ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ
Friday, Aug 09, 2019 - 11:49 AM (IST)
ਸ੍ਰੀ ਆਨੰਦਪੁਰ ਸਾਹਿਬ (ਲਤਾਵਾ) - ਸ੍ਰੀ ਨਨਕਾਣਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਹਿਮਾਚਲ ਅਤੇ ਨੰਗਲ ਤੋਂ ਹੁੰਦਾ ਹੋਇਆ ਬੀਤੇ ਦਿਨ ਸ੍ਰੀ ਆਨੰਦਪੁਰ ਸਾਹਿਬ ਅਤੇ ਫਿਰ ਊਨਾ ਪੁੱਜਾ। ਇਸ ਮੌਕੇ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਵੱਖ-ਵੱਖ ਇਲਾਕਿਆਂ ਤੋਂ ਆਏ ਹੋਏ ਹਜ਼ਾਰਾਂ ਸ਼ਰਧਾਲੂ ਆਪੋ-ਆਪਣੇ ਹੱਥਾਂ 'ਚ ਫੁੱਲ ਲੈ ਕੇ ਖੜ੍ਹੇ ਹੋਏ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਜੀ ਦੇ ਆਉਣ 'ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਨਗਰ ਕੀਰਤਨ ਪਹੁੰਚਣ 'ਤੇ ਐੱਸ.ਜੀ.ਪੀ.ਸੀ. ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬਾਨਾਂ ਵਲੋਂ ਇਸ ਮੌਕੇ ਆਏ ਹੋਏ ਸ਼ਰਧਾਲੂਆਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਗਿਆ।
ਊਨਾ ਤੋਂ ਹੁੰਦਾ ਹੋਇਆ ਨਗਰ ਕੀਰਤਨ ਦੇਰ ਰਾਤ ਅਜੋਲੀ ਮੋੜ ਨੰਗਲ ਪੰਜਾਬ ਤੋਂ ਮਗਰੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਗਿਆ, ਜਿੱਥੇ ਐੱਸ.ਜੀ.ਪੀ.ਸੀ. ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਪੰਜ ਪਿਆਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਸਰੂਪ ਨੂੰ ਵਸਤਰ ਭੇਟ ਕੀਤੇ। ਇਸ ਤੋਂ ਬਾਅਦ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਅਤੇ ਸੰਗਤਾਂ ਵਲੋਂ ਲਾਏ ਜਾਂਦੇ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ।