ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

Saturday, Oct 26, 2019 - 03:37 PM (IST)

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਕਟਾਣਾ ਸਾਹਿਬ ਤੋਂ ਅੱਗੇ ਰਵਾਨਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ। ਅੰਤਰਰਾਸ਼ਟਰੀ ਨਗਰ ਕੀਰਤਨ ਲੁਧਿਆਣਾ 'ਚ ਪੈਂਦੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।

ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਨਿਭਾਈ। ਇਸ ਮੌਕੇ ਸੰਗਤਾਂ ਨੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂੰ ਕਰਵਾਇਆ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਦਵਿੰਦਰ ਸਿੰਘ ਖੱਟੜਾ ਅਤੇ ਭਾਈ ਚਰਨ ਸਿੰਘ ਆਲਮਗੀਰ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦੇ ਕੇ ਨਿਵਾਜਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਨਗਰ ਕੀਰਤਨ ਦੌਰਾਨ ਹਿੱਸਾ ਲਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਬੇਅੰਤ ਸਿੰਘ, ਸ. ਜੋਗਾ ਸਿੰਘ, ਸ. ਮਨਜੀਤ ਸਿੰਘ ਕਾਦੀਆਂ ਆਦਿ ਮੌਜੂਦ ਸਨ। ਇਸੇ ਦੌਰਾਨ ਨਗਰ ਕੀਰਤਨ ਦੇ ਸਵਾਗਤ ਲਈ ਸੀਨੀਅਰ ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਵੀ ਸ਼ਮੂਲੀਅਤ ਕੀਤੀ।
 


author

Babita

Content Editor

Related News