ਟਰਾਂਸਪੋਰਟ ਮੰਤਰੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਉਣ ਦੀ ਹਦਾਇਤ

Saturday, Jan 28, 2023 - 09:05 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਨੂੰ ਸਮੂਹ ਆਰ.ਟੀ.ਏ. ਸਕੱਤਰਾਂ ਤੇ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰ ਸ਼ਖਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫ਼ਿਕ ਚੈਕਿੰਗ ਮੁਹਿੰਮ ਆਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ, ਜਿਸ ਦੇ ਸਨਮੁਖ ਸਖ਼ਤ ਟ੍ਰੈਫ਼ਿਕ ਚੈਕਿੰਗ ਮੁਹਿੰਮ ਦੀ ਲੋੜ ਹੈ।

ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਖਿਡਾਰੀਆਂ ਦੀ ਮੈੱਸ ਦੀ ਅਚਨਚੇਤੀ ਚੈਕਿੰਗ, ਮਾੜੇ ਖਾਣੇ ਦਾ ਗੰਭੀਰ ਨੋਟਿਸ ਲੈਂਦਿਆਂ ਕਹੀ ਇਹ ਗੱਲ

ਸਕੂਲਾਂ ਦੇ ਨਵੇਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਸਕੀਮ ਨੂੰ ਆਪਣੇ ਸਕੂਲ 'ਚ ਪੂਰੀ ਤਰ੍ਹਾਂ ਲਾਗੂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸਿੰਧੀ ਸਿੱਖਾਂ ਦੇ ਮਾਮਲੇ ਸਬੰਧੀ ਭਲਕੇ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ : ਐਡਵੋਕੇਟ ਧਾਮੀ

ਇਸੇ ਦੌਰਾਨ ਕੈਬਨਿਟ ਮੰਤਰੀ ਨੇ ਆਰ.ਟੀ.ਏ. ਸਕੱਤਰਾਂ ਤੇ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਰੋਡ ਸੇਫ਼ਟੀ ’ਤੇ ਆਧਾਰਿਤ ਕਮੇਟੀ ਵੱਲੋਂ ਸਮੇਂ-ਸਮੇਂ ਦੌਰਾਨ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏਜ਼ ਤੋਂ ਇਲਾਵਾ ਐੱਸ.ਡੀ.ਐੱਮ. ਵੱਲੋਂ ਟ੍ਰੈਫ਼ਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਕਿਉਂ ਜੋ ਇਹ ਇਕ ਗੰਭੀਰ ਮੁੱਦਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News