ਕੌਮਾਂਤਰੀ ਨਗਰ ਕੀਰਤਨ ਦਾ ਮੁੰਬਈ 'ਚ ਸਵਾਗਤ, ਹੈਲੀਕਾਪਟਰ ਤੋਂ ਹੋਈ ਫੁੱਲਾਂ ਦੀ ਵਰਖਾ

09/23/2019 4:35:10 PM

ਅੰਮ੍ਰਿਤਸਰ (ਦੀਪਕ ਸ਼ਰਮਾ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ। ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਇਸੇ ਦੌਰਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਦਾਦਰ ਤੋਂ ਬੋਰੇਵਾਲੀ ਮੁੰਬਈ ਲਈ ਰਵਾਨਾ ਹੋਇਆ, ਜਿੱਥੇ ਹੈਲੀਕਾਪਟਰ ਤੋਂ ਫੁੱਲਾਂ ਦੀ ਵਰਖਾ ਕੀਤੀ ਗਈ। ਰਵਾਨਗੀ ਸਮੇਂ ਦੀ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ। 

PunjabKesari

ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਸ. ਗੁਰਿੰਦਰ ਸਿੰਘ ਬਾਵਾ ਸਮੇਤ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮਾਂ 'ਚ ਪਹੁੰਚਣ ਦਾ ਸੱਦਾ ਵੀ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੇ ਇਸ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਅੰਦਰ ਭਾਰੀ ਉਤਸ਼ਾਹ ਦਿਖਿਆ। ਰਵਾਨਗੀ ਸਮੇਂ ਸਥਾਨਕ ਸੰਗਤਾਂ ਸ਼ਬਦ ਕੀਰਤਨ ਕਰਦੀਆਂ ਹੋਈਆਂ ਨਗਰ ਕੀਰਤਨ 'ਚ ਸ਼ਾਮਲ ਹੋਈਆਂ।

PunjabKesari

ਸੰਗਤਾਂ ਵੱਲੋਂ ਸ਼ਰਧਾ ਪ੍ਰਗਟਾਉਂਦਿਆਂ ਰਸਤਿਆਂ 'ਚ ਸੁੰਦਰ ਸਜਾਵਟੀ ਗੇਟ ਅਤੇ ਸੁੰਦਰ ਲੜੀਆਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸਥਾਨਕ ਪੁਲਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸ਼ਰਧਾ ਪ੍ਰਗਟਾਉਂਦਿਆਂ ਸਲਾਮੀ ਵੀ ਦਿੱਤੀ ਗਈ। ਖਾਲਸਾ ਕਾਲਜ ਮੁੰਬਈ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੀ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦਾਦਰ ਵਿਖੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਬੈਂਡ ਪਾਰਟੀਆਂ ਨੇ ਨਗਰ ਕੀਰਤਨ 'ਚ ਸ਼ਾਮਲ ਹੁੰਦਿਆਂ ਇਸ ਸਮੇਂ ਨੂੰ ਯਾਦਗਾਰੀ ਬਣਾਇਆ। ਰਵਾਨਗੀ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਸ. ਭੁਪਿੰਦਰ ਸਿੰਘ ਮਿਨਹਾਸ, ਡਾ. ਪੀ.ਐਸ ਪਸਰੀਚਾ, ਸ. ਜਸਬੀਰ ਸਿੰਘ ਧਾਮ, ਗੁਰਦੁਆਰਾ ਸਿੰਘ ਸਭਾ ਦਾਦਰ ਦੇ ਪ੍ਰਧਾਨ ਸ. ਰਘਬੀਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ।


Anuradha

Content Editor

Related News