ਪੰਜਾਬ ਸਰਕਾਰ ਲਾਏਗੀ ਕੌਮਾਂਤਰੀ ਰੋਜ਼ਗਾਰ ਮੇਲਾ : ਚੰਨੀ
Thursday, Jun 28, 2018 - 06:17 AM (IST)
ਚੰਡੀਗੜ੍ਹ (ਸ਼ਰਮਾ) - ਪੰਜਾਬ ਸਰਕਾਰ ਵਲੋਂ ਦੇਸ਼ ਦਾ ਪਹਿਲਾ ਕੌਮਾਂਤਰੀ ਰੋਜ਼ਗਾਰ ਮੇਲਾ ਲਾਇਆ ਜਾਵੇਗਾ, ਜਿਸ ਦਾ ਉਦਘਾਟਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਅੱਜ ਇਥੇ ਆਪਣੇ ਸਰਕਾਰੀ ਨਿਵਾਸ 'ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਜੁਲਾਈ ਨੂੰ ਇਹ ਮੇਲਾ ਲਾਇਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਮੇਲੇ ਦੌਰਾਨ 5 ਹਜ਼ਾਰ ਨੌਜਵਾਨਾਂ ਨੂੰ ਵੱਖ-ਵੱਖ ਦੇਸ਼ਾਂ ਵਿਚ ਵੱਖ-ਵੱਖ ਕੰਪਨੀਆਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੇਲੇ ਨੂੰ ਸਫਲ ਬਣਾਉਣ ਲਈ ਅਧਿਕਾਰੀਆਂ ਦੀ 3 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਨੌਕਰੀਆਂ ਦੇ ਚਾਹਵਨਾਂ ਦਾ ਡਾਟਾ ਇਕੱਠਾ ਕਰਨ ਅਤੇ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਨਗੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਮੇਲੇ ਦੌਰਾਨ ਅੰਤਰਰਾਸ਼ਟਰੀ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਸੰਸਥਾਵਾਂ ਨਾਲ ਦੁਵੱਲੇ ਸਾਂਝੇ ਕੋਰਸ ਚਲਾਉਣ ਲਈ ਸਮਝੌਤੇ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਕੋਰਸ ਕਰਨ ਉਪਰੰਤ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਨੌਕਰੀ ਮਿਲੇ।
