ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਰਵਾਨਾ ਹੋਇਆ ਇਤਿਹਾਸਕ ਨਗਰ ਕੀਰਤਨ

Thursday, Sep 19, 2019 - 04:39 PM (IST)

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਰਵਾਨਾ ਹੋਇਆ ਇਤਿਹਾਸਕ ਨਗਰ ਕੀਰਤਨ

ਅੰਮ੍ਰਿਤਸਰ (ਦੀਪਕ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਾ ਹੈ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰਦਾ ਹੋਇਆ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 5 ਨਵੰਬਰ ਨੂੰ ਸੰਪੂਰਨ ਹੋਵੇਗਾ। ਇਸੇ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।

PunjabKesari

ਸਵਾਗਤ ਕਰਨ ਵਾਲਿਆਂ 'ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ ਆਦਿ ਮੈਂਬਰ ਅਤੇ ਸੰਗਤਾਂ ਮੌਜੂਦ ਸਨ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਨਗਰ ਕੀਰਤਨ 'ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਥਾਂ ਦੀ ਤਰ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸੰਗਤਾਂ ਦਾ ਇਕੱਠਾ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਸੂਬੇ ਅੰਦਰ ਸੰਗਤਾਂ ਵੱਲੋਂ ਦੂਰ-ਦੁਰਾਡੇ ਤੋਂ ਪੁੱਜ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।

PunjabKesari

ਇਸੇ ਦੌਰਾਨ ਅੱਜ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਔਰੰਗਾਬਾਦ ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਥੇ ਰਵਾਨਗੀ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ। ਪ੍ਰਮੁੱਖ ਸ਼ਖ਼ਸੀਅਤਾਂ 'ਚ ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਮੈਂਬਰ ਪਾਰਲੀਮੈਂਟ ਸ੍ਰੀ ਪ੍ਰਤਾਪ ਰਾਉ ਪਾਟਿਲ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਿਨਹਾਸ ਆਦਿ ਮੌਜੂਦ ਸਨ।


author

rajwinder kaur

Content Editor

Related News