ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ

Saturday, Aug 22, 2026 - 06:21 PM (IST)

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਣਾਉਣ, ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ 29 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਸਮੂਹ ਅਰਦਾਸ ਕਰਨ,  ਭਾਈ ਜਸਵੰਤ ਸਿੰਘ ਖਾਲੜਾ ਦੀ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਸਮੇਤ ਕਈ ਅਹਿਮ ਫੈਸਲੇ ਕੀਤੇ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ ਭਵਿੱਖਬਾਣੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਣ ਵਾਲੀਆਂ ਸ਼ਖ਼ਸੀਅਤਾਂ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਯਾਦਗਾਰੀ ਅਸਥਾਨ ਬਣਾਉਣ ਦਾ ਸਿਧਾਂਤਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਅਤੇ ਸ਼ਹੀਦੀ ਭਾਈ ਮਨੀ ਸਿੰਘ ਜੀ ਦਾ ਸਿੱਖ ਇਤਿਹਾਸ ਅੰਦਰ ਵੱਡਾ ਅਸਥਾਨ ਹੈ ਅਤੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਤਿਆਰ ਕੀਤੇ ਜਾਣਗੇ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਝੋਨੇ-ਗੰਨੇ ਦੀ ਫਸਲ ਡੁੱਬੀ

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਸਮੂਹਕ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ। 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 29 ਅਗਸਤ ਨੂੰ ਭੋਗ ਪਾਏ ਜਾਣਗੇ ਅਤੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸਮੂਹਿਕ ਤੌਰ ’ਤੇ ਅਰਦਾਸ ਕੀਤੀ ਜਾਵੇਗੀ।  ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਵੀ ਮੰਗ ਕੀਤੀ ਗਈ ਹੈ। ਭਾਈ ਹਵਾਰਾ ਦੀ ਬਜ਼ੁਰਗ ਮਾਤਾ ਗੰਭੀਰ ਬਿਮਾਰ ਹਨ। ਉਨ੍ਹਾਂ ਵੱਲੋਂ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਮੰਗੀ ਪੈਰੋਲ ’ਤੇ ਸਰਕਾਰ ਦਾ ਰੁਖ਼ ਬੇਹੱਦ ਨਿਰਾਸ਼ਾ ਵਾਲਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਵੱਲੋਂ ਨਾ-ਇਨਸਾਫ਼ੀ ਹੋ ਰਹੀ ਹੈ। ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਸਰਕਾਰ ਵੱਲੋਂ ਕਿਸੇ ਪਾਸੇ ਨਹੀਂ ਲਗਾਇਆ ਜਾ ਰਿਹਾ। ਰਾਜੋਆਣਾ ਦੇ ਮਾਮਲੇ ਪ੍ਰਤੀ ਸਰਕਾਰ ਅਤੇ ਅਦਾਲਤਾਂ ਦੀ ਪਹੁੰਚ ਹਮੇਸ਼ਾ ਨਿਰਾਸ਼ਾਜਨਕ ਹੀ ਰਹੀ ਹੈ, ਜੋ ਵੱਡੀ ਚਿੰਤਾ ਵਾਲੀ ਗੱਲ ਹੈ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲੜਾ ਸਬੰਧੀ ਹਰੀਕੇ ਪੱਤਣ ਵਿਖੇ ਕਰਵਾਏ ਗਏ ਸਮਾਗਮ ਸਮੇਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਖਾਲੜਾ ਸਬੰਧੀ ਯਾਦਗਾਰ ਉਸਾਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਗ੍ਹਾ ਦੀ ਚੋਣ ਕਰਕੇ ਜਲਦ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸ ਪਾਰਟੀ ਦੇ ਲੀਡਰਾਂ ਵੱਲੋਂ ਉਸ ਦੀ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਵੀ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਰਦੋਸ਼ ਸਿੱਖਾਂ ਦੇ ਕਾਤਲ ਵਿਅਕਤੀਆਂ ਨੂੰ ਕਾਂਗਰਸ ਪਾਰਟੀ ਵੱਲੋਂ ਉੱਚ ਸਿਆਸੀ ਅਹੁਦੇ ਦੇ ਕੇ ਨਿਵਾਜਣਾ ਅਤੇ ਹੁਣ ਕੀਤੀ ਜਾ ਰਹੀ ਪ੍ਰਸ਼ੰਸਾ ਕਾਂਗਰਸ ਦੀ ਸਿੱਖਾਂ ਪ੍ਰਤੀ ਸੋਚ ਦਾ ਪ੍ਰਗਟਾਵਾ ਹੈ। ਚਾਹੀਦਾ ਤਾਂ ਇਹ ਸੀ ਕਿ ਸਮੇਂ ਸਿਰ ਸੱਜਣ ਕੁਮਾਰ ਸਮੇਤ ਸਿੱਖ ਕਤਲੇਆਮ ਦੇ ਹਰ ਦੋਸ਼ੀ ਨੂੰ ਫਾਂਸੀ ਵਰਗੀਆਂ ਸਖ਼ਤ ਸਜ਼ਾਵਾਂ ਮਿਲਦੀਆਂ, ਤਾਂ ਜੋ ਪੀੜਤਾਂ ਨੂੰ ਧਰਵਾਸ ਮਿਲਦਾ।

ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਸਿੱਖ ਸ਼ਰਧਾ ਭਾਵਨਾ ਨਾਲ ਗੁਰੂ ਘਰ ਨਤਮਸਤਕ ਹੋਣ ਪੁੱਜਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਹਮਲਾ ਕਰਨਾ ਗੁਰੂ ਘਰ ਦੀ ਮਰਯਾਦਾ ਦੀ ਵੀ ਉਲੰਘਣਾ ਹੈ। ਅਜਿਹੀ ਕਿਸੇ ਵੀ ਘਟਨਾ ਦੀ ਕਰੜੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਅੰਤਿ੍ਰੰਗ ਕਮੇਟੀ ਨੇ ਕੈਨੇਡਾ ਦੇ ਐਡਮਨਟਨ ਵਿਖੈ ਗੁਰਦੁਆਰਾ ਨਾਨਕਸਰ ਸਾਹਿਬ ’ਚ ਇਕ ਵਿਅਕਤੀ ਵੱਲੋਂ ਸੇਵਾਦਾਰਾਂ ’ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੀ ਘਟਨਾ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਗੁਰਦੁਆਰਾ ਸਾਹਿਬਾਨ ਵਿਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਲਈ ਵੀ ਆਖਿਆ।

ਅੰਤ੍ਰਿੰਗ ਕਮੇਟੀ ਨੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ, ਟਰੱਸਟ, ਵਿਦਿਆ ਅਤੇ ਹੋਰ ਦਫ਼ਤਰੀ ਕਾਰਜਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਸ ਮੌਕੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਭੁਪਿੰਦਰ ਸਿੰਘ ਅਨੰਦ ਤੇ ਅਮਰੀਕਾ ਨਿਵਾਸੀ  ਗੁਰਇਕਪ੍ਰੀਤ ਸਿੰਘ (ਗੰਡਾ ਸਿੰਘ ਵਾਲਾ) ਸਬੰਧੀ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀ ਰੂਹਾਂ ਨਮਿਤ ਅਰਦਾਸ ਕੀਤੀ ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

Shivani Bassan

Content Editor

Related News