ਅੰਤਰਰਾਸ਼ਟਰੀ ਨਗਰ ਕੀਰਤਨ ਤਰਨਤਾਰਨ ਤੋਂ ਬਾਬਾ ਬਕਾਲਾ ਲਈ ਰਵਾਨਾ

11/02/2019 6:32:55 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਖਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਨਿਭਾਈ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਹਰਮੀਤ ਸਿੰਘ ਸੰਧੂ, ਸੁਖਵਰਸ਼ ਸਿੰਘ ਪੰਨੂ, ਇਕਬਾਲ ਸਿੰਘ ਸੰਧੂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਉਬੋਕੇ ਮੈਨੇਜਰ, ਕੁਲਦੀਪ ਸਿੰਘ, ਅਰਜਨ ਸਿੰਘ, ਸਤਨਾਮ ਸਿੰਘ ਆਦਿ ਮੌਜੂਦ ਸਨ। 

ਇਸ ਦੌਰਾਨ ਸਥਾਨਕ ਪੁਲਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਸਲਾਮੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਗਤਕਾ ਪਾਰਟੀਆਂ, ਸਕੂਲੀ ਬੈਂਡ ਵੀ ਖਿੱਚ ਦਾ ਕੇਂਦਰ ਰਹੇ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਦੌਰਾਨ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਰਧਾ ਪ੍ਰਗਟਾਈ। ਸੰਗਤ ਵੱਲੋਂ ਲੰਗਰਾਂ ਅਤੇ ਚਾਹ ਪਾਣੀ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਸਨ। ਇਸ ਦੌਰਾਨ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਪ੍ਰਚਾਰਕ ਸਿੰਘਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਵੀ ਸੰਗਤ ਨੂੰ ਜਾਣੂ ਕਰਵਾਇਆ। ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਹ ਅੰਤਰਰਾਸ਼ਟਰੀ ਨਗਰ ਕੀਰਤਨ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ।

Gurminder Singh

This news is Content Editor Gurminder Singh