲ ਲਿਆ।

ਇਹ ਵੀ ਪੜ੍ਹੋ : ਮਾਮਲਾ ਨਵੇਂ ਸਿਰੇ ਤੋਂ ਵਾਰਡਬੰਦੀ ਕਰਨ ਦਾ : ਨਗਰ ਨਿਗਮ ਚੋਣਾਂ : ਮਹਾਨਗਰ ’ਚ ਵਧ ਸਕਦੀ ਹੈ ਵਾਰਡਾਂ ਦੀ ਗਿਣਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News